ਵਿਜੀਲੈਂਸ ਬਿਊਰੋ ਨੇ 7 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਪੁਲਿਸ ਸਬ-ਇੰਸਪੈਕਟਰ ਨੂੰ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ 7 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਪੁਲਿਸ ਸਬ-ਇੰਸਪੈਕਟਰ ਨੂੰ ਕੀਤਾ ਕਾਬੂ

ਚੰਡੀਗੜ੍ਹ, 21 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਪੁਲਿਸ ਇੰਸਪੈਕਟਰ ਬਲਜੀਤ ਸਿੰਘ ਨੂੰ 7 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਤਰਨਤਾਰਨ ਵਿਖੇ ਟਰੈਫਿਕ ਇੰਚਾਰਜ ਵਜੋਂ ਤਾਇਨਾਤ ਇੰਸਪੈਕਟਰ ਬਲਜੀਤ ਸਿੰਘ (ਨੰਬਰ 111/ਬੀ.ਆਰ. ਤਰਨਤਾਰਨ) ਨੂੰ ਸ਼ਰਨਜੀਤ ਸਿੰਘ ਜਿੰਮੀ ਵਾਸੀ ਮਾਡਲ ਟਾਊਨ, ਖਰੜ, ਜ਼ਿਲ੍ਹਾ ਐਸ.ਏ.ਐਸ. ਨਗਰ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਮੁਲਜ਼ਮ ਪੁਲਿਸ ਕਰਮਚਾਰੀ ਪਹਿਲਾਂ ਵੀ ਐਨ.ਡੀ.ਪੀ.ਐਸ. ਕੇਸ ਵਿੱਚ ਮੁਅੱਤਲ ਕੀਤਾ ਗਿਆ ਸੀ।ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪੁਲਿਸ ਮੁਲਾਜ਼ਮ ਉਸ ਦੇ ਪਿਤਾ ਅਤੇ ਮਾਤਾ ਨੂੰ ਅਦਾਲਤੀ ਕੇਸ ਵਿੱਚ ਪੇਸ਼ੀ ਤੋਂ ਛੋਟ ਦਿਵਾਉਣ ਬਦਲੇ 10,00,000 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਉਸਨੇ ਅੱਗੇ ਦੱਸਿਆ ਕਿ ਦੋਸ਼ੀ ਪੁਲਿਸ ਕਰਮਚਾਰੀ ਨੇ ਇਹ ਰਿਸ਼ਵਤ ਦੀ ਰਕਮ 7 ਲੱਖ ਅਤੇ 3 ਲੱਖ ਰੁਪਏ ਦੀਆਂ ਦੋ ਕਿਸ਼ਤਾਂ ਵਿੱਚ ਦੇਣ ਦੀ ਮੰਗ ਕੀਤੀ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੁਸ਼ਟੀ ਕਰਨ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਪਹਿਲੀ ਕਿਸ਼ਤ ਵਜੋਂ 7 ਲੱਖ ਦੀ ਰੁਪਏ ਦੀ ਰਿਸ਼ਵਤ ਲੈਂਦਿਆਂ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਉਨਾਂ ਦੱਸਿਆ ਕਿ ਉਕਤ ਦੋਸ਼ੀ ਇੰਸਪੈਕਟਰ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਉਡਣ ਦਸਤਾ-1 ਪੰਜਾਬ, ਐਸ.ਏ.ਐਸ.ਨਗਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Share: