ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਦੀਆਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਸੇਵਾਵਾਂ ਖਤਮ ਕਰ ਦਿੱਤੀਆਂ ਗਈਆਂ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਇਹ ਫੈਸਲਾ ਲਿਆ ਹੈ। ਇਸੇ ਦੌਰਾਨ ਗਿਆਨੀ ਜਗਤਾਰ ਸਿੰਘ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਦਾ ਕਾਰਜਕਾਰੀ ਜਥੇਦਾਰ ਲਾਇਆ ਗਿਆ ਹੈ।
ਇਹ ਮੀਟਿੰਗ ਅੰਮ੍ਰਿਤਸਰ ’ਚ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿੱਚ ਹੋਈ। ਗਿਆਨੀ ਹਰਪ੍ਰੀਤ ਸਿੰਘ ਖ਼ਿਲਾਫ਼ ਲੱਗੇ ਦੋਸ਼ਾਂ ਦੀ ਜਾਂਚ ਲਈ ਤਿੰਨ ਮੈਂਬਰੀ ਜਾਂਚ ਕਮੇਟੀ ਬਣਾਈ ਗਈ ਸੀ। ਜਿਸ ਦੇ ਆਧਾਰ ਉਤੇ ਫੈਸਲਾ ਲਿਆ ਗਿਆ ਹੈ। ਕਮੇਟੀ ਨੂੰ ਪਹਿਲਾਂ ਜਾਂਚ ਵਾਸਤੇ 15 ਦਿਨ ਦਾ ਸਮਾਂ ਦਿੱਤਾ ਗਿਆ ਸੀ ਪਰ ਬਾਅਦ ’ਚ ਇਹ ਸਮਾਂ ਇੱਕ ਮਹੀਨੇ ਵਾਸਤੇ ਹੋਰ ਵਧਾ ਦਿੱਤਾ ਗਿਆ ਸੀ। ਜ਼ਿਕਰਯੋਗ ਹੈ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਇੱਕ ਰਿਸ਼ਤੇਦਾਰ ਵੱਲੋਂ ਉਨ੍ਹਾਂ ਖ਼ਿਲਾਫ਼ ਗੰਭੀਰ ਦੋਸ਼ ਲਾਏ ਗਏ ਹਨ ਪਰ ਜਥੇਦਾਰ ਦੋਸ਼ਾਂ ਨੂੰ ਖਾਰਜ ਕਰ ਚੁੱਕੇ ਹਨ।