ਆਰਜੀ ਕਰ ਮਾਮਲਾ: ਮਮਤਾ ਨੇ ਦੋਸ਼ੀਆਂ ਲਈ ਸਖ਼ਤ ਸਜ਼ਾ ਮੰਗੀ

ਆਰਜੀ ਕਰ ਮਾਮਲਾ: ਮਮਤਾ ਨੇ ਦੋਸ਼ੀਆਂ ਲਈ ਸਖ਼ਤ ਸਜ਼ਾ ਮੰਗੀ

ਕੋਲਕਾਤਾ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਕਤਲ ਕੀਤੀ ਮਹਿਲਾ ਡਾਕਟਰ ਨੂੰ ਅੱਜ ਆਪਣੀ ‘ਭੈਣ’ ਦੱਸਦਿਆਂ ਪੀੜਤ ਦੇ ਮਾਪਿਆਂ ਪ੍ਰਤੀ ਡੂੰਘੀ ਹਮਦਰਦੀ ਦਾ ਇਜ਼ਹਾਰ ਕੀਤਾ। ਉਨ੍ਹਾਂ ਨਾਲ ਹੀ ਇਸ ਅਪਰਾਧ ਲਈ ਜ਼ਿੰਮੇਵਾਰ ਲੋਕਾਂ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਵੀ ਕੀਤੀ। ਉਹ ਇੱਥੇ ਸੀਨੀਅਰ ਤੇ ਜੂਨੀਅਰ ਡਾਕਟਰਾਂ ਅਤੇ ਮੈਡੀਕਲ ਵਿਦਿਆਰਥੀਆਂ ਦੀ ਖ਼ਾਸ ਇਕੱਤਰਤਾ ਨੂੰ ਸੰਬੋਧਨ ਕਰ ਰਹੇ ਸਨ।

ਮੁੱਖ ਮੰਤਰੀ ਨੇ ਇਨਸਾਫ਼ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੇ ਯਤਨ ਦਾ ਜ਼ਿਕਰ ਕੀਤਾ ਅਤੇ ਅਪਰਾਜਿਤਾ ਬਿੱਲ ਪੇਸ਼ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਇਹ ਬਿੱਲ ਜਬਰ-ਜਨਾਹ ਦੇ ਦੋਸ਼ੀਆਂ ਲਈ ਮੌਤ ਦੀ ਸਜ਼ਾ ਦੀ ਮੰਗ ਕਰਦਾ ਹੈ। ਬੈਨਰਜੀ ਨੇ ਕਿਹਾ, ‘‘ਮੈਂ ਆਰਜੀ ਕਰ ਹਸਪਤਾਲ ਵਿੱਚ ਕਤਲ ਕੀਤੀ ਭੈਣ ਦੇ ਪਰਿਵਾਰ ਨਾਲ ਆਪਣੀ ਸੰਵੇਦਨਾ ਪ੍ਰਗਟ ਕਰਦੀ ਹਾਂ। ਅਸੀਂ ਇਸ ਮਾਮਲੇ ਵਿੱਚ ਢੁਕਵੀਂ ਸਜ਼ਾ ਦੀ ਮੰਗ ਕਰਦੇ ਹਾਂ।’’ ਉਨ੍ਹਾਂ ਕਿਹਾ, ‘‘ਮੈਂ ਇਸ ਘਟਨਾ ਦੇ ਵਿਰੋਧ ਵਿੱਚ ਸੜਕਾਂ ’ਤੇ ਵੀ ਉਤਰੀ ਸੀ। ਸਾਡੀ ਸਰਕਾਰ ਨੇ ਅਪਰਾਜਿਤਾ ਬਿੱਲ ਪਾਸ ਕਰ ਦਿੱਤਾ ਸੀ ਪਰ ਇਹ ਹਾਲੇ ਰਾਸ਼ਟਰਪਤੀ ਕੋਲ ਹੈ।’’ ਜ਼ਿਕਰਯੋਗ ਹੈ ਕਿ ਪਿਛਲੇ ਸਾਲ 9 ਅਗਸਤ ਨੂੰ ਕੋਲਕਾਤਾ ਦੇ ਸਰਕਾਰੀ ਹਸਪਤਾਲ ਵਿੱਚ 31 ਸਾਲਾ ਜੂਨੀਅਰ ਡਾਕਟਰ ਨਾਲ ਜਬਰ-ਜਨਾਹ ਕਰਨ ਪਿੱਛੋਂ ਉਸ ਦੀ ਹੱਤਿਆ ਕਰ ਦਿੱਤੀ ਗਈ ਸੀ, ਜਿਸ ਕਾਰਨ ਦੇਸ਼ ਭਰ ਵਿੱਚ ਰੋਸ ਪੈਦਾ ਹੋ ਗਿਆ ਸੀ। ਉਨ੍ਹਾਂ ਕਿਹਾ, ‘‘ਮੈਂ ਆਪਣੇ ਭਰਾਵਾਂ ਨੂੰ ਸਾਡੀਆਂ ਭੈਣਾਂ ਦੀ ਰਾਖੀ ਕਰਨ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਰੋਕਣ ਦੀ ਜ਼ਿੰਮੇਵਾਰੀ ਸੌਂਪਦੀ ਹਾਂ।

ਮਮਤਾ ਨੇ ਡਾਕਟਰਾਂ ਦੀਆਂ ਤਨਖਾਹਾਂ ਵਧਾਈਆਂ

ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਸਰਕਾਰੀ ਡਾਕਟਰਾਂ ਦੀਆਂ ਤਨਖਾਹਾਂ ਵਿੱਚ 10,000 ਤੋਂ ਲੈ ਕੇ 15,000 ਰੁਪਏ ਤੱਕ ਦਾ ਵਾਧਾ ਕਰਨ ਦਾ ਐਲਾਨ ਕੀਤਾ। ਮਮਤਾ ਬੈਨਰਜੀ ਜੋ ਕਿ ਸੂਬੇ ਦੀ ਸਿਹਤ ਮੰਤਰੀ ਵੀ ਹਨ, ਨੇ ਸਭਿਆਚਾਰਕ ਤੇ ਖੇਡ ਗਤੀਵਿਧੀਆਂ ਲਈ ਸੂਬੇ ਵਿਚਲੇ ਹਰੇਕ ਮੈਡੀਕਲ ਕਾਲਜ ਨੂੰ ਦੋ-ਦੋ ਕਰੋੜ ਰੁਪਏ ਦੇ ਫੰਡ ਦੇਣ ਦਾ ਐਲਾਨ ਵੀ ਕੀਤਾ।

Share: