ਚੰਡੀਗੜ੍ਹ : ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਸੂਬੇ ਦੇ ਉਦਯੋਗਾਂ ਨੂੰ ਆਪੋ ਆਪਣੇ ਕਾਰੋਬਾਰ ਬੰਦ ਰੱਖਣ ਦੇ ਦਿੱਤੇ ਤਾਨਾਸ਼ਾਹੀ ਹੁਕਮਾਂ ਦੀ ਅਲੋਚਨਾ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਤੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੀਐੱਸਪੀਸੀਐੱਲ (PSPCL) ਦੀ ਗਲਤੀ ਕਾਰਨ ਬਿਜਲੀ ਦੀ ਹੋਈ ਘਾਟ ਦਾ ਹਰਜ਼ਾਨਾ ਪੰਜਾਬ ਦੇ ਵਪਾਰੀ ਤੇ ਕਿਸਾਨ ਭਰ ਰਹੇ ਹਨ ਕਿਉਂਕਿ ਬਿਜਲੀ ਨਾ ਆਉਣ ਕਾਰਨ ਜਿੱਥੇ ਉਦਯੋਗਾਂ ਨੂੰ 6 ਹਜ਼ਾਰ ਕਰੋੜ ਦਾ ਨੁਕਸਾਨ ਹੋਇਆ ਹੈ ਉਥੇ ਹੀ ਕਿਸਾਨਾਂ ਨੂੰ ਝੋਨੇ ਲਈ ਮਹਿੰਗੇ ਕੀਮਤਾਂ ਦਾ ਡੀਜ਼ਲ ਫੂਕਣਾ ਪੈ ਰਿਹਾ ਹੈ।
ਵਿਧਾਇਕ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਸਰਕਾਰ ਹਰ ਰੋਜ਼ ਉਦਯੋਗਾਂ ਨੂੰ ਉਤਪਾਦਨ ਬੰਦ ਰੱਖਣ ਦੇ ਫੁਰਮਾਨ ਜਾਰੀ ਕਰ ਰਹੀ ਹੈ, ਜਿਸ ਕਾਰਨ ਹੁਣ ਤਕ ਉਦਯੋਗਾਂ ਨੂੰ ਕਰੋੜਾਂ ਰੁਪਇਆਂ ਦਾ ਨੁਕਸਾਨ ਉਠਾਉਣਾ ਪੈ ਰਿਹਾ ਹੈ। ਸਰਕਾਰ ਉਦਯੋਗਾਂ ਨਾਲ ਧੱਕੇਸ਼ਾਹੀ ਵਾਲਾ ਵਰਤਾਓ ਕਰ ਰਹੀ ਹੈ, ਜਿਸ ਨੂੰ ਆਮ ਆਦਮੀ ਪਾਰਟੀ ਬਰਦਾਸ਼ਤ ਨਹੀਂ ਕਰੇਗੀ। ਉਨਾਂ ਕਿਹਾ ਕਿ ਜੇ ਕਾਂਗਰਸ ਸਰਕਾਰ ਨੇ ਉਦਯੋਗਾਂ ਲਈ ਜਲਦੀ ਹੀ ਬਿਜਲੀ ਸਪਲਾਈ ਦਾ ਪ੍ਰਬੰਧ ਨਾ ਕੀਤਾ ਤਾਂ ਆਮ ਆਦਮੀ ਪਾਰਟੀ ਉਦਯੋਗਪਤੀਆਂ ਤੇ ਵਾਪਾਰੀਆਂ ਦੇ ਹੱਕਾਂ ‘ਚ ਸੜਕਾਂ ‘ਤੇ ਉਤਰੇਗੀ। ਬਿਜਲੀ ਦੀ ਘਾਟ ਲਈ ਅਕਾਲੀ ਭਾਜਪਾ ਸਰਕਾਰ ਵੱਲੋਂ ਪ੍ਰਾਈਵੇਟ ਪਾਵਰ ਪਲਾਂਟਾਂ ਨਾਲ ਕੀਤੇ ਗਏ ਸਮਝੌਤਿਆਂ ਨੂੰ ਜ਼ਿੰਮੇਵਾਰ ਕਰਾਰ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਪਹਿਲੀ ਹੀ ਕੈਬਨਿਟ ਮੀਟਿੰਗ ਵਿੱਚ ਬਾਦਲਾਂ ਵੱਲੋਂ ਕੀਤੇ ਪੰਜਾਬ ਮਾਰੂ ਬਿਜਲੀ ਸਮਝੌਤੇ ਰੱਦ ਕੀਤੇ ਜਾਣਗੇ। ਉਨਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਕੋਰੋਨਾ ਮਹਾਮਾਰੀ ਦੀ ਮਾਰ ਝੱਲ ਰਹੇ ਸੂਬੇ ਦੇ ਉਦਯੋਗਾਂ ਨੂੰ ਬਿਜਲੀ ਦੀ ਨਿਰੰਤਰ ਸਪਲਾਈ ਦਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਸੂਬੇ ਦੀ ਆਰਥਿਕਤਾ ਨੂੰ ਹੁਲਾਰੇ ਮਿਲੇ।