ਫ਼ਿਰੋਜ਼ਪੁਰ: ਪੰਜਾਬ ਵਾਲੇ ਭਾਜਪਾ ਦੇ ਪ੍ਰਭਾਵਸ਼ਾਲੀ ਆਗੂ ਅਤੇ ਫਿਰੋਜ਼ਪੁਰ ਸੀਟ ਤੋਂ ਪਾਰਟੀ ਟਿਕਟ ਦੇ ਮਜ਼ਬੂਤ ਦਾਅਵੇਦਾਰ ਗੁਰਪਰਵੇਜ਼ ਸਿੰਘ ਸੰਧੂ ਸ਼ੈਲੇ ਨੇ ਇੱਥੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਫਿਰੋਜ਼ਪੁਰ ਵਿਧਾਨ ਸਭਾ ਹਲਕਾ ਲੰਮੇ ਸਮੇਂ ਤੋਂ ਕਈ ਬੁਨਿਆਦੀ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਨਸ਼ਾਖੋਰੀ, ਬੇਰੁਜ਼ਗਾਰੀ, ਸਰਹੱਦੀ ਖੇਤਰਾਂ ਵਿੱਚ ਬੱਚਿਆਂ ਲਈ ਸਿਹਤ ਸਹੂਲਤਾਂ ਅਤੇ ਸਿੱਖਿਆ ਕੇਂਦਰਾਂ ਦੀ ਘਾਟ ਅਤੇ ਅਮਨ-ਕਾਨੂੰਨ ਦੀ ਘਾਟ ਕੁਝ ਅਜਿਹੇ ਮੁੱਦੇ ਹਨ ਜਿਨ੍ਹਾਂ ਵੱਲ ਪਿਛਲੇ ਕਈ ਸਾਲਾਂ ਤੋਂ ਕੋਈ ਧਿਆਨ ਨਹੀਂ ਦਿੱਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਇੱਕ ਨਵਾਂ ਨਾਅਰਾ ਵੀ ਦਿੱਤਾ, ‘ਫਿਰੋਜ਼ਪੁਰ ਦਾ ਕਾਇਆ ਕਲਪ,
ਭਾਰਤੀ ਜਨਤਾ ਯੁਵਾ ਮੋਰਚਾ (ਬੀ.ਜੇ.ਵਾਈ.ਐਮ.) ਦੇ ਸਾਬਕਾ ਕੌਮੀ ਮੀਤ ਪ੍ਰਧਾਨ ਅਤੇ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਗੁਰਪਰਵੇਜ਼ ਸਿੰਘ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ‘ਫਿਰੋਜ਼ਪੁਰ ਵਿੱਚ ਕਾਂਗਰਸੀ ਵਿਧਾਇਕ ਹੋਣ ਦੇ ਬਾਵਜੂਦ ਇਹਨਾਂ ਸਮੱਸਿਆਵਾਂ ਦੀ ਮੌਜੂਦਗੀ ਆਪਣੇ ਆਪ ਵਿੱਚ ਬੋਲਦੀ ਹੈ। ਜ਼ਿਲੇ ਦੀ ਬਿਹਤਰੀ ਅਤੇ ਤਰੱਕੀ ਲਈ ਇਨ੍ਹਾਂ ਸਮੱਸਿਆਵਾਂ ਦਾ ਹੱਲ ਬਹੁਤ ਜ਼ਰੂਰੀ ਹੈ। ਕੇਂਦਰ ਵਿੱਚ ਭਾਜਪਾ ਦੀ ਸਰਕਾਰ ਹੈ, ਇਸ ਲਈ ਮੇਰੀ ਕੋਸ਼ਿਸ਼ ਰਹੇਗੀ ਕਿ ਇਨ੍ਹਾਂ ਸਮੱਸਿਆਵਾਂ ਦਾ ਜਲਦੀ ਤੋਂ ਜਲਦੀ ਹੱਲ ਕੱਢ ਕੇ ਇਸ ਖੇਤਰ ਨੂੰ ਵਿਕਾਸ ਦੀ ਲੀਹ ‘ਤੇ ਲੈ ਕੇ ਜਾਵਾਂ’।
ਸ਼ੈਲੇ ਨੇ ਅੱਗੇ ਕਿਹਾ ਕਿ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਭਾਰਤ-ਪਾਕਿ ਸਰਹੱਦ ਨੂੰ ਖੋਲ੍ਹਿਆ ਜਾਵੇ ਅਤੇ ਫਿਰੋਜ਼ਪੁਰ ਵਿੱਚ ਕੋਈ ਵੱਡੀ ਇੰਡਸਟਰੀ ਸਥਾਪਿਤ ਕੀਤੀ ਜਾਵੇ ਤਾਂ ਜੋ ਇੱਥੋਂ ਦੇ ਨੌਜਵਾਨਾਂ ਨੂੰ ਕੰਮ ਮਿਲ ਸਕੇ ਅਤੇ ਤਰੱਕੀ ਦਾ ਰਾਹ ਖੁੱਲ੍ਹੇ। ਉਨ੍ਹਾਂ ਕਿਹਾ ਕਿ ਸਰਹੱਦ ਨਾਲ ਲੱਗਦੇ ਪਿੰਡਾਂ ਦੇ ਬੱਚਿਆਂ ਨੂੰ ਪੜ੍ਹਾਈ ਲਈ ਦੂਰ-ਦੂਰ ਜਾਣਾ ਪੈਂਦਾ ਹੈ। ਇਸੇ ਤਰ੍ਹਾਂ ਬਿਮਾਰ ਵਿਅਕਤੀਆਂ ਨੂੰ ਇਲਾਜ ਲਈ ਇਲਾਕੇ ਵਿੱਚ ਲੋੜੀਂਦੀਆਂ ਸਹੂਲਤਾਂ ਨਹੀਂ ਮਿਲਦੀਆਂ ਅਤੇ ਉਨ੍ਹਾਂ ਨੂੰ ਦੂਰ-ਦੁਰਾਡੇ ਹਸਪਤਾਲਾਂ ਵਿੱਚ ਜਾਣਾ ਪੈਂਦਾ ਹੈ। ਇਨ੍ਹਾਂ ਬੁਨਿਆਦੀ ਸਮੱਸਿਆਵਾਂ ਨੂੰ ਜਲਦੀ ਹੱਲ ਕਰਨ ਦੀ ਲੋੜ ਹੈ।
ਭਾਜਪਾ ਆਗੂ ਨੇ ਕਿਹਾ ਕਿ ਸੂਬਾ ਕਾਂਗਰਸ ਪਾਰਟੀ ਆਪਸੀ ਫੁੱਟ ਤੋਂ ਬਾਹਰ ਨਹੀਂ ਆ ਰਹੀ। ਦੂਜੇ ਪਾਸੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਬਾਅਦ ਸੂਬੇ ਵਿੱਚ ਮਾਹੌਲ ਭਾਜਪਾ ਦੇ ਹੱਕ ਵਿੱਚ ਹੈ। ਆਉਣ ਵਾਲੀਆਂ ਚੋਣਾਂ ਵਿੱਚ ਭਾਜਪਾ ਗੱਠਜੋੜ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਜੇਕਰ ਉਹ ਸੱਤਾ ਵਿੱਚ ਆਉਂਦੇ ਹਨ ਤਾਂ ਫਿਰੋਜ਼ਪੁਰ ਵਿੱਚ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਕਿਉਂਕਿ ਕੇਂਦਰ ਵਿੱਚ ਭਾਜਪਾ ਦੀ ਸਰਕਾਰ ਬਣਨ ’ਤੇ ਜ਼ਿਲ੍ਹੇ ਦੇ ਵਿਕਾਸ ਲਈ ਹਰ ਸੰਭਵ ਮਦਦ ਕੀਤੀ ਜਾਵੇਗੀ।