ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਦਿੱਤੇ ਗਏ ਅਸਤੀਫ਼ੇ ਮਗਰੋਂ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਇਸ ’ਤੇ ਦੁੱਖ ਦਾ ਪ੍ਰਗਟਾਇਆ ਹੈ। ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਹੋਰ ਸਿੱਖ ਆਗੂਆਂ ਨੇ ਐਡਵੋਕੇਟ ਧਾਮੀ ਦੇ ਅਸਤੀਫ਼ੇ ਨੂੰ ਦੁਖਦਾਇਕ ਦੱਸਿਆ। ਉਨ੍ਹਾਂ ਦੋਸ਼ ਲਾਇਆ ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਪੰਥਕ ਪਰੰਪਰਾਵਾਂ ਤੇ ਮਰਿਆਦਾ ਦੀ ਜਾਣਕਾਰੀ ਤੋਂ ਸੱਖਣੇ ਕੁਝ ਆਗੂਆਂ ਵੱਲੋਂ ਆਪਣੀ ਨਿੱਜੀ ਲਾਲਸਾ ਦੀ ਪੂਰਤੀ ਹਿੱਤ ਅਤੇ ਇੱਕ ਵਿਅਕਤੀ ਵਿਸ਼ੇਸ਼ ਦੀ ਰਾਜਨੀਤੀ ਨੂੰ ਜਿੰਦਾ ਰੱਖਣ ਲਈ ਪੰਥਕ ਸੰਸਥਾਵਾਂ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਥਕ ਸੋਚ ਦੀ ਤਰਜਮਾਨੀ ਕਰਨ ਵਾਲਿਆਂ ਨੂੰ ਜਲੀਲ ਕਰਕੇ ਬਾਹਰ ਦਾ ਰਸਤਾ ਵਿਖਾਇਆ ਜਾ ਰਿਹਾ ਹੈ ਜਾਂ ਫਿਰ ਅਜਿਹਾ ਦਬਾਅ ਬਣਾਇਆ ਜਾ ਰਿਹਾ ਹੈ ਕਿ ਵਿਅਕਤੀ ਖੁਦ ਹੀ ਮਜਬੂਰ ਹੋ ਕੇ ਬਾਹਰ ਚਲਾ ਜਾਵੇ। ਸਾਬਕਾ ਜਥੇਦਾਰ ਅਤੇ ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਨੇ ਕਿਹਾ ਕਿ ਬੇਬਸੀ ਅਤੇ ਆਤਮਾ ਉੱਤੇ ਬਣੇ ਭਾਰੀ ਬੋਝ ਕਾਰਨ ਸ੍ਰੀ ਧਾਮੀ ਨੇ ਅਸਤੀਫ਼ਾ ਦਿੱਤਾ ਹੈ ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਨ੍ਹਾਂ ’ਤੇ ਕਿੰਨਾ ਦਬਾਅ ਹੋਵੇਗਾ। ਉਨ੍ਹਾਂ ਕਿਹਾ ਕਿ ਚੰਗਾ ਹੁੰਦਾ ਜੇ ਸ੍ਰੀ ਧਾਮੀ ਇਸ ਦਬਾਅ ਵਿਰੁੱਧ ਡਟ ਕੇ ਖੜ੍ਹੇ ਹੁੰਦੇ। ਉਨ੍ਹਾਂ ਕਿਹਾ ਕਿ ਇਸ ਵੇਲੇ ਪੰਥਕ ਸੰਸਥਾਵਾਂ ਦੇ ਹੋ ਰਹੇ ਨੁਕਸਾਨ ਨੂੰ ਰੋਕਣ ਲਈ ਢਾਲ ਬਣਨਾ ਜ਼ਰੂਰੀ ਸੀ। ਉਨ੍ਹਾਂ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ 2 ਦਸੰਬਰ ਨੂੰ ਕੀਤੇ ਗਏ ਫੈਸਲਿਆਂ ਨੂੰ ਲਾਗੂ ਕਰਵਾਉਣ ਲਈ ਸੱਤ ਮੈਂਬਰੀ ਭਰਤੀ ਕਮੇਟੀ ਦੇ ਮੁਖੀ ਵਜੋਂ ਉਨ੍ਹਾਂ ਦਾ ਅਸਤੀਫ਼ਾ ਪ੍ਰਵਾਨ ਨਾ ਕਰਨ। ਕਾਂਗਰਸ ਦੇ ਸੀਨੀਅਰ ਆਗੂ ਭਗਵੰਤ ਪਾਲ ਸਿੰਘ ਸੱਚਰ ਨੇ ਕਿਹਾ ਕਿ ਇਹ ਅਸਤੀਫ਼ਾ ਉਨ੍ਹਾਂ ਨੂੰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸੇਵਾਮੁਕਤ ਕਰਨ ਦੇ ਫੈਸਲੇ ਤੋਂ ਪਹਿਲਾਂ ਦੇਣਾ ਚਾਹੀਦਾ ਸੀ। ਸਿੱਖ ਜਥੇਬੰਦੀ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਅਮਰਬੀਰ ਸਿੰਘ ਢੋਟ ਨੇ ਸ਼੍ਰੋਮਣੀ ਕਮੇਟੀ ਦੀ ਅੰਤਰਿਮ ਕਮੇਟੀ ਨੂੰ ਅਪੀਲ ਕੀਤੀ ਹੈ ਕਿ ਐਡਵੋਕੇਟ ਧਾਮੀ ਦੇ ਅਸਤੀਫੇ ਨੂੰ ਪ੍ਰਵਾਨ ਨਾ ਕੀਤਾ ਜਾਵੇ।
ਹਰਜਿੰਦਰ ਧਾਮੀ ਅਸਤੀਫ਼ਾ ਵਾਪਸ ਲੈਣ: ਚੰਦੂਮਾਜਰਾ
ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਰਗੇ ਆਗੂਆਂ ਨੂੰ ਅਸਤੀਫ਼ਾ ਦੇਣ ਲਈ ਮਜਬੂਰ ਹੋਣਾ ਇਸ ਗੱਲ ਦਾ ਸੰਕੇਤ ਹੈ ਕਿ ਸਿਧਾਂਤਕ ਆਗੂਆਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਧਾਮੀ ਨੂੰ ਅਸਤੀਫ਼ਾ ਵਾਪਸ ਲੈ ਕੇ 18 ਫਰਵਰੀ ਦੀ ਮੀਟਿੰਗ ’ਚ ਭਰਤੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਨਾ ਹੋਇਆ ਤਾਂ ਸੱਤ ਮੈਂਬਰੀ ਭਰਤੀ ਕਮੇਟੀ ਵੀ ਖਾਰਜ ਹੋ ਜਾਵੇਗੀ ਜਦਕਿ ਲੋੜ ਹੈ ਕਿ ਖਾਲਸਾ ਪੰਥ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਦੀ ਮੁੜ ਸੁਰਜੀਤੀ ਲਈ ਪੰਥਕ ਸ਼ਕਤੀ ਇਕੱਠੀ ਕੀਤੀ ਜਾਵੇ।
ਧਾਮੀ ਦੇ ਅਸਤੀਫ਼ੇ ਨੇ ਪੰਥਕ ਸੰਕਟ ਹੋਰ ਡੂੰਘਾ ਕੀਤਾ: ਵਡਾਲਾ
ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ (ਮੁਅੱਤਲ) ਦੇ ਆਗੂ ਗੁਰਪ੍ਰਤਾਪ ਸਿੰਘ ਵਡਾਲਾ, ਸੁਰਜੀਤ ਸਿੰਘ ਰੱਖੜਾ, ਸੁੱਚਾ ਸਿੰਘ ਛੋਟੇਪੁਰ, ਪਰਮਿੰਦਰ ਸਿੰਘ ਢੀਂਡਸਾ ਅਤੇ ਚਰਨਜੀਤ ਸਿੰਘ ਬਰਾੜ ਨੇ ਐੱਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਅਸਤੀਫ਼ੇ ਦੇਣ ਨਾਲ ਪੰਥਕ ਸੰਕਟ ਹੋਰ ਡੂੰਘਾ ਹੋਵੇਗਾ। ਉਨ੍ਹਾਂ ਸ੍ਰੀ ਧਾਮੀ ਨੂੰ ਅਪੀਲ ਕੀਤੀ ਕਿ ਉਹ ਸੰਗਤ ਦੀਆਂ ਭਾਵਨਾਵਾਂ ਦੀ ਰਾਖੀ ਕਰਦੇ ਹੋਏ ਅਸਤੀਫ਼ਾ ਵਾਪਸ ਲੈਣ ਅਤੇ ਪਿਛਲੇ ਦਿਨਾਂ ਵਿੱਚ ਹੋਏ ਪੰਥ ਵਿਰੋਧੀ ਫੈਸਲਿਆਂ ਨੂੰ ਰੱਦ ਕਰਦੇ ਹੋਏ ਮਜ਼ਬੂਤ ਅਗਵਾਈ ਵਾਲੀ ਭੂਮਿਕਾ ਨਿਭਾਉਣ। ਉਨ੍ਹਾਂ ਕਿਹਾ ਕਿ ਅਸਤੀਫ਼ਾ ਮਸਲਿਆਂ ਦਾ ਹੱਲ ਨਹੀਂ, ਇਸ ਕਰਕੇ ਪੰਥ ਦੇ ਵਡੇਰੇ ਹਿਤਾਂ ਦੀ ਤਰਜਮਾਨੀ ਕਰਦੇ ਹੋਏ ਨਾ ਸਿਰਫ ਧਾਮੀ ਆਪਣਾ ਅਸਤੀਫ਼ਾ ਵਾਪਸ ਲੈਣ ਸਗੋ ਸੱਤ ਮੈਂਬਰੀ ਭਰਤੀ ਕਮੇਟੀ ਦੀ ਅਗਵਾਈ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਨੂੰ ਤਕੜਾ ਕਰਨ ਵਿੱਚ ਆਪਣਾ ਰੋਲ ਅਦਾ ਕਰਨ।