Punjab Election 2022: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਨਵੀਂ ਬਣੀ ਪਾਰਟੀ ਪੰਜਾਬ ਲੋਕ ਕਾਂਗਰਸ ਦੇ ਮੁਖੀ ਅਮਰਿੰਦਰ ਸਿੰਘ ਨੇ ਕਿਹਾ ਉਨ੍ਹਾਂ ਨੇ ਦੇਸ਼ ਦੀ ਸੁਰੱਖਿਆ ਅਤੇ ਪੰਜਾਬ ਦੇ ਵਿਕਾਸ ਲਈ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਗੱਠਜੋੜ ਕੀਤਾ ਹੈ।
ਉਨ੍ਹਾਂ ਦਾਅਵਾ ਕੀਤਾ ਕਿ ਇਹ ਗੱਠਜੋੜ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਹਾਸਲ ਕਰੇਗਾ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨਾਲ ਦਿੱਲੀ ਵਿੱਚ ਮੁਲਾਕਾਤ ਮਗਰੋਂ ਅਮਰਿੰਦਰ ਸਿੰਘ ਨੇ ਕਿਹਾ, ‘‘ਮੈਂ ਖੁਸ਼ ਹਾਂ ਕਿ ਦੇਸ਼ ਦੀ ਸੁਰੱਖਿਆ, ਭਲਾਈ ਅਤੇ ਪੰਜਾਬ ਦੇ ਵਿਕਾਸ ਲਈ ਅਸੀਂ ਇਕੱਠੇ ਹਾਂ।
ਕੈਪਟਨ ਅਮਰਿੰਦਰ ਨੇ ਇਕ ਬਿਆਨ ਜਾਰੀ ਕਰਕੇ ਕਿਹਾ ਕਿ ਉਹ ਦੇਸ਼ ਦੀ ਸੁਰੱਖਿਆ ਅਤੇ ਪੰਜਾਬ ਦੀ ਭਲਾਈ ਤੇ ਤਰੱਕੀ ਲਈ ਇਕੱਠੇ ਆ ਕੇ ਖੁਸ਼ ਹਨ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਉਹ ਖੁਸ਼ ਹਨ ਕਿ ਤਿੰਨੇ ਪਾਰਟੀਆਂ ਪੰਜਾਬ ਨੂੰ ਇੱਕ ਵਾਰ ਫਿਰ ਤੋਂ ਖੁਸ਼ਹਾਲੀ ਦੇ ਮਾਰਗ ਤੇ ਲਿਆਉਣ ਲਈ ਇਕੱਠੇ ਚੋਣ ਲੜਨ ਤੇ ਰਾਜ਼ੀ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਤੇ ਪੰਜਾਬ ਚ ਭਾਜਪਾ ਦੀਆਂ ਸਰਕਾਰਾਂ ਨਾਲ ਡਬਲ ਇੰਜਣ ਰਾਹੀਂ ਪੰਜਾਬ ਇੱਕ ਵਾਰ ਫਿਰ ਤੋਂ ਤਰੱਕੀ ਅਤੇ ਵਿਕਾਸ ਦੇ ਮਾਰਗ ਤੇ ਪਰਤੇਗਾ। ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ ਵਰਗਾਂ ਦੀਆਂ ਲੋੜਾਂ ਦੇ ਮੱਦੇਨਜ਼ਰ ਮੈਨੀਫੈਸਟੋ ਤਿਆਰ ਕੀਤਾ ਜਾ ਰਿਹਾ ਹੈ।
ਕੈਪਟਨ ਅਮਰਿੰਦਰ ਨੇ ਸਪੱਸ਼ਟ ਕੀਤਾ ਕਿ ਤਿੰਨਾਂ ਪਾਰਟੀਆਂ ਵਿਚਾਲੇ ਸੀਟਾਂ ਸਬੰਧੀ ਤਾਲਮੇਲ ਜਲਦ ਹੀ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਨੇ ਇਕ ਵਾਰ ਫਿਰ ਤੋਂ ਦੁਹਰਾਇਆ ਕਿ ਉਮੀਦਵਾਰਾਂ ਦੀ ਚੋਣ ਉਨ੍ਹਾਂ ਦੀ ਜਿੱਤਣ ਦੀ ਕਾਬਲੀਅਤ ਦੇ ਆਧਾਰ ਤੇ ਹੋਵੇਗੀ, ਨਾ ਕਿ ਉਹ ਕਿਸ ਪਾਰਟੀ ਤੋਂ ਚੋਣ ਲੜਦੇ ਹਨ। ਉਨ੍ਹਾਂ ਖੁਲਾਸਾ ਕੀਤਾ ਕਿ ਪਾਰਟੀ ਤੋਂ ਨਾਮਜ਼ਦਗੀ ਹਾਸਲ ਕਰਨ ਲਈ ਉਨ੍ਹਾਂ ਨੂੰ ਸੂਬੇ ਭਰ ਤੋਂ ਭਾਰੀ ਸਮਰਥਨ ਅਤੇ ਉਤਸ਼ਾਹ ਮਿਲ ਰਿਹਾ ਹੈ। ਉਨ੍ਹਾਂ ਭਰੋਸਾ ਹੈ ਕਿ ਪੰਜਾਬ ‘ਚ ਨਵੀਂ ਸਿਆਸਤ ਦੀ ਸ਼ੁਰੂਆਤ ਹੋਵੇਗੀ। ਅਸੀਂ ਚੋਣਾਂ ਦੀ ਸ਼ਾਨਦਾਰ ਜਿੱਤ ਦਾ ਰਿਕਾਰਡ ਕਾਇਮ ਕਰਾਂਗੇ।
ਇਸ ਦੌਰਾਨ ਉਨ੍ਹਾਂ ਨੇ ਨੌਜਵਾਨਾਂ ਅਤੇ ਕਿਸਾਨਾਂ ਸਣੇ ਪੰਜਾਬ ਦੇ ਸਾਰੇ ਵਰਗਾਂ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਉਨ੍ਹਾਂ ਦੇ ਹਿੱਤਾਂ ਦੀ ਕਿਸੇ ਵੀ ਕੀਮਤ ਤੇ ਰਾਖੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਖੇਤੀ ਪੰਜਾਬ ਦੀ ਤਰੱਕੀ ਦਾ ਇਕ ਅਭਿੰਨ ਅੰਗ ਹੈ ਅਤੇ ਇਸ ਖੇਤਰ ਤੇ ਜ਼ਿਆਦਾ ਜ਼ੋਰ ਦਿੱਤਾ ਜਾਵੇਗਾ।