ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਦੀਆਂ ਹੱਦਾਂ ’ਤੇ ਸਾਲ ਤੋਂ ਸੰਯੁਕਤ ਕਿਸਾਨ ਮੋਰਚਾ (ਗ਼ੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਐੱਮਐੱਸਪੀ ’ਤੇ ਖ਼ਰੀਦ ਦੀ ਕਾਨੂੰਨੀ ਗਾਰੰਟੀ ਤੇ ਹੋਰਨਾਂ ਕਿਸਾਨੀ ਮੰਗਾਂ ਬਾਰੇ ਸੰਘਰਸ਼ ਕੀਤਾ ਜਾ ਰਿਹਾ ਹੈ ਪਰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਪਹਿਲੇ ਦਿਨ ਸਿਫ਼ਰ ਕਾਲ ਦੌਰਾਨ ਕਿਸਾਨੀ ਮੁੱਦੇ ਗਾਇਬ ਰਹੇ ਹਨ। ਹਾਲਾਂਕਿ ਸੈਸ਼ਨ ਤੋਂ ਪਹਿਲਾਂ ਜ਼ਰੂਰ ਵਿਧਾਇਕ ਸੰਦੀਪ ਜਾਖੜ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੂਬਾ ਸਰਕਾਰ ਨੂੰ ਵਿਸ਼ੇਸ਼ ਸੈਸ਼ਨ ਵਿੱਚ ਖੇਤੀ ਨੀਤੀ ਲਿਆਉਣ ਬਾਰੇ ਤੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਨਵੀਂ ਖੇਤੀ ਮੰਡੀ ਨੀਤੀ ਦੇ ਖਰੜੇ ਸਣੇ ਹੋਰਨਾਂ ਕਿਸਾਨੀ ਮੁੱਦਿਆ ’ਤੇ ਗੱਲਬਾਤ ਕਰਨ ’ਤੇ ਜ਼ੋਰ ਦਿੱਤਾ, ਪਰ ਉਹ ਵਿਧਾਨ ਸਭਾ ਵਿੱਚ ਕਿਸਾਨੀ ਮੁੱਦੇ ’ਤੇ ਕੁਝ ਨਹੀਂ ਬੋਲੇ।
ਵਿਧਾਇਕ ਵਿਜੈ ਸਿੰਗਲਾ ਨੇ ਮੰਗ ਕੀਤੀ ਕਿ ਮਾਨਸਾ ਦੀ ਧੀ ਦਾ ਲੁਧਿਆਣਾ ਵਿੱਚ ਕਤਲ ਕਰ ਦਿੱਤਾ ਗਿਆ ਹੈ। ਪੁਲੀਸ ਨੇ ਕਾਤਲਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਕੇਸ ਫਾਸਟ ਟਰੈਕ ਕੋਰਟ ਵਿੱਚ ਚਲਾ ਕੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਈ ਜਾਣੀ ਚਾਹੀਦੀ ਹੈ। ਵਿਧਾਇਕ ਮਨਪ੍ਰੀਤ ਇਯਾਲੀ ਨੇ ਭੂੰਦੜੀ ’ਚ ਸੀਐੱਨਜੀ ਪਲਾਂਟ ਦਾ ਵਿਰੋਧ ਕਰਨ ਵਾਲੇ ਲੋਕਾਂ ’ਤੇ ਧੱਕੇਸ਼ਾਹੀ ਨਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਪਲਾਂਟ ਨਿਯਮਾਂ ਦੇ ਉਲਟ ਲਗਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਭੋਗਪੁਰ ਵਿੱਚ ਲੱਗਣ ਵਾਲੇ ਸੀਐੱਨਜੀ ਪਲਾਂਟ ਦੇ ਵਿਰੋਧ ’ਚ ਛਿੜੇ ਵਿਵਾਦ ਦੇ ਹੱਲ ਲਈ ਕਮੇਟੀ ਬਣਾਉਣ ਦੀ ਮੰਗ ਕੀਤੀ। ਵਿਧਾਇਕ ਮਦਨ ਲਾਲ ਬੱਗਾ ਨੇ ਲੁਧਿਆਣਾ ਦੀ ਦਾਣਾ ਮੰਡੀ ਵਿੱਚ ਖ਼ਰਾਬ ਹੋ ਚੁੱਕੇ ਸੀਵਰੇਜ ਤੇ ਟੁੱਟੀਆਂ ਸੜਕਾਂ ਦੀ ਮੁਰੰਮਤ ਦੀ ਮੰਗ ਕੀਤੀ।
ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵਿਧਾਨ ਸਭਾ ਵਿੱਚ ਟਰਾਂਸਪੋਰਟਰਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੂੰ ਟਰਾਂਸਪੋਰਟਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਟਰਾਂਸਪੋਰਟ ਨੀਤੀ ਤਿਆਰ ਕਰਨੀ ਚਾਹੀਦੀ ਹੈ। ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਰੋਪੜ ਵਿੱਚੋਂ ਭਾਵੇਂ ਦਰਿਆ ਤੇ ਨਹਿਰਾਂ ਨਿੱਕਲਦੀਆਂ ਹਨ, ਪਰ ਇੱਥੇ ਸਿੰਜਾਈ ਲਈ ਨਹਿਰੀ ਪਾਣੀ ਨਹੀਂ ਹੈ। ਉਨ੍ਹਾਂ ਮੰਗ ਕੀਤੀ ਕਿ ਰੋਪੜ ਦੇ 75 ਪਿੰਡਾਂ ਨੂੰ ਖੇਤੀ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣ ਦਾ ਕੰਮ ਤੇਜ਼ ਕੀਤਾ ਜਾਵੇ।
ਪਠਾਨਕੋਟ ’ਚ ਆਏ ਬਾਹਰੀ ਲੋਕਾਂ ਦੀ ਸ਼ਨਾਖਤ ਹੋਵੇ: ਸ਼ਰਮਾ
ਵਿਧਾਇਕ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪਠਾਨਕੋਟ ਸੰਵੇਦਨਸ਼ੀਲ ਜ਼ਿਲ੍ਹਾ ਹੈ, ਜਿੱਥੇ ਪਿਛਲੇ ਤਿੰਨ ਸਾਲਾਂ ਵਿੱਚ 10 ਹਜ਼ਾਰ ਤੋਂ ਵੱਧ ਬਾਹਰੀ ਲੋਕ ਆ ਗਏ ਹਨ। ਇਹ ਸ਼ਹਿਰ ਤੇ ਸੂਬੇ ਦੀ ਸੁਰੱਖਿਆ ਲਈ ਵੱਡਾ ਖ਼ਤਰਾ ਬਣ ਸਕਦੇ ਹਨ। ਉਨ੍ਹਾਂ ਮੰਗ ਕੀਤੀ ਕਿ ਪਠਾਨਕੋਟ ਵਿੱਚ ਬਾਹਰੋ ਆਏ ਲੋਕਾਂ ਦੀ ਸ਼ਨਾਖਤ ਉਨ੍ਹਾਂ ਦੇ ਜੱਦੀ ਪਿੰਡ ਤੋਂ ਸੰਪਰਕ ਕਰ ਕੇ ਕੀਤੀ ਜਾਵੇ।
ਚਾਰ ਨਵੇਂ ਵਿਧਾਇਕਾਂ ਨੇ ਰੱਖੀ ਆਪਣੀ ਗੱਲ
ਪੰਜਾਬ ਵਿੱਚ ਚਾਰ ਜ਼ਿਮਨੀ ਚੋਣਾਂ ਦੌਰਾਨ ਜਿੱਤ ਕੇ ਵਿਧਾਨ ਸਭਾ ਵਿੱਚ ਪਹੁੰਚੇ ਚਾਰ ਨਵੇਂ ਵਿਧਾਇਕਾਂ ਨੇ ਅੱਜ ਵਿਧਾਨ ਸਭਾ ਵਿੱਚ ਸਿਰਫ਼ ਕਾਲ ਦੌਰਾਨ ਪਹਿਲੀ ਵਾਰ ਆਪਣੇ ਹਲਕੇ ਦੀਆਂ ਸਮੱਸਿਆਵਾਂ ਰੱਖੀਆਂ। ਇਸ ਦੌਰਾਨ ‘ਆਪ’ ਵਿਧਾਇਕ ਇਸ਼ਾਂਕ ਚੱਬੇਵਾਲ, ਗੁਰਦੀਪ ਸਿੰਘ ਰੰਧਾਵਾ, ਹਰਦੀਪ ਸਿੰਘ ਡਿੰਪੀ ਢਿੱਲੋਂ ਅਤੇ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਆਪਣੇ-ਆਪਣੇ ਹਲਕੇ ਦੀਆਂ ਸਮੱਸਿਆਵਾਂ ਵਿਧਾਨ ਸਭਾ ਵਿੱਚ ਰੱਖੀਆਂ।
ਮਿਲਾਵਟੀ ਦੁੱਧ ਵੇਚਣ ਵਾਲਿਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ: ਰਾਣਾ ਗੁਰਜੀਤ
ਵਿਧਾਇਕ ਰਾਣਾ ਗੁਰਜੀਤ ਨੇ ਪੰਜਾਬ ਵਿੱਚ ਨਕਲੀ ਦੁੱਧ ਵੇਚਣ ਵਾਲਿਆਂ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਨਿਯਮਾਂ ਅਨੁਸਾਰ ਮਿਲਾਵਟੀ ਦੁੱਧ ਵੇਚਣ ਵਾਲਿਆਂ ਨੂੰ ਮਾਮੂਲੀ ਜੁਰਮਾਨਾ ਕਰ ਕੇ ਛੱਡ ਦਿੱਤਾ ਜਾਂਦਾ ਹੈ।
ਪਰਗਟ ਸਿੰਘ ਵੱਲੋਂ ਕੌਮੀ ਸਿੱਖਿਆ ਨੀਤੀ ਰੱਦ ਕਰਨ ਦੀ ਮੰਗ
ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਕੌਮੀ ਸਿੱਖਿਆ ਨੀਤੀ ਰਾਹੀਂ ਆਰਐੱਸਐੱਸ ਆਪਣੀ ਸੋਚ ਨੂੰ ਵਿਦਿਆਰਥੀਆਂ ’ਤੇ ਥੋਪਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਨੂੰ ਦੇਸ਼ ਦੇ ਛੇ ਸੂਬਿਆਂ ਨੇ ਰੱਦ ਕਰ ਦਿੱਤਾ ਹੈ। ਪੰਜਾਬ ਨੂੰ ਵੀ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਕੌਮੀ ਸਿੱਖਿਆ ਨੀਤੀ ਨੂੰ ਰੱਦ ਕਰਨਾ ਚਾਹੀਦਾ ਹੈ।