ਪੰਜਾਬੀ ਨੂੰ ਬੋਰਡ ਪ੍ਰੀਖਿਆਵਾਂ ਦੀ ਖੇਤਰੀ ਭਾਸ਼ਾਵਾਂ ਵਾਲੀ ਸੂਚੀ ’ਚੋਂ ਬਾਹਰ ਕੱਢਣ ਦਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਰੋਧ

ਪੰਜਾਬੀ ਨੂੰ ਬੋਰਡ ਪ੍ਰੀਖਿਆਵਾਂ ਦੀ ਖੇਤਰੀ ਭਾਸ਼ਾਵਾਂ ਵਾਲੀ ਸੂਚੀ ’ਚੋਂ ਬਾਹਰ ਕੱਢਣ ਦਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਰੋਧ

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵੱਲੋਂ ਨਵੀਂ ਸਿੱਖਿਆ ਨੀਤੀ 2020 ਤਹਿਤ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਲਈ ਬਣਾਈ ਗਈ ਨਵੀਂ ਨੀਤੀ ਵਿੱਚ ਪੰਜਾਬੀ ਮਾਂ ਬੋਲੀ ਨੂੰ ਖੇਤਰੀ ਭਾਸ਼ਾਵਾਂ ਦੀ ਸੂਚੀ ਵਿੱਚੋਂ ਬਾਹਰ ਕੱਢ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਦਸਵੀਂ ਅਤੇ 12ਵੀਂ ਦੇ ਸੀਬੀਐੱਸਈ ਦੇ ਸਿਲੇਬਸ ਵਿੱਚ ਖੇਤਰੀ ਅਤੇ ਵਿਦੇਸ਼ੀ ਭਾਸ਼ਾਵਾਂ ਦੀ ਸੂਚੀ ਵਿੱਚ ਪੰਜਾਬੀ ਮਾਂ ਬੋਲੀ ਦਾ ਨਾਂ ਸ਼ਾਮਲ ਨਹੀਂ ਹੈ।

ਡਾ. ਚੀਮਾ ਨੇ ਕਿਹਾ ਕਿ ਪੰਜਾਬੀ ਮਾਂ ਬੋਲੀ ਭਾਰਤ ਤੋਂ ਇਲਾਵਾ ਵਿਦੇਸ਼ ਦੇ ਕਈ ਮੁਲਕਾਂ ਵਿੱਚ ਵਧੇਰੇ ਬੋਲੀ ਜਾਣ ਵਾਲੀ ਅਹਿਮ ਭਾਸ਼ਾ ਹੈ ਅਤੇ ਇਸ ਨੂੰ ਖੇਤਰੀ ਭਾਸ਼ਾਵਾਂ ਦੀ ਸੂਚੀ ਵਿੱਚੋਂ ਬਾਹਰ ਕੱਢਣਾ ਪੰਜਾਬੀ ਮਾਂ ਬੋਲੀ ਨਾਲ ਧੱਕਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪਹਿਲਾਂ ਜੰਮੂ ਕਸ਼ਮੀਰ ਵਿੱਚੋਂ ਅਤੇ ਹੁਣ ਸੀਬੀਐਸਈ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਦੇ ਸਿਲੇਬਸ ਵਿੱਚੋਂ ਇਸ ਨੂੰ ਬਾਹਰ ਕੱਢ ਕੇ ਵੱਡਾ ਧਰੋਹ ਕਮਾਇਆ ਗਿਆ ਹੈ।

ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਦੀ ਇਸ ਨੀਤੀ ਦਾ ਸਖ਼ਤ ਵਿਰੋਧ ਕੀਤਾ ਅਤੇ ਸੀਬੀਐਸਈ ਕੋਲੋਂ ਮੰਗ ਕੀਤੀ ਹੈ ਕਿ ਇਸ ਨੂੰ ਖੇਤਰੀ ਭਾਸ਼ਾਵਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਜਾਵੇ। ਉਨ੍ਹਾਂ ਪੰਜਾਬ ਸਰਕਾਰ ਨੂੰ ਵੀ ਕਿਹਾ ਕਿ ਉਹ ਕੁੰਭਕਰਨੀ ਨੀਂਦ ਤੋਂ ਜਾਗੇ ਅਤੇ ਕੇਂਦਰ ਸਰਕਾਰ ਕੋਲ ਇਸ ਮਾਮਲੇ ਵਿੱਚ ਆਪਣਾ ਵਿਰੋਧ ਦਰਜ ਕਰਵਾਏ।

ਸਾਬਕਾ ਸਿੱਖਿਆ ਮੰਤਰੀ ਨੇ ਆਪਣੇ ਐਕਸ ਖਾਤੇ ਵਿੱਚ ਸੀਬੀਐਸਈ ਦੀ ਇੱਕ ਖੇਤਰੀ ਅਤੇ ਵਿਦੇਸ਼ੀ ਭਾਸ਼ਾਵਾਂ ਦੀ ਸੂਚੀ ਵੀ ਦਰਜ ਕੀਤੀ ਹੈ ਜਿਸ ਵਿੱਚ ਵੱਖ-ਵੱਖ ਦੇਸ਼ੀ ਅਤੇ ਵਿਦੇਸ਼ੀ ਭਾਸ਼ਾਵਾਂ ਸ਼ਾਮਲ ਹਨ, ਪਰ ਉਸ ਵਿੱਚ ਪੰਜਾਬੀ ਦਾ ਕੋਈ ਜ਼ਿਕਰ ਨਹੀਂ ਹੈ।

Share: