ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਆਗੂ ਡਾ. ਦਰਸ਼ਨਪਾਲ ਨੇ ਕਿਹਾ ਹੈ ਕਿ ਪੰਜਾਬ ਵਿਚ ਸਾਰੇ ਟੋਲ ਪਲਾਜ਼ੇ ਬੰਦ ਰਹਿਣਗੇ। ਜੋਗਿੰਦਰ ਸਿੰਘ ਉਗਰਾਹਾਂ ਵੱਲੋਂ ਟੋਲ ਪਲਾਜ਼ੇ ਬੰਦ ਰੱਖਣ ਦੇ ਫ਼ੈਸਲੇ ਦਾ ਸਮਰਥਨ ਕਰਦਿਆਂ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਦਾ ਟੋਲ ਬੰਦ ਰੱਖਣ ਦੇ ਮਾਮਲੇ ਵਿਚ ਇਕੋ ਹੀ ਸਟੈਂਡ ਹੈ ਕਿ ਜਦੋਂ ਤੱਕ ਵਧੇ ਹੋਏ ਰੇਟ ਬੰਦ ਵਾਪਸ ਨਹੀਂ ਲਏ ਜਾਂਦੇ, ਟੋਲ ਬੰਦ ਰਹਿਣਗੇ।
ਉਨ੍ਹਾਂ ਨੇ ਪ੍ਰਧਾਨ ਮੰਤਰੀ ਤੋਂ ਮੰਗ ਕੀਤੀ ਹੈ ਕਿ ਲਖੀਮਪੁਰ ਕਾਂਡ ਵਿਚ ਐਸਆਈਟੀ ਦੀ ਆਈ ਰਿਪੋਰਟ ਮਗਰੋਂ ਕੇਂਦਰੀ ਮੰਤਰੀ ਅਜੇ ਮਿਸ਼ਰਾ ਨੂੰ ਵੀ ਇਸ ਮਾਮਲੇ ਵਿਚ ਸ਼ਾਮਲ ਕਰਕੇ ਤੁਰੰਤ ਮੰਤਰੀ ਮੰਡਲ ਵਿਚੋਂ ਬਰਖਾਸਤ ਕੀਤਾ ਜਾਵੇ।
ਅੱਜ ਪਟਿਆਲਾ ਨਾਭਾ ਰੋਡ ਉਤੇ ਸਥਿਤ ਕਲਿਆਣ ਟੋਲ ਪਲਾਜ਼ਾ ਉਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਠ ਦੇ ਭੋਗ ਤੋਂ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਡਾ. ਦਰਸ਼ਨ ਪਾਲ ਨੇ ਕਿਹਾ ਕਿ ਲਖੀਮਪੁਰ ਖੀਰੀ ਕਾਂਡ ਵਿੱਚ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਨੇ ਆਪਣੀ ਰਿਪੋਰਟ ਵਿੱਚ ਸਾਫ ਕਿਹਾ ਹੈ ਕਿ ਇਹ ਇਕ ਬਦਲਾ ਲੈਣ ਵਾਲੀ ਕਾਰਵਾਈ ਸੀ, ਨਾ ਕਿ ਕੋਈ ਹਾਦਸਾ।
ਉਨ੍ਹਾਂ ਕਿਹਾ ਕਿ ਇਸ ਲਈ ਪ੍ਰਧਾਨ ਮੰਤਰੀ ਦਾ ਇਹ ਫ਼ਰਜ਼ ਬਣਦਾ ਹੈ ਕਿ ਮਿਸ਼ਰਾ ਨੂੰ ਤੁਰੰਤ ਮੰਤਰੀ ਮੰਡਲ ਵਿੱਚੋਂ ਬਰਖਾਸਤ ਕੀਤਾ ਜਾਵੇ ਅਤੇ ਉਨ੍ਹਾਂ ਦਾ ਨਾਂ ਐਫਆਈਆਰ ਵਿੱਚ ਸ਼ਾਮਲ ਕਰਕੇ ਬਣਦੀ ਕਾਰਵਾਈ ਕਰੇ।
ਉਨ੍ਹਾਂ ਪੰਜਾਬ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਬਾਰੇ ਕਿਹਾ ਕਿ ਅਜੇ ਉਨ੍ਹਾਂ ਨੂੰ ਹੁਣੇ ਸੂਚਨਾ ਮਿਲੀ ਹੈ ਕਿ ਮੀਟਿੰਗ ਅੱਗੇ ਪਾ ਦਿੱਤੀ ਗਈ ਹੈ ਅਤੇ ਅਸੀਂ ਉਸ ਮੀਟਿੰਗ ਵਿੱਚ ਸ਼ਾਮਲ ਹੋਣ ਬਾਰੇ ਵਿਚਾਰ ਵਟਾਂਦਰਾ ਕਰਕੇ ਹੀ ਕੋਈ ਫੈਸਲਾ ਲਵਾਂਗੇ।