ਨਵਾਂਸ਼ਹਿਰ /ਬੰਗਾ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੰਗਾ ਵਿਧਾਨ ਸਭਾ ਹਲਕੇ ਦੇ ਵਿਕਾਸ ਨੂੰ ਬੇਮਿਸਾਲ ਹੁਲਾਰਾ ਦਿੰਦਿਆਂ ਅੱਜ ਹਲਕੇ ਲਈ ਸਰਕਾਰੀ ਕਾਲਜ ਅਤੇ ਸੰਗਠਿਤ ਖੇਡ ਸਟੇਡੀਅਮ ਸਮੇਤ 132 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਅੱਜ ਇੱਥੇ ਇੱਕ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਇਸ ਇਲਾਕੇ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਇਨ੍ਹਾਂ ਗ੍ਰਾਂਟਾਂ ਦਾ ਐਲਾਨ ਕੀਤਾ। ਇਨ੍ਹਾਂ ਗ੍ਰਾਂਟਾਂ ਵਿੱਚ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ.ਬੀ.ਆਰ.ਅੰਬੇਦਕਰ ਜੀ ਦੇ ਨਾਮ ’ਤੇ ਪਿੰਡ ਸਰਹਾਲਾ ਰਾਣੂਆ ਵਿੱਚ ਸਰਕਾਰੀ ਡਿਗਰੀ ਕਾਲਜ ਦੀ ਉਸਾਰੀ ਲਈ 15 ਕਰੋੜ ਰੁਪਏ ਸ਼ਾਮਲ ਹਨ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਡਿਗਰੀ ਕਾਲਜ ਵਿਦਿਆਰਥੀਆਂ, ਵਿਸ਼ੇਸ਼ ਤੌਰ ‘ਤੇ ਕਮਜ਼ੋਰ ਅਤੇ ਪਛੜੇ ਵਰਗਾਂ ਨਾਲ ਸਬੰਧਤ, ਨੂੰ ਸਸਤੀ ਅਤੇ ਮਿਆਰੀ ਉੱਚ ਸਿੱਖਿਆ ਪ੍ਰਦਾਨ ਕਰਨ ਵਿੱਚ ਸਹਾਈ ਸਿੱਧ ਹੋਵੇਗਾ।
ਇਸੇ ਤਰ੍ਹਾਂ ਮੁੱਖ ਮੰਤਰੀ ਨੇ ਦੇਸ਼ ਦੇ ਆਜ਼ਾਦੀ ਸੰਗਰਾਮ ਦੇ ਮਹਾਨ ਸ਼ਹੀਦ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸ਼ਹੀਦ ਏ ਆਜ਼ਮ ਭਗਤ ਸਿੰਘ ਏਕੀਕ੍ਰਿਤ ਮਾਡਲ ਸਪੋਰਟਸ ਸਟੇਡੀਅਮ ਦੀ ਉਸਾਰੀ ਲਈ 12 ਕਰੋੜ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਅਤਿ ਆਧੁਨਿਕ ਸਟੇਡੀਅਮ ਨੌਜਵਾਨਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਦੂਰ ਕਰਨ ਅਤੇ ਉਨ੍ਹਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਪ੍ਰਸਾਰਿਤ ਕਰਨ ਲਈ ਪ੍ਰੇਰਕ ਵਜੋਂ ਕੰਮ ਕਰੇਗਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਮਹਾਨ ਸ਼ਹੀਦ ਨੂੰ ਇਹ ਨਿਮਰ ਸ਼ਰਧਾਂਜਲੀ ਹੋਵੇਗੀ।