ਪਟਿਆਲਾ/ਪਾਤੜਾਂ : ਫ਼ਸਲਾਂ ਦੀ ਐੱਮਐੱਸਪੀ ’ਤੇ ਖਰੀਦ ਦੀ ਕਾਨੂੰਨੀ ਗਾਰੰਟੀ ਸਣੇ ਹੋਰਨਾਂ ਕਿਸਾਨੀ ਮੰਗਾਂ ਦੀ ਪੂਰਤੀ ਲਈ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਸ਼ੰਭੂ ਤੇ ਖਨੌਰੀ (ਅੰਤਰਰਾਜੀ) ਬਾਰਡਰਾਂ ’ਤੇ ਜਾਰੀ ਕਿਸਾਨ ਮੋਰਚਿਆਂ ਨੂੰ ਸਾਲ ਪੂਰਾ ਹੋਣ ’ਤੇ ਅੱਜ ਢਾਬੀ ਗੁਜਰਾਂ (ਖਨੌਰੀ) ਬਾਰਡਰ ’ਤੇ ਉਲੀਕੀ ਮਹਾਪੰਚਾਇਤ ਸ਼ੁਰੂ ਹੋ ਗਈ ਹੈ।
ਮਹਾਪੰਚਾਇਤ ਵਿਚ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਹੋਰਨਾਂ ਰਾਜਾਂ ਵਿੱਚੋਂ ਵੀ ਕਿਸਾਨਾਂ ਤੇ ਮਜ਼ਦੂਰਾਂ ਸਮੇਤ ਹੋਰ ਜਮਹੂਰੀਅਤ ਪਸੰਦ ਲੋਕ ਸ਼ਿਰਕਤ ਕਰ ਰਹੇ ਹਨ।
ਕਿਸਾਨ ਆਗੂ ਕਾਕਾ ਸਿੰਘ ਕੋਟੜਾ ਅਤੇ ਲਖਵਿੰਦਰ ਸਿੰਘ ਔਲਖ ਨੇ ਕਿਹਾ ਕਿ ਮਹਾਪੰਚਾਇਤ ਦੌਰਾਨ ਕਿਸਾਨ ਆਗੂ ਤੇ ਭੁੱਖ ਹੜਤਾਲ ’ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਵੀ ਆਪਣਾ ਸੰਦੇਸ਼ ਦੇਣਗੇ।
ਮਹਾਪੰਚਾਇਤ ਦੌਰਾਨ ਸਟੇਜ ਤੋਂ ਸ਼ਹੀਦ ਸ਼ੁਭਕਰਨ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ। ਸ਼ੁਭਕਰਨ ਦੀ ਪਿਛਲੇ ਸਾਲ 21 ਫਰਵਰੀ ਨੂੰ ਢਾਬੀ ਗੁਜਰਾਂ ਬਾਰਡਰ ’ਤੇ ਹਰਿਆਣਾ ਪੁਲੀਸ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ। ਕਿਸਾਨ ਆਗੂ ਡੱਲੇਵਾਲ ਦੇ ਕਮਰੇ ਮੂਹਰੇ ਪਹਿਰਾ ਦਿੰਦੇ ਆ ਰਹੇ ਅਤੇ ਸੜਕ ਹਾਦਸੇ ਦੌਰਾਨ ਜ਼ਖ਼ਮੀ ਹੋਣ ਮਗਰੋਂ ਪੀਜੀਆਈ ਵਿੱਚ ਇਲਾਜ ਦੌਰਾਨ ਦਮ ਤੋੜਨ ਵਾਲੇ ਕਿਸਾਨ ਚਰਨਜੀਤ ਸਿੰਘ ਕਾਲਾ ਦੀ ਮੌਤ ’ਤੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।