ਪੰਜਾਬ ਦੀ ਭਗਵੰਤ ਮਾਨ ਸਰਕਾਰ ਪੂਰੇ ਐਕਸ਼ਨ ਮੋਡ ਵਿੱਚ ਹੈ। ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ‘ਖ਼ਿਲਾਫ਼ ਵੱਡਾ ਐਕਸ਼ਨ ਲਿਆ ਹੈ। ਉਨ੍ਹਾ ਨੇ ਪੁਲਿਸ ਵਿਭਾਗ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਵਿੱਚ ਸ਼ਾਮਲ 52 ਪੁਲਿਸ ਮੁਲਾਜ਼ਮਾਂ ਨੂੰ ਬਰਖਾਸਤ ਕਰ ਦਿੱਤਾ ਹੈ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੱਤੀ ਕਿ ਦੋ ਦਿਨ ਪਹਿਲਾਂ, ਮੁਕਸਰ ਦੇ ਡੀਸੀ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਪੰਜਾਬ ਸਰਕਾਰ ਭ੍ਰਿਸ਼ਟਾਚਾਰ ਵਿਰੁੱਧ ਲਗਾਤਾਰ ਕਾਰਵਾਈ ਕਰ ਰਹੀ ਹੈ। ਜਿਨ੍ਹਾਂ 52 ਪੁਲਿਸ ਮੁਲਾਜ਼ਮਾਂ ਨੂੰ ਬਰਖਾਸਤ ਕੀਤਾ ਗਿਆ ਹੈ, ਉਨ੍ਹਾਂ ਵਿੱਚ ਕਾਂਸਟੇਬਲ ਤੋਂ ਲੈ ਕੇ ਇੰਸਪੈਕਟਰ ਪੱਧਰ ਤੱਕ ਦੇ ਅਧਿਕਾਰੀ ਸ਼ਾਮਲ ਹਨ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਭਾਵੇਂ ਉਹ ਕੋਈ ਵੀ ਅਧਿਕਾਰੀ ਹੋਵੇ ਜਾਂ ਕਾਂਸਟੇਬਲ, ਗਲਤ ਕੰਮ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਫਰੀਦਕੋਟ ਵਿੱਚ ਇੱਕ ਅਧਿਕਾਰੀ ਨੇ ਕੁਝ ਗਲਤ ਕੀਤਾ ਅਤੇ ਉਸ ਵਿਰੁੱਧ ਕਾਰਵਾਈ ਕੀਤੀ ਗਈ ਹੈ।
ਇਸ ਮੌਕੇ ਡੀਜੀਪੀ ਪੰਜਾਬ ਯਾਦਵ ਨੇ ਨਸ਼ਿਆਂ ਦੀ ਰੋਕਥਾਮ ਲਈ ਇੱਕ ਵਟਸਐਪ ਨੰਬਰ ਵੀ (9779100200) ਜਾਰੀ ਕੀਤਾ ਹੈ। ਇਸ ਨੰਬਰ ‘ਤੇ ਡਰੱਗ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਤੁਰੰਤ ਕਾਰਵਾਈ ਕੀਤੀ ਜਾਵੇਗੀ। ਡੀਜੀਪੀ ਗੌਰਵ ਯਾਦਵ ਨੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਡਰੱਗ ਖ਼ਿਲਾਫ਼ ਲੜਾਈ ਪੁਲਿਸ ਦੀ ਮੁੱਖ ਤਰਜ਼ੀਹ ਹੈ।
ਦੱਸ ਦਈਏ ਕਿ ਬੀਤੇ ਦਿਨੀਂ ਭ੍ਰਿਸ਼ਟਾਚਾਰ ਖਿਲਾਫ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਨੂੰ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਮੁਅੱਤਲ ਕਰ ਦਿੱਤਾ। ਮੁਅੱਤਲੀ ਤੋਂ ਪਹਿਲਾਂ ਉਨ੍ਹਾਂ ਨੂੰ ਉਸਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ।
ਮਾਨ ਸਰਕਾਰ ਨੇ ਕਾਰਵਾਈ ਕਰਦਿਆਂ ਵਿਜੀਲੈਂਸ ਮੁਖੀ ਨੂੰ ਵੀ ਬਦਲ ਦਿੱਤਾ ਹੈ। ਵਰਿੰਦਰ ਕੁਮਾਰ ਨੂੰ ਹਟਾ ਦਿੱਤਾ ਗਿਆ ਹੈ ਅਤੇ ਨਾਗੇਸ਼ਵਰ ਰਾਓ ਨੂੰ ਨਵੀਂ ਜ਼ਿੰਮੇਵਾਰੀ ਸੌਂਪੀ ਗਈ ਹੈ। ਰਾਜੇਸ਼ ਤ੍ਰਿਪਾਠੀ ਸ਼ਾਇਦ ਪੰਜਾਬ ਦੇ ਪਹਿਲੇ ਡੀਸੀ ਹਨ ਜਿਨ੍ਹਾਂ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਮੁਅੱਤਲ ਕੀਤਾ ਗਿਆ। ਇਸ ਤੋਂ ਪਹਿਲਾਂ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਡੀ.ਕੇ. ਤਿਵਾੜੀ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਸੀ।