ਹਿਮਾਚਲ ਭਾਜਪਾ ਦੇ ਉਪ ਪ੍ਰਧਾਨ ਤੋਂ ਬਾਅਦ ਹੁਣ ਪਾਰਟੀ ਦੇ ਇੱਕ ਹੋਰ ਆਗੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸੋਲਨ ਜ਼ਿਲ੍ਹਾ ਭਾਜਪਾ ਦੇ ਪ੍ਰਧਾਨ ਰਹੇ, ਸਿਰਮੌਰ ਜ਼ਿਲ੍ਹੇ ਦੇ ਇੰਚਾਰਜ ਤੇ ਸੂਬਾ ਵਰਕਿੰਗ ਕਮੇਟੀ ਮੈਂਬਰ ਪਵਨ ਗੁਪਤਾ (Solan BJP Pawan Gupta Resigns) ਨੇ ਪਾਰਟੀ ਤੋਂ ਹੀ ਅਸਤੀਫ਼ਾ ਦੇ ਦਿੱਤਾ ਹੈ।
ਉਨ੍ਹਾਂ ਨੇ ਪਾਰਟੀ ‘ਚ ਛੇ ਮਹੀਨਿਆਂ ਤੋਂ ਲਗਾਤਾਰ ਤੰਗ-ਪ੍ਰੇਸ਼ਾਨ ਕਰਨ ਦਾ ਦੋਸ਼ ਲਗਾਇਆ ਹੈ। ਸੋਸ਼ਲ ਮੀਡੀਆ ‘ਤੇ ਉਨ੍ਹਾਂ ਨੇ ਕੁਝ ਲਾਈਨਾਂ ਲਿਖ ਕੇ ਆਪਣਾ ਦਰਦ ਜ਼ਾਹਰ ਕੀਤਾ ਅਤੇ ਆਪਣੇ ਅਸਤੀਫੇ ਦੀ ਜਾਣਕਾਰੀ ਦਿੱਤੀ। ਉਨ੍ਹਾਂ ਆਪਣਾ ਅਸਤੀਫਾ ਪਾਰਟੀ ਦੇ ਸੂਬਾ ਪ੍ਰਧਾਨ ਸੁਰੇਸ਼ ਕਸ਼ਯਪ ਨੂੰ ਭੇਜ ਦਿੱਤਾ ਹੈ।
ਇਸ ਤੋਂ ਇਲਾਵਾ ਅਸਤੀਫੇ ਦੇ ਕਾਰਨ ਨੂੰ ਲੈ ਕੇ ਵੱਖਰਾ ਪੱਤਰ ਲਿਖਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪਵਨ ਗੁਪਤਾ ਦੀ ਪਾਰਟੀ ‘ਚ ਕਿਸੇ ਵੀ ਪੱਧਰ ‘ਤੇ ਸੁਣਵਾਈ ਨਾ ਹੋਣ ਕਾਰਨ ਉਨ੍ਹਾਂ ਨੇ ਅਸਤੀਫਾ ਦਿੱਤਾ ਹੈ। ਉਹ ਸੋਲਨ ਜ਼ਿਲ੍ਹੇ ਦੇ ਭਾਜਪਾ ਪ੍ਰਧਾਨ, ਨਗਰ ਕੌਂਸਲ ਸੋਲਨ ਦੇ ਪ੍ਰਧਾਨ ਅਤੇ ਬਾਗਟ ਬੈਂਕ ਦੇ ਚੇਅਰਮੈਨ ਵੀ ਰਹਿ ਚੁੱਕੇ ਹਨ।