ਚੰਡੀਗੜ੍ਹ : ਵਿਦੇਸ਼ਾਂ ਵਿੱਚ ਬੈਠੇ ਕੁਝ ਵਿਅਕਤੀਆਂ ਵੱਲੋਂ ਪੰਜਾਬ ਵਿੱਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤਾਂ ਨੂੰ ਨੁਕਸਾਨ ਪਹੁੰਚਾਉਣ ਸਬੰਧੀ ਕੀਤੀਆਂ ਗਈਆਂ ਟਿੱਪਣੀਆਂ ਤੋਂ ਬਾਅਦ ਅੱਜ ਸਾਰਾ ਦਿਨ ਆਮ ਆਦਮੀ ਪਾਰਟੀ (ਆਪ) ਦੇ ਵਰਕਰਾਂ ਨੇ ‘ਡੰਡੇ ਅਤੇ ਝੰਡੇ’ ਨਾਲ ਡਾ. ਅੰਬੇਡਕਰ ਦੇ ਬੁੱਤਾਂ ਦੀ ਰਾਖੀ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿੱਚ ‘ਆਪ’ ਵਰਕਰ ਬੁੱਤਾਂ ਦੀ ਰਾਖੀ ਲਈ ਤਾਇਨਾਤ ਰਹੇ। ਵਿਧਾਨ ਸਭਾ ਹਲਕਾ ਆਤਮਨਗਰ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਸਿੱਧੂ ਹਥਿਆਰ ਲੈ ਕੇ ਡਾ. ਅੰਬੇਡਕਰ ਦੇ ਬੁੱਤ ਦੀ ਰਾਖੀ ਲਈ ਪਹੁੰਚੇ। ਇਸ ਤਰ੍ਹਾਂ ਸੂਬਾ ਭਰ ਵਿੱਚ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੀ ਜੈਅੰਤੀ ਮਨਾਈ ਗਈ। ਇਸ ਦੌਰਾਨ ਪੰਜਾਬ ਦੇ ਸਮੂਹ ਕੈਬਨਿਟ ਮੰਤਰੀਆਂ, ਵਿਧਾਇਕਾਂ ਤੇ ਹੋਰ ‘ਆਪ’ ਆਗੂਆਂ ਨੇ ਡਾ. ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਵੱਲੋਂ ਦੱਸੇ ਰਾਹ ’ਤੇ ਚੱਲਣ ਦਾ ਅਹਿਦ ਲਿਆ।‘ਆਪ’ ਦੇ ਤਰਜਮਾਨ ਨੀਲ ਗਰਗ ਨੇ ਕਿਹਾ ਕਿ ਪੰਜਾਬ ਹਮੇਸ਼ਾ ਤੋਂ ਏਕਤਾ ਅਤੇ ਬਰਾਬਰਤਾ ਦੇ ਗੜ੍ਹ ਵਜੋਂ ਜਾਣਿਆ ਜਾਂਦਾ ਹੈ, ਜੋ ਡਾ. ਅੰਬੇਡਕਰ ਦੇ ਆਦਰਸ਼ਾਂ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ’ਤੇ ਉਂਗਲ ਚੁੱਕਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਜੇ ਕਿਸੇ ਨੇ ਵੀ ਪੰਜਾਬ ਦੀ ਏਕਤਾ ਤੇ ਆਪਸੀ ਭਾਈਚਾਰੇ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਗੁਰੂਆਂ-ਪੀਰਾਂ ਦੀ ਧਰਤੀ ਹੈ। ਇਥੇ ਦੇ ਲੋਕ ਅਜਿਹੀ ਬਿਆਨਬਾਜ਼ੀ ਕਰਨ ਵਾਲੇ ਲੋਕਾਂ ਦੀਆਂ ਗੱਲਾਂ ਵਿੱਚ ਨਹੀਂ ਆਉਂਦੇ।
Posted inNews
‘ਆਪ’ ਵਰਕਰਾਂ ਨੇ ‘ਡੰਡੇ ਤੇ ਝੰਡੇ’ ਨਾਲ ਕੀਤੀ ਅੰਬੇਡਕਰ ਦੇ ਬੁੱਤਾਂ ਦੀ ਰਾਖੀ
