ਨਵੀਂ ਦਿੱਲੀ- ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਫ਼ਿਰੋਜ਼ਪੁਰ ਜਾਂਦਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਨੂੰ ਲੈਕੇ ਨਿਸ਼ਾਨਾ ਸਾਧਿਆ ਹੈ। ਸਿੱਧੂ ਨੇ ਕਿਹਾ ਕਿ ਕਿਸਾਨ ਇੱਕ ਸਾਲ ਤੋਂ ਵੱਧ ਸਮੇਂ ਤੱਕ ਦਿੱਲੀ ਦੀਆਂ ਸਰਹੱਦਾਂ ‘ਤੇ ਡੱਟੇ ਰਹੇ, ਪਰ ਜਦੋਂ ਪ੍ਰਧਾਨ ਮੰਤਰੀ ਨੂੰ 15 ਮਿੰਟ ਤੱਕ ਇੰਤਜ਼ਾਰ ਕਰਨਾ ਪਿਆ ਤਾਂ ਉਹਨਾਂ ਨੂੰ ਪ੍ਰੇਸ਼ਾਨ ਹੋ ਗਈ। ਸਿੱਧੂ ਨੇ ਪੁੱਛਿਆ ਕਿ ਇਹ ਦੋਹਰਾ ਮਾਪਦੰਡ ਕਿਉਂ? ਦਾਣਾ ਮੰਡੀ ਬਰਨਾਲਾ ਵਿਖੇ ਜਨਸਭਾ ਨੂੰ ਸੰਬੋਧਨ ਕਰਦਿਆਂ ਸਿੱਧੂ ਨੇ ਦੋਸ਼ ਲਾਇਆ ਕਿ ਮੋਦੀ ਜੀ ਤੁਸੀਂ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਵਾਅਦਾ ਕੀਤਾ ਸੀ, ਪਰ ਉਨ੍ਹਾਂ ਕੋਲੋਂ ਜੋ ਸੀ, ਉਹ ਵੀ ਖੋਹ ਲਿਆ।
ਬੁੱਧਵਾਰ ਨੂੰ ਪੰਜਾਬ ‘ਚ ‘ਸੁਰੱਖਿਆ ‘ਚ ਗੰਭੀਰ ਕੁਤਾਹੀ’ ਕਾਰਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ 15 ਤੋਂ 20 ਮਿੰਟਾਂ ਲਈ ਫਲਾਈਓਵਰ ‘ਤੇ ਫਸ ਗਏ ਜਦੋਂ ਕੁਝ ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ ਦੇ ਰਸਤੇ ‘ਤੇ ਸੜਕ ਜਾਮ ਕਰ ਦਿੱਤੀ ਸੀ। ਇਸ ਕਾਰਨ ਪ੍ਰਧਾਨ ਮੰਤਰੀ ਸ਼ਹੀਦੀ ਸਮਾਰਕ ‘ਤੇ ਹੋਏ ਸਮਾਗਮ ‘ਚ ਸ਼ਾਮਲ ਹੋਏ ਬਿਨਾਂ ਹੀ ਪਰਤ ਗਏ। ਇਸ ਘਟਨਾ ‘ਤੇ ਸਖ਼ਤ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਇਸ ਕੁਤਾਹੀ ਲਈ ਜਵਾਬਦੇਹੀ ਤੈਅ ਕਰਨ ਅਤੇ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ। ਪ੍ਰਧਾਨ ਮੰਤਰੀ ਪੰਜਾਬ ਦੇ ਫਿਰੋਜ਼ਪੁਰ ਵਿੱਚ ਹੋਣ ਵਾਲੀ ਰੈਲੀ ਵਿੱਚ ਵੀ ਸ਼ਾਮਲ ਨਹੀਂ ਹੋ ਸਕੇ।
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਰਾਜ ਦੌਰੇ ਤੋਂ ਅੱਧ ਵਿਚਕਾਰ ਪਰਤਣ ‘ਤੇ ਅਫਸੋਸ ਪ੍ਰਗਟ ਕੀਤਾ, ਪਰ ਕਿਹਾ ਕਿ ਸੁਰੱਖਿਆ ਵਿਚ ਕੋਈ ਕਮੀ ਨਹੀਂ ਆਈ। ਮੁੱਖ ਮੰਤਰੀ ਨੇ ਕਿਹਾ ਕਿ ਸਾਰੀ ਘਟਨਾ ਦੀ ਜਾਂਚ ਕਰਵਾਈ ਜਾਵੇਗੀ। ਹਾਲਾਂਕਿ, ਉਸਨੇ ਸੁਰੱਖਿਆ ਵਿੱਚ ਕਿਸੇ ਵੀ ਕਮੀ ਤੋਂ ਇਨਕਾਰ ਕੀਤਾ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਬਠਿੰਡਾ ਤੋਂ ਫ਼ਿਰੋਜ਼ਪੁਰ ਯਾਤਰਾ ਦੀ ਯੋਜਨਾ ਵਿੱਚ ਅਚਾਨਕ ਤਬਦੀਲੀ ਆਈ ਹੈ ਅਤੇ ਸਭ ਕੁਝ ਕੇਂਦਰੀ ਏਜੰਸੀਆਂ ਦੇ ਹੱਥ ਵਿੱਚ ਹੈ।