ਜਲੰਧਰ : ਕਮਿਊਨਿਸਟ ਕੋਆਰਡੀਨੇਸ਼ਨ ਕਮੇਟੀ ਵੱਲੋਂ ਅੱਜ ਇੱਥੇ ‘ਸੰਵਿਧਾਨ ਬਚਾਓ, ਦੇਸ਼ ਬਚਾਓ, ਪੰਜਾਬ ਬਚਾਓ’ ਦੇ ਸੱਦੇ ਤਹਿਤ ਮਹਾਂ ਰੈਲੀ ਕੀਤੀ ਗਈ। ਰੈਲੀ ਦੀ ਪ੍ਰਧਾਨਗੀ ਰਤਨ ਸਿੰਘ ਰੰਧਾਵਾ ਤੇ ਮੰਗਤ ਰਾਮ ਲੌਂਗੋਵਾਲ ਨੇ ਕੀਤੀ। ਇਸ ਦੌਰਾਨ ਕਾਮਰੇਡ ਮੰਗਤ ਰਾਮ ਪਾਸਲਾ ਤੇ ਕਾਮਰੇਡ ਅਸ਼ੋਕ ਓਂਕਾਰ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਦੇਸ਼ ਦੇ ਕਾਰਪੋਰੇਟ ਘਰਾਣਿਆਂ ਦੇ ਹਿੱਤ ਪੂਰਨ ਵਾਲੀਆਂ ਆਰਥਿਕ ਨੀਤੀਆਂ ਮਿਹਨਤਕਸ਼ ਲੋਕਾਂ ਨੂੰ ਮਹਿੰਗਾਈ, ਬੇਰੁਜ਼ਗਾਰੀ ਅਤੇ ਗਰੀਬੀ ਦੀ ਦਲਦਲ ’ਚ ਸੁੱਟ ਰਹੀਆਂ ਹਨ, ਜਿਨ੍ਹਾਂ ਦੇ ਟਾਕਰੇ ਲਈ ਖੱਬੀਆਂ ਤੇ ਜਮਹੂਰੀ ਸ਼ਕਤੀਆਂ ਜਨਤਕ ਸੰਘਰਸ਼ਾਂ ਦਾ ਨਵਾਂ ਇਤਿਹਾਸ ਲਿਖਣ ਜਾ ਰਹੀਆਂ ਹਨ। ਖੇਤੀਬਾੜੀ ਦੇ ਸੰਕਟ ਕਾਰਨ ਮਜ਼ਦੂਰ ਤੇ ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ ਤੇ ਬੇਰੁਜ਼ਗਾਰੀ ਦੀ ਮਾਰ ਝੱਲ ਰਹੇ ਨੌਜਵਾਨ ਲੱਖਾਂ ਰੁਪਏ ਖਰਚ ਕੇ ਵਿਦੇਸ਼ ਵੱਲ ਵਹੀਰਾਂ ਘੱਤ ਰਹੇ ਹਨ। ਅਜਿਹੇ ਨੌਜਵਾਨਾਂ ਨੂੰ ਅਮਰੀਕਾ ਦਾ ਟਰੰਪ ਪ੍ਰਸ਼ਾਸਨ, ਜਿਸ ਤਰ੍ਹਾਂ ਗੁਲਾਮਾਂ ਵਾਂਗ ਸੰਗਲਾਂ ’ਚ ਨੂੜ ਕੇ ਭਾਰਤ ਵਾਪਸ ਭੇਜ ਰਿਹਾ ਹੈ, ਉਹ ਬਹੁਤ ਹੀ ਨਿੰਦਣਯੋਗ ਹੈ।
ਉਨ੍ਹਾਂ ਕਿਹਾ ਕਿ ਲੋਕਾਂ ਅੰਦਰ ਰਾਜਨੀਤਕ ਤੇ ਵਿਚਾਰਧਾਰਕ ਚੇਤਨਾ ਪੈਦਾ ਕਰਨ ਲਈ ਕਮਿਊਨਿਸਟ ਕੋਆਰਡੀਨੇਸ਼ਨ ਕਮੇਟੀ ਅਗਲੇ ਮਹੀਨੇ ਤੋਂ ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਜਥਾ ਮਾਰਚ ਕਰੇਗੀ। ਇਸ ਦੌਰਾਨ ਪਰਗਟ ਸਿੰਘ ਜਾਮਾਰਾਏ, ਨੱਥਾ ਸਿੰਘ, ਗੁਰਨਾਮ ਸਿੰਘ ਦਾਊਦ, ਕੁਲਵੰਤ ਸਿੰਘ ਸੰਧੂ, ਸੱਜਣ ਸਿੰਘ, ਡਾ. ਸਤਨਾਮ ਸਿੰਘ ਅਜਨਾਲਾ, ਕਿਰਨਜੀਤ ਸੇਖੋਂ, ਕਾਮਰੇਡ ਸੁਰਿੰਦਰ ਜੈਪਾਲ ਨੇ ਵੀ ਸੰਬੋਧਨ ਕੀਤਾ। ਸਟੇਜ ਸਕੱਤਰ ਦੀ ਜ਼ਿੰਮੇਵਾਰੀ ਪ੍ਰੋ. ਜੈਪਾਲ ਸਿੰਘ ਨੇ ਨਿਭਾਈ।