ਸਰਕਾਰ ਸੇਵਾਮੁਕਤੀ ਦੀ ਉਮਰ ਵਧਾਉਣ ਦੀ ਤਿਆਰੀ ’ਚ: ਔਜਲਾ

ਸਰਕਾਰ ਸੇਵਾਮੁਕਤੀ ਦੀ ਉਮਰ ਵਧਾਉਣ ਦੀ ਤਿਆਰੀ ’ਚ: ਔਜਲਾ

ਅੰਮ੍ਰਿਤਸਰ : ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਇੱਥੇ ਕਿਹਾ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ ਕਿ ਪੰਜਾਬ ਸਰਕਾਰ ਸੇਵਾਮੁਕਤੀ ਦੀ ਉਮਰ 58 ਸਾਲ ਤੋਂ ਵਧਾ ਕੇ 60 ਸਾਲ ਕਰਨ ਦੀ ਤਿਆਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਨੂੰ ਪਿੱਛੇ ਧੱਕਣ ਵਾਲਾ ਫ਼ੈਸਲਾ ਹੋਵੇਗਾ। ਪੰਜਾਬ ਵਿੱਚ ਪਹਿਲਾਂ ਹੀ ਬੇਰੁਜ਼ਗਾਰੀ ਹੈ ਅਤੇ ਹੁਣ ਇਸ ਫ਼ੈਸਲੇ ਨਾਲ ਇਸ ਵਿੱਚ ਹੋਰ ਵਾਧਾ ਹੋਵੇਗਾ। ਸੰਸਦ ਮੈਂਬਰ ਨੇ ਕਿਹਾ ਕਿ ਪੰਜਾਬ ਇਸ ਵੇਲੇ ਗੰਭੀਰ ਸਥਿਤੀ ’ਚੋਂ ਲੰਘ ਰਿਹਾ ਹੈ। ਸੂਬੇ ਦੇ ਨੌਜਵਾਨ ਵਿਦੇਸ਼ਾਂ ਵਿੱਚ ਜਾਣ ਲਈ ਮਜਬੂਰ ਹਨ। ਉਦਯੋਗ ਦੂਜੇ ਰਾਜਾਂ ’ਚ ਜਾ ਰਿਹਾ ਹੈ। ਪੰਜਾਬ ਸਰਕਾਰ ਹਮੇਸ਼ਾ ਦਾਅਵਾ ਕਰਦੀ ਰਹੀ ਹੈ ਕਿ ਉਹ ਨੌਕਰੀਆਂ ਦੇ ਰਹੀ ਹੈ, ਜਦਕਿ ਇਹ ਨੌਕਰੀਆਂ ਖੋਹਣ ਵਾਲੀ ਨੀਤੀ ਹੋਵੇਗੀ। ਨੌਜਵਾਨਾਂ ਨੂੰ ਮੌਕੇ ਦੇਣਾ ਨਾ ਸਿਰਫ਼ ਉਨ੍ਹਾਂ ਲਈ ਚੰਗਾ ਹੈ, ਸਗੋਂ ਇਹ ਪੰਜਾਬ ਦੇ ਵਿਕਾਸ ਵਿੱਚ ਵੀ ਵੱਡਾ ਯੋਗਦਾਨ ਪਾਵੇਗਾ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਨੌਜਵਾਨ ਵਿਦੇਸ਼ਾਂ ਤੋਂ ਮੂੰਹ ਮੋੜ ਕੇ ਵਾਪਸ ਆਉਣਾ ਚਾਹੁੰਦੇ ਹਨ ਪਰ ਇਹ ਫ਼ੈਸਲੇ ਉਨ੍ਹਾਂ ਨੂੰ ਦੁਬਾਰਾ ਪੰਜਾਬ ਤੋਂ ਬਾਹਰ ਧੱਕਣਗੇ। ਸੰਸਦ ਮੈਂਬਰ ਨੇ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ 6ਵੇਂ ਪੰਜਾਬ ਤਨਖਾਹ ਕਮਿਸ਼ਨ ਤਹਿਤ ਫੰਡ ਜਾਰੀ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ ਹਨ ਪਰ ਹੈਰਾਨੀ ਦੀ ਗੱਲ ਹੈ ਕਿ ਸਰਕਾਰ ਨੇ ਉਸ ਵਿੱਚ ਵੀ ਗੁਮਰਾਹਕੁਨ ਫੈਸਲੇ ਲਏ ਹਨ। ਇਹ ਫੰਡ 12 ਤੋਂ 24 ਕਿਸ਼ਤਾਂ ਵਿੱਚ ਜਾਰੀ ਕੀਤੇ ਜਾਣਗੇ, ਜਿਸ ਦੀ ਸਮਾਂ-ਸੀਮਾ ਸਰਕਾਰ ਨੇ 2029 ਤੱਕ ਨਿਰਧਾਰਤ ਕੀਤੀ ਹੈ।

Share: