ਪੰਜਾਬ ਦੇ ਮੁਲਾਜ਼ਮਾਂ ਨੂੰ ਤੋਹਫਾ, ਮਾਨ ਸਰਕਾਰ ਨੇ ਲਿਆ ਵੱਡਾ ਫੈਸਲਾ…

ਪੰਜਾਬ ਦੇ ਮੁਲਾਜ਼ਮਾਂ ਨੂੰ ਤੋਹਫਾ, ਮਾਨ ਸਰਕਾਰ ਨੇ ਲਿਆ ਵੱਡਾ ਫੈਸਲਾ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੰਤਰੀ ਮੰਡਲ ਦੀ ਮੀਟਿੰਗ ਵਿਚ 70 ਦੇ ਕਰੀਬ ਏਜੰਡਿਆਂ ਉਤੇ ਵਿਚਾਰ-ਚਰਚਾ ਕੀਤੀ ਗਈ। ਪੰਜਾਬ ਸਰਕਾਰ ਨੇ ਜਿੱਥੇ 6 ਲੱਖ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕੀਤੀ ਹੈ, ਉੱਥੇ ਸਮਾਜ ਦੇ ਹੋਰ ਵਰਗਾਂ ਲਈ ਵੀ ਵੱਡੇ ਫ਼ੈਸਲੇ ਲਏ ਹਨ।

ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਉਨ੍ਹਾਂ ਦੇ 14,000 ਕਰੋੜ ਰੁਪਏ ਦੇ ਬਕਾਏ ਜਾਰੀ ਕਰਨ ਦੀ ਮਨਜ਼ੂਰੀ ਦਿੱਤੀ ਗਈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਤਿੰਨ ਲੱਖ ਮੁਲਾਜ਼ਮਾਂ ਅਤੇ ਤਿੰਨ ਲੱਖ ਪੈਨਸ਼ਨਰਾਂ ਨੂੰ ਪਹਿਲੀ ਜਨਵਰੀ 2016 ਤੋਂ 30 ਜੂਨ, 2022 ਤੱਕ ਦੇ ਸਮੇਂ ਦੀ ਸੋਧੀ ਹੋਈ ਤਨਖਾਹ, ਪੈਨਸ਼ਨ ਅਤੇ ਲੀਵ ਇਨਕੈਸ਼ਮੈਂਟ ਦਾ ਬਕਾਇਆ ਅਤੇ ਪਹਿਲੀ ਜੁਲਾਈ, 2021 ਤੋਂ 31 ਮਾਰਚ, 2024 ਤੱਕ ਦੇ ਡੀਏ ਦਾ ਬਕਾਇਆ ਜਾਰੀ ਕਰਨ ਦੀ ਪ੍ਰਵਾਨਗੀ ਦਿੱਤੀ ਹੈ।

ਪਹਿਲਾਂ 85 ਸਾਲ ਤੋਂ ਵੱਧ ਉਮਰ ਵਰਗ ਦੇ ਪੈਨਸ਼ਨਰਾਂ ਜਾਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਤਿੰਨ ਕਿਸ਼ਤਾਂ ਵਿੱਚ ਭੁਗਤਾਨ ਕੀਤਾ ਜਾਵੇਗਾ। ਸੂਬਾ ਸਰਕਾਰ ਵੱਲੋਂ ਸਾਲ 2028 ਤੱਕ ਸਾਰੀ ਰਕਮ ਦਾ ਭੁਗਤਾਨ ਕਰਨ ਦਾ ਦਾਅਵਾ ਕੀਤਾ ਗਿਆ ਹੈ। ਕੈਬਨਿਟ ਨੇ ਸਰਕਾਰੀ ਅਤੇ ਨਿੱਜੀ ਖੇਤਰ ਵਿੱਚ 60 ਹਜ਼ਾਰ ਅਸਾਮੀਆਂ ਭਰਨ ਲਈ ਵੀ ਹਰੀ ਝੰਡੀ ਦੇ ਦਿੱਤੀ ਹੈ। ਪਰਵਾਸੀ ਭਾਰਤੀਆਂ ਨੂੰ ਸਮੇਂ ਸਿਰ ਇਨਸਾਫ਼ ਦਿਵਾਉਣ ਲਈ ਜਲੰਧਰ, ਹੁਸ਼ਿਆਰਪੁਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, ਮੋਗਾ ਅਤੇ ਲੁਧਿਆਣਾ ’ਚ ਵਿਸ਼ੇਸ਼ ਫਾਸਟ ਟਰੈਕ ਐੱਨਆਰਆਈ ਅਦਾਲਤਾਂ ਸਥਾਪਤ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ। ਮੰਤਰੀ ਮੰਡਲ ਨੇ ਖੇਤੀ ਮੰਤਵ ਲਈ 200 ਸੋਲਰ ਪੰਪ ਸਥਾਪਤ ਕਰਨ ਲਈ ਪਾਇਲਟ ਪ੍ਰਾਜੈਕਟ ਸ਼ੁਰੂ ਕਰਨ ਦੀ ਵੀ ਪ੍ਰਵਾਨਗੀ ਦਿੱਤੀ ਹੈ। ਇਸ ਪ੍ਰਾਜੈਕਟ ਲਈ 90 ਫ਼ੀਸਦੀ ਫੰਡਿੰਗ ਪੰਜਾਬ ਸਰਕਾਰ ਵੱਲੋਂ ਕੀਤੀ ਜਾਵੇਗੀ।

ਮੰਤਰੀ ਮੰਡਲ ਨੇ ਵੱਖ-ਵੱਖ ਪਿੰਡਾਂ ਦੀਆਂ ਸਬ-ਡਿਵੀਜ਼ਨਾਂ ਵਿਚ ਤਬਦੀਲੀ ਕਰਨ ਲਈ ਮਨਜ਼ੂਰੀ ਦਿੱਤੀ ਹੈ। ਪਿੰਡ ਮਹਰੂ, ਟਿਵਾਣਾ ਅਤੇ ਤਸਲਪੁਰ ਨੂੰ ਸਬ-ਡਿਵੀਜ਼ਨ ਤੇ ਤਹਿਸੀਲ ਦੂਧਨ ਸਾਧਾਂ, ਜ਼ਿਲ੍ਹਾ ਪਟਿਆਲਾ ਤੋਂ ਕੱਢ ਕੇ ਸਬ-ਤਹਿਸੀਲ ਘਨੌਰ, ਤਹਿਸੀਲ ਰਾਜਪੁਰਾ, ਜ਼ਿਲ੍ਹਾ ਪਟਿਆਲਾ ਵਿੱਚ ਸ਼ਾਮਲ ਕਰਨ ਦੀ ਮਨਜ਼ੂਰੀ ਦਿੱਤੀ ਹੈ। ਇਸੇ ਤਰ੍ਹਾਂ ਸਬ-ਡਿਵੀਜ਼ਨ ਚੀਮਾ ਦੇ ਪਿੰਡ ਨਮੋਲ ਨੂੰ ਸਬ-ਡਵੀਜ਼ਨ ਸੁਨਾਮ ਊਧਮ ਸਿੰਘ ਵਾਲਾ, ਜ਼ਿਲ੍ਹਾ ਸੰਗਰੂਰ ਵਿੱਚ ਸ਼ਾਮਲ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ।
Share: