ਖ਼ਜ਼ਾਨਾ ਮੰਤਰੀ ਉਡਾ ਰਹੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀਆਂ ਧੱਜੀਆਂ, ਵੰਡੇ ਜਾ ਰਹੇ ਸੋਲਰ ਪੁਆਇੰਟ

ਖ਼ਜ਼ਾਨਾ ਮੰਤਰੀ ਉਡਾ ਰਹੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀਆਂ ਧੱਜੀਆਂ, ਵੰਡੇ ਜਾ ਰਹੇ ਸੋਲਰ ਪੁਆਇੰਟ

ਬਠਿੰਡਾ  : ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣ ਕਮਿਸ਼ਨ ਪੰਜਾਬ ਅਤੇ ਜ਼ਿਲ੍ਹਾ ਚੋਣ ਅਧਿਕਾਰੀਆਂ ਦੀ ਕਾਰਗੁਜ਼ਾਰੀ ਤੇ ਸਵਾਲ ਉਠਾਏ ਹਨ। ਪ੍ਰੈਸ ਬਿਆਨ ਜਾਰੀ ਕਰਦੇ ਹੋਏ ਦਲਜੀਤ ਸਿੰਘ ਬਰਾੜ ਤੇ ਨਿਰਮਲ ਸਿੰਘ ਸੰਧੂ ਮੈਂਬਰ ਪੀਏਸੀ, ਸ਼ਹਿਰੀ ਪ੍ਰਧਾਨ ਰਾਜਵਿੰਦਰ ਸਿੰਘ, ਕਿਸਾਨ ਵਿੰਗ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਚਮਕੌਰ ਸਿੰਘ ਮਾਨ ਅਤੇ ਯੂਥ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਹਰਪਾਲ ਸਿੰਘ ਢਿੱਲੋਂ ਨੇ ਪ੍ਰੈੱਸ ਬਿਆਨ ਜਾਰੀ ਕਰਦੇ ਹੋਏ ਦੋਸ਼ ਲਾਏ ਕਿ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀਆਂ ਸ਼ਰ੍ਹੇਆਮ ਧੱਜੀਆਂ ਉਡਾ ਰਹੇ ਹਨ।

ਚੋਣ ਜ਼ਾਬਤੇ ਦੇ ਬਾਵਜੂਦ ਸੋਲਰ ਪ੍ਰੋਜੈਕਟ ਵੰਡ ਕੇ ਲੋਕਾਂ ਨੂੰ ਕਾਂਗਰਸ ਪਾਰਟੀ ਦੇ ਹੱਕ ਵਿੱਚ ਵੋਟਾਂ ਪਾਉਣ ਲਈ ਉਕਸਾਇਆ ਜਾ ਰਿਹਾ ਹੈ। ਧੜਾ ਧੜ ਸਰਕਾਰ ਦੇ ਖ਼ਜ਼ਾਨੇ ਵਿੱਚੋਂ ਚੈੱਕ ਵੰਡੇ ਜਾ ਰਹੇ ਹਨ , ਜਿਨ੍ਹਾਂ ਦੀਆਂ ਸ਼ਿਕਾਇਤਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਕੀਤੀਆਂ ਪਰ ਜ਼ਿਲ੍ਹਾ ਚੋਣ ਅਧਿਕਾਰੀ ਸਮੇਤ ਪ੍ਰਸ਼ਾਸਨ ਵੱਲੋਂ ਕੋਈ ਜਵਾਬ ਨਹੀਂ ਦਿੱਤਾ ਜਾ ਰਿਹਾ।  ਚੋਣ ਜ਼ਾਬਤੇ ਅਧੀਨ ਸਾਰੀਆਂ ਪਾਰਟੀਆਂ ਨੂੰ ਨਿਯਮਾਂ ਦੀ ਇੰਨ ਬਿੰਨ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਯੂਥ ਅਕਾਲੀ ਦਲ ਦੇ ਕੋਆਰਡੀਨੇਟਰ ਦੀਨਵ ਸਿੰਗਲਾ ਵੱਲੋਂ ਪੰਜਾਬ ਦੇ ਚੋਣ ਕਮਿਸ਼ਨ ਨੂੰ ਵੀ ਟਵੀਟ ਕਰਕੇ ਸ਼ਿਕਾਇਤ ਕੀਤੀ ਗਈ ਹੈ ਪਰ ਹਾਲੇ ਤੱਕ ਕੋਈ ਜਵਾਬ ਨਹੀਂ ਆਇਆ।  ਉਨ੍ਹਾਂ ਮੰਗ ਕੀਤੀ ਕਿ ਖਜ਼ਾਨਾ ਮੰਤਰੀ ਦੀ ਕਾਰਗੁਜ਼ਾਰੀ ਤੇ ਤਿੱਖੀ ਨਜ਼ਰ ਰੱਖੀ ਜਾਵੇ, ਉਲੰਘਣਾ ਕਰਨ ਤੇ ਕਾਰਵਾਈ ਕੀਤੀ ਜਾਵੇ ਅਤੇ ਚੋਣਾਂ ਸਹੀ ਤਰੀਕੇ ਨਾਲ ਹੋਣੀਆਂ ਯਕੀਨੀ ਬਣਾਈਆਂ ਜਾਣ ।ਇਸ ਪੂਰੇ ਮਾਮਲੇ ਨੂੰ ਲੈ ਕੇ ਬਠਿੰਡਾ ਦੇ ਡਿਪਟੀ ਕਮਿਸ਼ਨਰ ਨੇ  ਜਾਂਚ ਤੋਂ ਬਾਅਦ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ ।

Share: