ਭਗਵੰਤ ਮਾਨ ਕੱਲ ਸਵੇਰੇ 10.30 ਵਜੇ ਰਾਜਪਾਲ ਨਾਲ ਮੁਲਾਕਾਤ ਅਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ

ਭਗਵੰਤ ਮਾਨ ਕੱਲ ਸਵੇਰੇ 10.30 ਵਜੇ ਰਾਜਪਾਲ ਨਾਲ ਮੁਲਾਕਾਤ ਅਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ

ਮੋਹਾਲੀ (ਪੂਜਾ ਸ਼ਰਮਾ ) ਭਾਰੀ ਬਹੁਮਤ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਨੇ ਸਰਕਾਰ ਬਣਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।  ਮੋਹਾਲੀ ਵਿਖੇ ਆਮ ਆਦਮੀ ਪਾਰਟੀ ਦੀ ਵਿਧਾਇਕ ਦਲ ਦੀ ਮੀਟਿੰਗ ਹੋਈ। ਭਗਵੰਤ ਮਾਨ ਨੂੰ ਸਰਬਸੰਮਤੀ ਨਾਲ ਅੱਜ ਆਮ ਆਦਮੀ ਪਾਰਟੀ ਵਿਧਾਇਕ ਦਲ ਦਾ ਨੇਤਾ ਚੁਣ ਲਿਆ ਗਿਆ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਸਮੇਤ 17 ਮੰਤਰੀ ਨਵੀਂ ਕੈਬਨਿਟ ਵਿੱਚ ਹੋਣਗੇ। ਉਹ 16 ਮਾਰਚ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਭਲਕ ਨੂੰ ਸਵੇਰੇ 10.30 ਵਜੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨਾਲ ਮੁਲਾਕਾਤ ਕਰਨਗੇ ਅਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ। ਵਿਧਾਇਕ ਦਲ ਦੀ ਮੀਟਿੰਗ ਦੌਰਾਨ ਆਪ ਆਗੂ ਭਗਵੰਤ ਮਾਨ ਨੇ ਨਵੇਂ ਚੁਣੇ ਹੋਏ ਵਿਧਾਇਕਾਂ ਨੂੰ ਹੰਕਾਰ ਨਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਨੂੰ ਉਨ੍ਹਾਂ ਲੋਕਾਂ ਦਾ ਵੀ ਸਨਮਾਨ ਕਰਨਾ ਚਾਹੀਦਾ ਹੈ ਜਿਨ੍ਹਾਂ ਨੇ ਸਾਨੂੰ ਵੋਟ ਨਹੀਂ ਪਾਈ ਹੈ।  ਸਾਰੇ ਵਿਧਾਇਕਾਂ ਨੂੰ ਉਨ੍ਹਾਂ ਖੇਤਰਾਂ ਵਿੱਚ ਕੰਮ ਕਰਨਾ ਚਾਹੀਦਾ ਹੈ ਜਿੱਥੋਂ ਉਹ ਚੁਣੇ ਗਏ ਹਨ, ਸਿਰਫ ਚੰਡੀਗੜ੍ਹ ਵਿੱਚ ਰਹਿਣ ਦੀ ਲੋੜ ਨਹੀਂ ਹੈ।

ਭਗਵੰਤ ਮਾਨ ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਉਨ੍ਹਾਂ ਦੀ ਦਿੱਲੀ ਸਥਿਤ ਰਿਹਾਇਸ਼ ‘ਤੇ ਮੁਲਾਕਾਤ ਕੀਤੀ। 13 ਮਾਰਚ ਨੂੰ ਅੰਮ੍ਰਿਤਸਰ ਵਿੱਚ ਰੋਡ ਸ਼ੋਅ ਕਰੇਗੀ। ਕੇਜਰੀਵਾਲ ਦੋਵਾਂ ਪ੍ਰੋਗਰਾਮਾਂ ‘ਚ ਸ਼ਿਰਕਤ ਕਰਨਗੇ। ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸੂਬੇ ਦੀਆਂ 117 ਵਿਧਾਨ ਸਭਾ ਸੀਟਾਂ ਵਿੱਚੋਂ 92 ਸੀਟਾਂ ਜਿੱਤੀਆਂ ਹਨ।
Share: