ਖੰਨਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਅਮਰੀਕਾ ਤੋਂ ਪਰਤੇ ਭਾਰਤੀ ਨਾਗਰਿਕਾਂ ਦੀ ਵਾਪਸੀ ਤੋਂ ਸਬਕ ਸਿੱਖਣ ਅਤੇ ਗਲਤ ਤਰੀਕਿਆਂ ਨਾਲ ਵਿਦੇਸ਼ ਜਾਣ ਦੀ ਸੋਚ ਤਿਆਗ ਕੇ ਆਪਣੇ ਸੂਬੇ ਨੂੰ ਦੇਸ਼ ’ਚ ਮੋਹਰੀ ਬਣਾਉਣ ਲਈ ਮਿਹਨਤ ਕਰਨ। ਮੁੱਖ ਮੰਤਰੀ ਭਗਵੰਤ ਮਾਨ ਅੱਜ ਇਥੋਂ ਦੇ ਪਿੰਡ ਘੁੰਗਰਾਲੀ ਰਾਜਪੂਤਾਂ ਵਿੱਚ ਹੋਏ ਟੂਰਨਾਮੈਂਟ ਦੌਰਾਨ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਪਵਿੱਤਰ ਧਰਤੀ ’ਤੇ ਜਨਮ ਲੈਣਾ ਮਾਣ ਵਾਲੀ ਗੱਲ ਹੈ ਕਿਉਂਕਿ ਇਥੋਂ ਦੀ ਧਰਤੀ ਦੁਨੀਆ ਦੀ ਸਭ ਤੋਂ ਉਪਜਾਊ ਧਰਤੀ ਹੈ। ਉਨ੍ਹਾਂ ਅਫਸੋਸ ਪ੍ਰਗਟਾਇਆ ਕਿ ਸੂਬੇ ਵਿੱਚ ਪਿਛਲੀਆਂ ਸਰਕਾਰਾਂ ਦੀ ਨਾਕਾਮੀ ਕਾਰਨ ਨੌਜਵਾਨ ਬਿਹਤਰ ਭਵਿੱਖ ਦੀ ਭਾਲ ਵਿੱਚ ਹੋਰ ਮੁਲਕਾਂ ਵੱਲ ਪਰਵਾਸ ਕਰਨ ਲਈ ਮਜਬੂਰ ਸਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਪੰਜਾਬ ਦੇ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ’ਤੇ 50 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਸੂਬੇ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਤਿੰਨ ਸਾਲਾਂ ਵਿੱਚ ਨੌਜਵਾਨਾਂ ਨੂੰ ਇੰਨੀ ਵੱਡੀ ਗਿਣਤੀ ਵਿੱਚ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਰੁਝਾਨ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗਾ ਕਿਉਂਕਿ ਸੂਬੇ ਦੇ ਨੌਜਵਾਨਾਂ ਲਈ ਵੱਡੀ ਗਿਣਤੀ ਵਿੱਚ ਭਰਤੀ ਦੀ ਤਿਆਰੀ ਹੈ। ਇਸ ਕਾਰਨ ਪੰਜਾਬ ਵਿੱਚ ਪਰਵਾਸ ਨੂੰ ਮੋੜਾ ਪਿਆ ਹੈ ਕਿਉਂਕਿ ਨੌਜਵਾਨ ਸੂਬੇ ਵਿੱਚ ਸਰਕਾਰੀ ਨੌਕਰੀਆਂ ਲੈਣ ਲਈ ਵਿਦੇਸ਼ਾਂ ਤੋਂ ਪਰਤ ਰਹੇ ਹਨ।
Posted inLudhiana
ਅਮਰੀਕਾ ਤੋਂ ਪਰਤੇ ਭਾਰਤੀ ਨਾਗਰਿਕਾਂ ਤੋਂ ਸਬਕ ਲੈਣ ਨੌਜਵਾਨ: ਭਗਵੰਤ ਮਾਨ
