ਚੰਡੀਗੜ੍ਹ : ਪੰਜਾਬ ਸਰਕਾਰ ਨੇ ਰੋਡਵੇਜ਼ ਅਤੇ ਪੀਆਰਟੀਸੀ ਦੇ ਕੱਚੇ (ਅਸਥਾਈ ਤੇ ਠੇਕੇ ’ਤੇ ਕੰਮ ਕਰ ਰਹੇ) ਕਰਮਚਾਰੀਆਂ ਦੀ ਪਿਛਲੇ ਲੰਬੇ ਸਮੇਂ ਤੋਂ ਪੱਕਾ ਕਰਨ ਸਬੰਧੀ ਮੰਗ ਨੂੰ ਪੂਰਾ ਕਰਨ ਲਈ ਉਪਰਾਲੇ ਸ਼ੁਰੂ ਕਰ ਦਿੱਤੇ ਗਏ ਹਨ। ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਸ ਸਬੰਧ ’ਚ ਅੱਜ ਪੰਜਾਬ ਦੇ ਐਡਵੋਕੇਟ ਜਨਰਲ (ਏਜੀ) ਗੁਰਮਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਰੋਡਵੇਜ਼ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਨੂੰ ਨਿਯਮਤ ਕਰਨ ਸਬੰਧੀ ਨੀਤੀ ’ਤੇ ਵਿਚਾਰ-ਵਟਾਂਦਰਾ ਕੀਤਾ। ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਵਿਭਾਗ ’ਚ ਜੋ ਕਰਮਚਾਰੀ ਕਾਫ਼ੀ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਹਨ, ਉਨ੍ਹਾਂ ਦੀ ਨੌਕਰੀ ਵਿੱਚ ਸਥਿਰਤਾ ਤੇ ਸੁਰੱਖਿਆ ਲਈ ਪੰਜਾਬ ਸਰਕਾਰ ਤੇਜ਼ੀ ਨਾਲ ਕੰਮ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਐਡਵੋਕੇਟ ਜਨਰਲ ਨਾਲ ਹੋਈ ਗੱਲਬਾਤ ਵਿੱਚ ਕੱਚੇ ਮੁਲਾਜ਼ਮਾਂ ਨੂੰ ਨਿਯਮਤ ਕਰਨ ਦੀ ਪ੍ਰਕਿਰਿਆ ਦੇ ਪੱਖਾਂ ’ਤੇ ਵਿਚਾਰ ਹੋਇਆ। ਪੰਜਾਬ ਸਰਕਾਰ ਚਾਹੁੰਦੀ ਹੈ ਕਿ ਨੀਤੀ ਕਰਮਚਾਰੀਆਂ ਲਈ ਲਾਭਕਾਰੀ ਹੋਣ ਦੇ ਨਾਲ-ਨਾਲ ਕਾਨੂੰਨੀ ਤੌਰ ’ਤੇ ਮਜ਼ਬੂਤ ਹੋਵੇ ਤਾਂ ਜੋ ਇਸ ਨੂੰ ਲਾਗੂ ਕਰਨ ਦੀ ਪ੍ਰਕਿਰਿਆ ਵਿੱਚ ਕਿਸੇ ਤਰ੍ਹਾਂ ਦੀ ਅੜਚਣ ਨਾ ਆਵੇ। ਸ੍ਰੀ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਰੋਡਵੇਜ਼ ਅਤੇ ਪੀਆਰਟੀਸੀ ਕਰਮਚਾਰੀਆਂ ਦੇ ਹੱਕਾਂ ਦੀ ਰੱਖਿਆ ਲਈ ਵਚਨਬੱਧ ਹੈ। ਉਨ੍ਹਾਂ ਕਿਹਾ, ‘‘ਇਹ ਕਰਮਚਾਰੀ ਲੰਬੇ ਸਮੇਂ ਤੋਂ ਇਮਾਨਦਾਰੀ ਨਾਲ ਸੇਵਾ ਨਿਭਾਅ ਰਹੇ ਹਨ ਅਤੇ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਕਰਨਾ ਸਾਡੀ ਜ਼ਿੰਮੇਵਾਰੀ ਹੈ।’’
ਉਨ੍ਹਾਂ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਹ ਨੀਤੀ ਜਲਦੀ ਤਿਆਰ ਕਰਕੇ ਸਰਕਾਰ ਅੱਗੇ ਪੇਸ਼ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕਰਮਚਾਰੀ ਪੱਕੇ ਹੋਣ ਨਾਲ ਟਰਾਂਸਪੋਰਟ ਸੇਵਾਵਾਂ ਦੀ ਕੁਸ਼ਲਤਾ ਅਤੇ ਗੁਣਵੱਤਾ ਵਿੱਚ ਵੀ ਸੁਧਾਰ ਆਵੇਗਾ। ਇਸ ਮੌਕੇ ਵਧੀਕ ਮੁੱਖ ਸਕੱਤਰ ਡੀਕੇ ਤਿਵਾੜੀ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।