ਅੰਮ੍ਰਿਤਸਰ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਆਖਿਆ ਕਿ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫ਼ਾਰਗ ਕਰਨ ਦੇ ਮਾਮਲੇ ਵਿੱਚ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਆਪਣਾ ਪੱਖ ਸਪੱਸ਼ਟ ਕਰਨਾ ਚਾਹੀਦਾ ਹੈ। ਇੱਥੇ ਪੱਤਰਕਾਰ ਸੰਮੇਲਨ ਦੌਰਾਨ ਸ੍ਰੀ ਕਾਲਕਾ ਨੇ ਆਖਿਆ ਕਿ ਦੋ ਦਸੰਬਰ ਨੂੰ ਅਕਾਲ ਤਖ਼ਤ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਕੀਤੇ ਫ਼ੈਸਲੇ ਤੋਂ ਬਾਅਦ ਸਿੱਖ ਕੌਮ ਨੂੰ ਮਹਿਸੂਸ ਹੋਇਆ ਸੀ ਕਿ ਜਥੇਦਾਰ ਫੂਲਾ ਸਿੰਘ ਵਰਗਾ ਜਥੇਦਾਰ ਮੁੜ ਕੌਮ ਨੂੰ ਮਿਲਿਆ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪਹਿਲਾਂ ਵੀ ਗਿਆਨੀ ਹਰਪ੍ਰੀਤ ਸਿੰਘ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਸੀ। ਉਨ੍ਹਾਂ ਕਿਹਾ ਕਿ ਹੁਣ ਇਸ ਮਾਮਲੇ ਵਿੱਚ ਉਨ੍ਹਾਂ ਨੂੰ ਆਪਣਾ ਪੱਖ ਸਪੱਸ਼ਟ ਕਰਨਾ ਚਾਹੀਦਾ ਹੈ। ਜਥੇਦਾਰ ਗਿਆਨੀ ਰਘਬੀਰ ਸਿੰਘ ਇਸ ਮਾਮਲੇ ’ਚ ਸ਼੍ਰੋਮਣੀ ਕਮੇਟੀ ਵੱਲੋਂ ਕੀਤੀ ਜਾ ਰਹੀ ਜਾਂਚ ’ਤੇ ਇਤਰਾਜ਼ ਕੀਤਾ ਸੀ। ਉਨ੍ਹਾਂ ਨੇ ਇਸ ਮਾਮਲੇ ਵਿੱਚ ਮੀਡੀਆ ਕੋਲ ਖੁਲਾਸਾ ਕੀਤਾ ਸੀ ਕਿ ਜਦੋਂ ਗਿਆਨੀ ਹਰਪ੍ਰੀਤ ਸਿੰਘ ਲੱਗੇ ਦੋਸ਼ਾਂ ਸਬੰਧੀ ਤਖ਼ਤ ਦਮਦਮਾ ਸਾਹਿਬ ਵਿਖੇ ਪੰਜ ਪਿਆਰਿਆਂ ਦੀ ਹਾਜ਼ਰੀ ਵਿੱਚ ਸੰਗਤ ਦੇ ਸਾਹਮਣੇ ਆਪਣਾ ਪੱਖ ਰੱਖ ਚੁੱਕੇ ਹਨ ਤਾਂ ਇਸ ਮਾਮਲੇ ਨੂੰ ਵਿਚਾਰਨ ਜਾਂ ਜਾਂਚ ਕਰਨ ਦੀ ਕੋਈ ਲੋੜ ਨਹੀਂ। ਹੁਣ ਤੱਕ ਜਥੇਦਾਰ ਵੱਲੋਂ ਇਸ ਸਬੰਧੀ ਕੋਈ ਵੀ ਬਿਆਨ ਜਾਂ ਪ੍ਰਤੀਕਰਮ ਨਹੀਂ ਆਇਆ। ਉਹ ਅੱਜ ਕੱਲ੍ਹ ਇੰਗਲੈਂਡ ਦੌਰੇ ’ਤੇ ਹਨ।
Posted inAmritsar
ਹਰਪ੍ਰੀਤ ਸਿੰਘ ਨੂੰ ਫ਼ਾਰਗ ਕਰਨ ਬਾਰੇ ਆਪਣਾ ਪੱਖ ਸਪਸ਼ਟ ਕਰਨ ਜਥੇਦਾਰ: ਕਾਲਕਾ
