ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਸਕੂਲਾਂ ਦੇ ਦੌਰੇ

ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਸਕੂਲਾਂ ਦੇ ਦੌਰੇ

ਬਟਾਲਾ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਬਟਾਲਾ ਅਤੇ ਨੇੜਲੇ ਕੋਈ ਅੱਧੀ ਦਰਜਨ ਸਕੂਲਾਂ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਸਕੂਲਾਂ ਵਿੱਚ ਪੜ੍ਹਾਈ ਦੇ ਮਿਆਰ, ਸਾਫ਼ ਸਫ਼ਾਈ ਅਤੇ ਹੋਰ ਪ੍ਰਬੰਧਕੀ ਕੰਮਾਂ ਨੂੰ ਦੇਖਿਆ। ਸ੍ਰੀ ਬੈਂਸ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਣੀਆਂ ਕੇ ਬਾਂਗਰ, ਸਰਕਾਰੀ (ਕੰਨਿਆ) ਸੀਨੀਅਰ ਸੈਕੰਡਰੀ ਸਕੂਲ ਆਫ ਐਮੀਨੈਂਸ ਧਰਮਪੁਰਾ ਕਲੋਨੀ ਬਟਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਿਲ੍ਹਾ ਟੇਕ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਤੀਬ ਅਤੇ ਇੱਥੋਂ ਦੇ ਪ੍ਰਾਇਮਰੀ ਸਕੂਲ ਦਾ ਦੌਰਾ ਕਰਕੇ ਪੇਪਰਾਂ ਦੇ ਨੇੜੇ ਸਕੂਲਾਂ ਵਿੱਚ ਪੜ੍ਹਾਈ ਦੀ ਤਿਆਰੀ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਉਨ੍ਹਾਂ ਸਕੂਲ ਮੁਖੀਆਂ ਨਾਲ ਰਸਮੀ ਗੱਲਬਾਤ ਕੀਤੀ। ਸਿੱਖਿਆ ਮੰਤਰੀ ਬੈਂਸ ਨੇ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਜ਼ੋਰ ਦੇ ਕੇ ਕਿਹਾ ਕਿ ਉਹ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ਵੱਧ ਤੋਂ ਵੱਧ ਆਪਣਾ ਧਿਆਨ ਪੜ੍ਹਾਈ ਕਰਵਾਉਣ ’ਤੇ ਕੇੇਂਦਰਤ ਕਰਨ ਤਾਂ ਜੋ ਇਹ ਵਿਦਿਆਰਥੀ ਆਪਣੇ ਮਾਪਿਆਂ, ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕਰ ਸਕਣ। ਉਨ੍ਹਾਂ ਵੱਖ-ਵੱਖ ਸਕੂਲਾਂ ਦੇ ਦੌਰੇ ਦੌਰਾਨ ਸਾਫ਼ ਸਫ਼ਾਈ ’ਤੇ ਸੰਤੁਸ਼ਟੀ ਪ੍ਰਗਟ ਕੀਤੀ।

Share: