ਅੰਮ੍ਰਿਤਸਰ: ‘ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਵਾਪਰੇ ਘਟਨਾਕ੍ਰਮ ਮਗਰੋਂ ਜਿਸ ਤਰ੍ਹਾਂ ਸਿੱਖਾਂ ਨੂੰ ਸ਼ੋਸ਼ਲ ਮੀਡੀਏ ’ਤੇ ਨਫ਼ਰਤੀ ਟਿਪਣੀਆਂ ਦੁਆਰਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਉਹ ਦੇਸ਼ ਦੇ ਹਿੱਤ ਵਿਚ ਨਹੀਂ ਹੈ।’ ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਕ ਪ੍ਰੈੱਸ ਬਿਆਨ ਰਾਹੀਂ ਕੀਤਾ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਦੌਰਾਨ ਵਾਪਰੀ ਘਟਨਾ ਸਰਕਾਰਾਂ ਤੇ ਸੁਰੱਖਿਆ ਏਜੰਸੀਆਂ ਦੀ ਨਾਕਾਮੀ ਤਾਂ ਹੋ ਸਕਦੀ ਹੈ ਪਰ ਇਸ ’ਤੇ ਸਿੱਖਾਂ ਨੂੰ ਨਿਸ਼ਾਨਾ ਬਣਾਉਣਾ ਗਲਤ ਹੈ। ਉਨ੍ਹਾਂ ਕਿਹਾ ਕਿ ਸਿੱਖ ਦੇਸ਼ ਦੇ ਸੁਹਿਰਦ ਨਾਗਰਿਕ ਹਨ, ਜੋ ਦੇਸ਼ ਦੀ ਤਰੱਕੀ ਲਈ ਆਪਣਾ ਵੱਡਾ ਯੋਗਦਾਨ ਪਾ ਰਹੇ ਹਨ। ਸਿੱਖਾਂ ਦੀਆਂ 80 ਫੀਸਦੀ ਤੋਂ ਵੱਧ ਕੁਰਬਾਨੀਆਂ ਕਰਕੇ ਹੀ ਸਮੁੱਚੇ ਦੇਸ਼ ਦੀ ਅਖੰਡਤਾ ਕਾਇਮ ਹੈ।