ਅੰਮ੍ਰਿਤਸਰ : ਆਮ ਆਦਮੀ ਪਾਰਟੀ ਵੱਲੋਂ ਐਮਪੀ ਭਗਵੰਤ ਮਾਨ ਨੂੰ ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਤੋਂ ਬਾਅਦ ਹੁਣ ਵੱਖ-ਵੱਖ ਪਾਰਟੀਆਂ ਦੇ ਲੀਡਰਾਂ ਦੀ ਟਿੱਪਣੀਆਂ ਆਉਣ ਲੱਗੀਆਂ ਹਨ। ਕਾਂਗਰਸੀ ਆਗੂ ਰਾਜ ਕੁਮਾਰ ਵੇਰਕਾ ਨੇ ਮੰਗਲਵਾਰ ਨੂੰ ਦੋਸ਼ ਲਾਇਆ ਕਿ ਫਰਜ਼ੀ ਜਵਾਬੀ ਕਾਲਾਂ ਦੇ ਆਧਾਰ ‘ਤੇ, ਆਮ ਆਦਮੀ ਪਾਰਟੀ (ਆਪ) ਨੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦਾ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨਿਆ ।
ਕਾਂਗਰਸੀ ਆਗੂ ਨੇ ਕਿਹਾ, “ਅਰਵਿੰਦ ਕੇਜਰੀਵਾਲ ਜੋ ਜਵਾਬੀ ਕਾਲਾਂ ਦੀ ਗੱਲ ਕਰ ਰਹੇ ਹਨ, ਉਨ੍ਹਾਂ ਵਿੱਚ ਕੋਈ ਸੱਚਾਈ ਨਹੀਂ ਹੈ ਅਤੇ ਪੰਜਾਬ ਦੇ ਲੋਕਾਂ ਅਤੇ ਭਗਵੰਤ ਮਾਨ ਨੂੰ ਧੋਖਾ ਦੇਣ ਲਈ ਕੇਜਰੀਵਾਲ ਨੇ ਇੱਕ ਨਵੀਂ ਚਾਲ ਖੇਡੀ ਹੈ।”
ਵੇਰਕਾ ਨੇ ਅੱਗੇ ਦੋਸ਼ ਲਾਇਆ ਕਿ ‘ਆਪ’ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਲੋਕਪ੍ਰਿਅਤਾ ਤੋਂ ਡਰਦੀ ਹੈ ਅਤੇ ਇਸੇ ਲਈ ਕੇਜਰੀਵਾਲ ਨੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਕਰਾਰ ਦਿੱਤਾ ਹੈ, ਜਿਸ ਨੂੰ ਪਹਿਲਾਂ ਹੀ ਲਾਂਭੇ ਕੀਤਾ ਗਿਆ ਸੀ।
ਵੇਰਕਾ ਨੇ ਕਿਹਾ ਕਿ “ਭਗਵੰਤ ਮਾਨ ਦਾ ਕਿਲ੍ਹਾ ਪਹਿਲਾਂ ਹੀ ਢਹਿ-ਢੇਰੀ ਹੋ ਚੁੱਕਾ ਹੈ। ‘ਆਪ’ ਨਗਰ ਨਿਗਮ, ਪੰਚਾਇਤੀ ਚੋਣਾਂ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ‘ਚ ਹਾਰ ਗਈ ਸੀ। ਭਗਵੰਤ ਮਾਨ ਦੀ ਲੋਕਪ੍ਰਿਅਤਾ ਉਨ੍ਹਾਂ ਦੇ ਆਪਣੇ ਹਲਕੇ ‘ਚ ਵੀ ਨਾਂਹ ਦੇ ਬਰਾਬਰ ਹੈ, ਇਸ ਲਈ ਜਨਤਾ ਨੇ ਭਗਵੰਤ ਮਾਨ ਨੂੰ ਪਹਿਲਾਂ ਹੀ ਨਕਾਰ ਦਿੱਤਾ ਹੈ।”
ਵੇਰਕਾ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਮਨ ਬਣਾ ਚੁੱਕੇ ਹਨ ਕਿ ਦਲਿਤ ਦਾ ਪੁੱਤਰ ਚਰਨਜੀਤ ਸਿੰਘ ਚੰਨੀ ਹੁਣ ਪੰਜਾਬ ਦਾ ਅਗਲਾ ਮੁੱਖ ਮੰਤਰੀ ਹੋਵੇਗਾ।
ਦੂਜੇ ਪਾਸੇ ਸਾਬਕਾ ਕੈਬਿਨੇਟ ਮੰਤਰੀ ਸੁਰਜੀਤ ਸਿੰਘ ਰਖੜਾ ਨੇ ਕਿਹਾ ਕਿ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਾਰਾ ਐਲਾਨਣ ਨਾਲ ਪੰਜਾਬ ਦੇ ਲੋਕਾਂ ਨੂੰ ਕੋਈ ਫਰਕ ਨਹੀਂ ਪੈਂਦਾ।