ਚੰਡੀਗੜ੍ਹ- ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ‘ਚ ‘ਮੁਫਤ’ ਐਲਾਨ ਕਰਨ ਵਾਲਿਆਂ ‘ਤੇ ਨਿਸ਼ਾਨਾ ਸਾਧਿਆ ਹੈ। ਨਿਊਜ਼ 18 ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਆਰਥਿਕ ਸਥਿਤੀ ਦੇ ਹਿਸਾਬ ਨਾਲ ਐਲਾਨ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਜਾਂਚ ਏਜੰਸੀਆਂ ‘ਤੇ ਪੰਜਾਬ ਦੇ ਆਗੂਆਂ ‘ਤੇ ਦਬਾਅ ਬਣਾਉਣ ਦਾ ਦੋਸ਼ ਵੀ ਲਗਾਇਆ ਹੈ। ਪੰਜਾਬ ਵਿੱਚ 2022 ਵਿੱਚ ਚੋਣਾਂ ਹੋਣੀਆਂ ਹਨ। ਕਾਂਗਰਸ ਵੱਲੋਂ ਉਮੀਦਵਾਰਾਂ ਵਿੱਚ ਟਿਕਟਾਂ ਦੀ ਵੰਡ ਨੂੰ ਲੈ ਕੇ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।
ਸਿੱਧੂ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਚਿਹਰੇ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਜਾਣਨਾ ਚਾਹੁੰਦੇ ਹਨ ਕਿ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਵੇਗਾ। ਕਾਂਗਰਸ ਨੂੰ ਸੀਐਮ ਚਿਹਰੇ ਦਾ ਐਲਾਨ ਕਰਨਾ ਚਾਹੀਦਾ ਹੈ। ਪਾਰਟੀ ਨੇ ਹਾਲੇ ਤੱਕ ਸੀਐਮ ਚਿਹਰੇ ਦਾ ਐਲਾਨ ਨਹੀਂ ਕੀਤਾ ਹੈ। ਨਿਊਜ਼ ਏਜੰਸੀ ਏਐਨਆਈ ਦੀ ਰਿਪੋਰਟ ਮੁਤਾਬਕ ਸੂਬਾ ਚੋਣਾਂ ਲਈ ਕਾਂਗਰਸ ਦੇ ਮੁੱਖ ਮੰਤਰੀ ਦਾ ਚਿਹਰਾ ਐਲਾਨੇ ਜਾਣ ਦੀ ਕੋਈ ਸੰਭਾਵਨਾ ਨਹੀਂ ਹੈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਪਾਰਟੀ ਇੱਕ ਸਮੂਹਿਕ ਲੀਡਰਸ਼ਿਪ ਦੀ ਚੋਣ ਕਰ ਸਕਦੀ ਹੈ।
ਫਤਿਹ ਸਿੰਘ ਬਾਜਵਾ ਦੇ ਭਾਜਪਾ ‘ਚ ਸ਼ਾਮਲ ਹੋਣ ਬਾਰੇ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੂੰ ਕਾਂਗਰਸ ‘ਚ ਟਿਕਟ ਨਹੀਂ ਮਿਲ ਰਹੀ, ਇਸ ਲਈ ਉਹ ਭਾਜਪਾ ‘ਚ ਸ਼ਾਮਲ ਹੋਏ ਹਨ। ਕਾਂਗਰਸ ਦੇ ਸੂਬਾ ਪ੍ਰਧਾਨ ਨੇ ਕਿਹਾ ਕਿ ਸਾਡੇ ਕੋਲ ਬਿਹਤਰ ਵਿਕਲਪ ਹਨ। ਉਨ੍ਹਾਂ ਦੋਸ਼ ਲਾਇਆ ਕਿ ਕੁਝ ਆਗੂ ਈਡੀ ਤੇ ਹੋਰ ਏਜੰਸੀਆਂ ਦੇ ਦਬਾਅ ਹੇਠ ਪਾਰਟੀ ਛੱਡ ਰਹੇ ਹਨ। ਸਾਬਕਾ ਭਾਰਤੀ ਕ੍ਰਿਕਟਰ ਹਰਭਜਨ ਸਿੰਘ ਦੇ ਸਿਆਸੀ ਡੈਬਿਊ ਬਾਰੇ ਸਿੱਧੂ ਨੇ ਕਿਹਾ, ‘ਉਹ ਸ਼ਾਮਲ ਹੋ ਸਕਦੇ ਹਨ, ਇਸ ਦੀ ਅਜੇ ਪੁਸ਼ਟੀ ਨਹੀਂ ਕੀਤੀ ਜਾ ਸਕਦੀ।’
ਮੰਗਲਵਾਰ ਨੂੰ ਕਾਂਗਰਸ ਦੇ ਵਿਧਾਇਕ ਫਤਿਹ ਸਿੰਘ ਬਾਜਵਾ ਅਤੇ ਸ੍ਰੀ ਹਰਗੋਬਿੰਦਪੁਰ ਸਾਹਿਬ ਸੀਟ ਤੋਂ ਬਲਵਿੰਦਰ ਸਿੰਘ ਲਾਡੀ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਸਨ। ਬਾਜਵਾ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੇ ਭਰਾ ਹਨ। ਇਨ੍ਹਾਂ ਤੋਂ ਇਲਾਵਾ ਅਕਾਲੀ ਆਗੂ ਗੁਰਤੇਜ ਸਿੰਘ ਗੰਢਿਆਣਾ, ਕਮਲ ਬਖਸ਼ੀ, ਮਧੂਮੀਤ, ਜਗਦੀਪ ਸਿੰਘ ਧਾਲੀਵਾਲ, ਰਾਜਦੇਵ ਖਾਲਸਾ ਅਤੇ ਸਾਬਕਾ ਕ੍ਰਿਕਟਰ ਦਿਨੇਸ਼ ਮੋਂਗੀਆ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ।