ਚੰਡੀਗੜ੍ਹ- ਚੋਣਾਂ ਦੌਰਾਨ ਆਪ ਨੇ ਪੰਜਾਬ ਵਿੱਚ ਵੀ ਦਿੱਲੀ ਦੀ ਤਰਜ਼ ਉਤੇ ਮੁਹੱਲਾ ਕਲੀਨਿਕ ਦਾ ਵਾਅਦਾ ਕੀਤਾ ਸੀ। ਇਸ ਬਾਬਤ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਅਹਿਮ ਮੀਟਿੰਗ ਕੀਤੀ । ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸੂਬੇ ਵਿੱਚ ਛੇਤੀ ਹੀ ਦਿੱਲੀ ਦੀ ਤਰਜ ਤੇ ਮੁਹੱਲਾ ਕਲੀਨਿਕ ਬਣਾਏ ਜਾਣਗੇ। ਸੂਬਾ ਵਾਸੀਆਂ ਨੂੰ ਵਧੀਆ ਤੇ ਮੁਫਤ ਸਿਹਤ ਸਹੂਲਤਾਂ ਦਾ ਵਾਅਦਾ ਪੂਰਾ ਕਰਾਂਗੇ। ਇਨ੍ਹਾਂ ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਦੇਸ਼ ਦੇ 75ਵੇਂ ਸੁਤੰਤਰਤਾ ਦਿਵਸ ਮੌਕੇ ਕੀਤੀ ਜਾਵੇਗੀ। ਪਹਿਲੇ ਗੇੜ ਦੀ ਸ਼ੁਰੂਆਤ ਮੌਕੇ 75 ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਟਵਿੱਟ ਰਾਹੀਂ ਜਾਣਕਾਰੀ ਦਿੱਤੀ ਹੈ ਕਿ ਮੰਤਰੀ-ਸਿਹਤ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ…ਦਿੱਲੀ ਦੀ ਤਰਜ ‘ਤੇ ਪੰਜਾਬ ‘ਚ ਮੁਹੱਲਾ ਕਲੀਨਿਕ ਬਣਾਉਣ ਜਾ ਰਹੇ ਹਾਂ ਪੰਜਾਬ ਦੇ ਲੋਕਾਂ ਨੂੰ ਵਧੀਆ ਅਤੇ ਮੁਫ਼ਤ ਇਲਾਜ ਦੇਣ ਦਾ ਵਾਅਦਾ ਪੂਰਾ ਵੀ ਕਰਾਂਗੇ ਤੇ ਪੰਜਾਬ ਦੀ ਸਿਹਤ ਸੇਵਾਵਾਂ ਨੂੰ ਪੂਰੇ ਦੇਸ਼ ਵਿੱਚ ਮਿਸਾਲੀ ਬਣਾਵਾਂਗੇਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੌਮੀ ਖੁਰਾਕ ਸੁਰੱਖਿਆ ਐਕਟ, 2013 ਤਹਿਤ ਕਣਕ ਦੀ ਸੁਚੱਜੀ ਵੰਡ ਦੀ ਨਿਗਰਾਨੀ ਦੇ ਮੱਦੇਨਜ਼ਰ ਜ਼ਿਲ੍ਹਾ, ਬਲਾਕ ਅਤੇ ਡਿੱਪੂ ਪੱਧਰ ‘ਤੇ ਵਿਜੀਲੈਂਸ ਕਮੇਟੀਆਂ ਦੇ ਗਠਨ ਦੇ ਹੁਕਮ ਦਿੱਤੇ ਹਨ। ਇਹ ਕਮੇਟੀਆਂ ਆਟੇ ਦੀ ਹੋਮ ਡਿਲਿਵਰੀ ਦੀ ਨਿਗਰਾਨੀ ਵੀ ਕਰਨਗੀਆਂ, ਜੋ ਨੇੜਲੇ ਭਵਿੱਖ ਵਿੱਚ ਸ਼ੁਰੂ ਹੋਣ ਵਾਲੀ ਹੈ।ਦੱਸਣਾ ਬਣਦਾ ਹੈ ਕਿ ਰਾਜ ਸਰਕਾਰ ਵੱਲੋਂ 5 ਕਿਲੋ ਕਣਕ ਪ੍ਰਤੀ ਲਾਭਪਾਤਰੀ ਪ੍ਰਤੀ ਮਹੀਨਾ ਦੇ ਹਿਸਾਬ ਨਾਲ 1.5 ਕਰੋੜ ਵਿਅਕਤੀਆਂ ਨੂੰ ਪ੍ਰਤੀ ਮਹੀਨਾ ਕਣਕ ਵੰਡੀ ਜਾ ਰਹੀ ਹੈ ਜਿਸ ਨਾਲ 40 ਲੱਖ ਪਰਿਵਾਰਾਂ ਨੂੰ ਲਾਭ ਮਿਲ ਰਿਹਾ ਹੈ। ਅੰਤੋਦਿਆ ਪਰਿਵਾਰਾਂ ਨੂੰ ਪ੍ਰਤੀ ਪਰਿਵਾਰ ਪ੍ਰਤੀ ਮਹੀਨਾ 35 ਕਿਲੋਗ੍ਰਾਮ ਦੀ ਇੱਕਸਮਾਨ ਵੰਡ ਦਿੱਤੀ ਜਾ ਰਹੀ ਹੈ। ਹਾਲ ਹੀ ਵਿੱਚ ਮੰਤਰੀ ਮੰਡਲ ਨੇ ਲਾਭਪਾਤਰੀਆਂ ਨੂੰ ਆਟੇ ਦੀ ਹੋਮ ਡਿਲੀਵਰੀ ਕਰਨ ਨੂੰ ਪ੍ਰਵਾਨਗੀ ਦਿੱਤੀ ਹੈ, ਜੋ ਕਿ 1 ਅਕਤੂਬਰ, 2022 ਤੋਂ ਸ਼ੁਰੂ ਹੋ ਜਾਵੇਗੀ।