ਬਠਿੰਡਾ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਪਿਛਲੇ ਦਿਨੀਂ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਮੀਟਿੰਗ ਮਗਰੋਂ ਹੁਣ ਪੰਜਾਬ ਦੇ ਲੋਕ ਸਭਾ ਹਲਕਿਆਂ ਦੇ ਪਾਰਟੀ ਇੰਚਾਰਜਾਂ ਨਾਲ ਦਿੱਲੀ ਵਿੱਚ ਮੀਟਿੰਗ ਕਰਕੇ ਫੀਡ ਬੈਕ ਲਈ ਗਈ ਹੈ।
ਮੀਟਿੰਗ ’ਚ ਸ਼ਾਮਿਲ ਲੋਕ ਸਭਾ ਹਲਕਾ ਫ਼ਰੀਦਕੋਟ ਦੇ ਇੰਚਾਰਜ ਅਤੇ ਪੰਜਾਬ ਵਾਟਰ ਸਪਲਾਈ ਸੀਵਰੇਜ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਧਰਮਜੀਤ ਸਿੰਘ ਰਾਮੇਆਣਾ ਨੇ ਇਸ ਖ਼ਬਰ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਸ੍ਰੀ ਕੇਜਰੀਵਾਲ ਨੇ ਸਭਨਾਂ ਦਾ ਪੱਖ ਸੁਣ ਕੇ ਕਿਹਾ ਕਿ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਬੂਥ ਪੱਧਰ ਤੋਂ ਲੈ ਕੇ ਰਾਜ ਪੱਧਰ ਤੱਕ ਲੋੜ ਮੁਤਾਬਿਕ ਤਬਦੀਲੀਆਂ ਅਤੇ ਅਹੁਦਿਆਂ ’ਤੇ ਨਵੀਆਂ ਨਿਯੁਕਤੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਪਾਰਟੀ ਲਈ ਤਨਦੇਹੀ ਨਾਲ ਮਿਹਨਤ ਕਰਨ ਵਾਲੇ ਵਰਕਰਾਂ ਦਾ ਖਿਆਲ ਰੱਖੇ ਜਾਣ ਦੀ ਵੀ ਗੱਲ ਕਹੀ ਗਈ। ਉਨ੍ਹਾਂ ਦੱਸਿਆ ਕਿ ਪਾਰਟੀ ਸੁਪਰੀਮੋ ਨੇ ਕਿਹਾ ਕਿ ਪੰਜਾਬੀਆਂ ਨੇ ਭ੍ਰਿਸ਼ਟਾਚਾਰ ਖਤਮ ਕਰਨ ਦੇ ਮੁੱਦੇ ’ਤੇ ਮਿਸਾਲੀ ਫ਼ਤਵਾ ਦੇ ਕੇ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਾਈ ਹੈ ਅਤੇ ਇਸ ਮਾਮਲੇ ’ਚ ਕਿਸੇ ਕਿਸਮ ਦਾ ਸਮਝੌਤਾ ਨਾ ਕਰਦਿਆਂ ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਕਾਰਵਾਈਆਂ ਤੇਜ਼ ਕੀਤੀਆਂ ਜਾਣਗੀਆਂ ਅਤੇ ਜੋ ਕਮੀਆਂ ਪੇਸ਼ੀਆਂ ਹਨ ਉਹ ਨਵੀਂ ਰਣਨੀਤੀ ਤਹਿਤ ਦੂਰ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਸਾਰੇ ਹਲਕਾ ਇੰਚਾਰਜਾਂ ਨੇ ਸ੍ਰੀ ਕੇਜਰੀਵਾਲ ਨੂੰ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਹੁਤ ਵਧੀਆ ਕੰਮ ਕਰ ਰਹੇ ਹਨ ਅਤੇ ਲੋਕ ਉਨ੍ਹਾਂ ਦੀ ਕਾਰਜ ਸ਼ੈਲੀ ਤੋਂ ਖ਼ੁਸ਼ ਹਨ।