ਨਵੀਂ ਦਿੱਲੀ : ਕਾਂਗਰਸ ਨੇ ਨੈਸ਼ਨਲ ਹੈਰਾਲਡ ਕੇਸ ਵਿੱਚ ਪਾਰਟੀ ਆਗੂਆਂ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਨੂੰ ਕਥਿਤ ਤੌਰ ’ਤੇ ਨਿਸ਼ਾਨਾ ਬਣਾਉਣ ਖ਼ਿਲਾਫ਼ ਰੋਸ ਮੁਜ਼ਾਹਰਿਆਂ ਦੀ ਯੋਜਨਾ ਬਣਾਉਣ ਲਈ ਸ਼ਨਿਚਰਵਾਰ ਨੂੰ ਸਾਰੇ ਜਨਰਲ ਸਕੱਤਰਾਂ, ਇੰਚਾਰਜਾਂ ਤੇ ਸਾਰੇ ਵਿੰਗਾਂ ਦੇ ਮੁਖੀਆਂ ਦੀ ਮੀਟਿੰਗ ਸੱਦੀ ਹੈ। ਪਾਰਟੀ ਦੇ ਜਨਰਲ ਸਕੱਤਰ (ਸੰਗਠਨ) ਕੇ ਸੀ ਵੇਣੂਗੋਪਾਲ ਵੱਲੋਂ ਜਾਰੀ ਸਰਕੁਲਰ ਮੁਤਾਬਕ ਇਹ ਮੀਟਿੰਗ ਇੰਦਰਾ ਗਾਂਧੀ ਭਵਨ ਵਿੱਚ ਸ਼ਾਮ 4 ਵਜੇ ਹੋਵੇਗੀ। ਸੂਤਰਾਂ ਮੁਤਾਬਕ ਮੀਟਿੰਗ ਦੀ ਪ੍ਰਧਾਨਗੀ ਕਾਂਗਰਸ ਦੇ ਪ੍ਰਧਾਨ ਮਲਿਕਾਰੁਜਨ ਖੜਗੇ ਕਰਨਗੇ, ਜਿਸ ਦੌਰਾਨ ਕੇਂਦਰ ਸਰਕਾਰ ਵਿਰੁੱਧ ਲਾਏ ਜਾਣ ਵਾਲੇ ਧਰਨਿਆਂ ਸਬੰਧੀ ਯੋਜਨਾ ’ਤੇ ਚਰਚਾ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਖ਼ਿਲਾਫ਼ ਈਡੀ ਵੱਲੋਂ ਚਾਰਜਸ਼ੀਟ ਦਾਖ਼ਲ ਕਰਨ ਖ਼ਿਲਾਫ਼ ਕਾਂਗਰਸੀ ਆਗੂਆਂ ਤੇ ਕਾਰਕੁਨਾਂ ਬੁੱਧਵਾਰ ਨੂੰ ਮੁਲਕ ਭਰ ਵਿੱਚ ਈਡੀ ਦਫ਼ਤਰਾਂ ਅੱਗੇ ਧਰਨੇ ਦੇ ਕੇ ਰੋਸ ਪ੍ਰਗਟਾਇਆ ਸੀ।
Posted inNews