ਕੋਟਕਪੁਰਾ (ਫ਼ਰੀਦਕੋਟ) : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਬਰਗਾੜੀ ਵਿੱਚ ਬੇਅਦਬੀ ਦੀਆਂ ਘਟਨਾਵਾਂ ਅਤੇ ਇਸ ਦੇ ਨਤੀਜੇ ਵਜੋਂ ਬਹਿਬਲ ਕਲਾਂ ਅਤੇ ਕੋਟਕਪੂਰਾ ਵਿੱਚ ਵਾਪਰੀਆਂ ਗੋਲੀਬਾਰੀ ਦੀਆਂ ਘਟਨਾਵਾਂ ਲਈ ਬਾਦਲਾਂ ਨੂੰ ਜ਼ਿੰਮੇਵਾਰ ਠਹਿਰਾਇਆ।
ਮੁੱਖ ਮੰਤਰੀ ਅੱਜ ਕੋਟਕਪੂਰਾ ਦੀ ਨਵੀਂ ਅਨਾਜ ਮੰਡੀ ਵਿੱਚ ਵੱਡੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ, ਜਿੱਥੇ ਉਨ੍ਹਾਂ ਨੇ ਕੋਟਕਪੂਰਾ ਅਤੇ ਜੈਤੋ ਵਿਧਾਨ ਸਭਾ ਹਲਕਿਆਂ ਦੇ ਸਰਬਪੱਖੀ ਵਿਕਾਸ ਲਈ 15-15 ਕਰੋੜ ਰੁਪਏ ਦੇਣ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਮਾਮਲਾ ਵਿਚਾਰ ਅਧੀਨ ਹੈ ਇਸ ਲਈ ਉਹ ਹੋਰ ਵੇਰਵੇ ਨਹੀਂ ਦੇ ਸਕਦੇ। ਹਾਲਾਂਕਿ, ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨਾਲ ਬਾਦਲਾਂ ਦੀ ਮਿਲੀਭੁਗਤ ਸੀ।
ਬਹਿਬਲ ਕਲਾਂ ਅਤੇ ਕੋਟਕਪੂਰਾ ਵਿੱਚ ਵਾਪਰੀਆਂ ਗੋਲੀਬਾਰੀ ਦੀਆਂ ਘਟਨਾਵਾਂ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਨ੍ਹਾਂ ਥਾਵਾਂ ’ਤੇ ਸ਼ਾਂਤਮਈ ਪ੍ਰਦਰਸ਼ਨਕਾਰੀਆਂ ’ਤੇ ਗੋਲੀਬਾਰੀ ਨਹੀਂ ਹੋਈ ਸਗੋਂ ਇਹ ਗੋਲੀਬਾਰੀ ਸਾਡੀਆਂ ਹਿੱਕਾਂ ’ਤੇ ਹੋਈ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ, “ਅਸੀਂ ਪ੍ਰਣ ਲੈਂਦੇ ਹਾਂ ਕਿ ਇਸ ਨਾ-ਮੁਆਫੀਯੋਗ ਅਪਰਾਧ ਦੇ ਅਸਲ ਦੋਸ਼ੀਆਂ ਅਤੇ ਖੇਤੀਬਾੜੀ ਬਿੱਲਾਂ ਨੂੰ ਲਾਗੂ ਕਰਨ `ਚ ਜਿਨ੍ਹਾਂ ਦਾ ਵੱਡੀ ਭੂਮਿਕਾ ਰਹੀ ਹੈ, ਨੂੰ ਬਖਸ਼ਿਆ ਨਹੀਂ ਜਾਵੇਗਾ।“