ਨਵੀਂ ਦਿੱਲੀ: ਦਿੱਲੀ ਦੀ ਇੱਕ ਅਦਾਲਤ ਨੇ ਲਾਲ ਕਿਲ੍ਹਾ ਹਿੰਸਾ ਮਾਮਲੇ ਵਿੱਚ ਗੈਂਗਸਟਰ ਤੋਂ ਸਮਾਜਿਕ ਕਾਰਕੁਨ ਬਣੇ ਲੱਖਾ ਸਿਧਾਣਾ ਨੂੰ ਗ੍ਰਿਫ਼ਤਾਰੀ ਤੋਂ ਅੰਤਰਿਮ ਰਾਹਤ ਦੇ ਦਿੱਤੀ ਹੈ, ਜਦੋਂਕਿ ਇਸੇ ਮਾਮਲੇ ਵਿੱਚ ਇੱਕ ਹੋਰ ਅਦਾਲਤ ਨੇ ਅਦਾਕਾਰ ਤੇ ਕਾਰਕੁਨ ਦੀਪ ਸਿੱਧੂ ਨੂੰ ਮੁੜ ਸੰਮਨ ਜਾਰੀ ਕੀਤੇ ਹਨ। ਰੋਹਿਣੀ ਦੀ ਜ਼ਿਲ੍ਹਾ ਅਦਾਲਤ ਦੇ ਵਧੀਕ ਸੈਸ਼ਨ ਜੱਜ ਸ਼ਿਵਾਜੀ ਆਨੰਦ ਨੇ ਲੱਖਾ ਸਿਧਾਣਾ ਨੂੰ 19 ਜੁਲਾਈ ਤੱਕ ਗ੍ਰਿਫ਼ਤਾਰ ਨਾ ਕਰਨ ਅਤੇ ਉਸ ਨੂੰ ਜਾਂਚ ਵਿੱਚ ਸ਼ਾਮਲ ਹੋਣ ਦੇ ਹੁਕਮ ਦਿੱਤੇ ਹਨ। ਉਸ ਦੇ ਮਾਮਲੇ ਦੀ ਪੈਰਵੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਕੀਲਾਂ ਦੇ ਪੈਨਲ ਵੱਲੋਂ ਕੀਤੀ ਜਾ ਰਹੀ ਹੈ। ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਵੀਡੀਓ ਸੁਨੇਹੇ ਰਾਹੀਂ ਇਹ ਜਾਣਕਾਰੀ ਦਿੱਤੀ। ਬੀਤੇ ਦਿਨ ਵੀ ਇੱਕ ਹੋਰ ਮਾਮਲੇ ਵਿੱਚ ਅਦਾਲਤ ਨੇ ਲੱਖੇ ਨੂੰ 3 ਜੁਲਾਈ ਤੱਕ ਗ੍ਰਿਫ਼ਤਾਰੀ ਤੋਂ ਅੰਤਰਿਮ ਰਾਹਤ ਦਿੱਤੀ ਸੀ। ਇਸੇ ਦੌਰਾਨ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਵੱਲੋਂ ਲਾਲ ਕਿਲ੍ਹਾ ਹਿੰਸਾ ਮਾਮਲੇ ਵਿੱਚ ਦੀਪ ਸਿੱਧੂ ਤੇ ਹੋਰ ਮੁਲਜ਼ਮਾਂ ਨੂੰ ਨਵੇਂ ਸਿਰੇ ਤੋਂ ਸੰਮਨ ਜਾਰੀ ਕੀਤੇ ਗੲੇ ਹਨ। ਚੀਫ਼ ਮੈਟਰੋਪੋਲਿਟਨ ਮਜਿਸਟਰੇਟ ਗਜੇਂਦਰ ਸਿੰਘ ਨਾਗਰ ਵੱਲੋਂ ਜਾਰੀ ਇਨ੍ਹਾਂ ਸੰਮਨਾਂ ਵਿੱਚ ਕਿਹਾ ਗਿਆ ਹੈ ਕਿ ਦੀਪ ਸਿੱਧੂ ਤੇ ਹੋਰ ਮੁਲਜ਼ਮ 12 ਜੁਲਾਈ ਨੂੰ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿੱਚ ਪੇਸ਼ ਹੋਣ। ਅਦਾਲਤ ਨੂੰ ਦੱਸਿਆ ਗਿਆ ਕਿ ਪਹਿਲਾਂ ਭੇਜੇ ਸੰਮਨ ਮੁਲਜ਼ਮਾਂ ਤੱਕ ਨਹੀਂ ਪਹੁੰਚੇ, ਜਿਸ ਮਗਰੋਂ ਅੱਜ ਨਵੇਂ ਸੰਮਨ ਜਾਰੀ ਕੀਤੇ ਗਏ।