ਨਵੀਂ ਦਿੱਲੀ : ਜੰਮੂ-ਕਸ਼ਮੀਰ ਦੇ ਮਸ਼ਹੂਰ ਟੂਰਿਸਟ ਰਿਜ਼ਾਰਟ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ, ਭਾਰਤ ਨੇ ਵੀਰਵਾਰ ਨੂੰ ਪਾਕਿਸਤਾਨ ਗਏ ਹੋਏ ਆਪਣੇ ਨਾਗਰਿਕਾਂ ਨੂੰ ਵਤਨ ਪਰਤ ਆਉਣ ਦੀ ਸਲਾਹ ਦਿੱਤੀ ਹੈ। ਗ਼ੌਰਤਲਬ ਹੈ ਕਿ ਇਸ ਦਹਿਸ਼ਤੀ ਹਮਲੇ ਵਿੱਚ 26 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ।
ਦੱਖਣੀ ਕਸ਼ਮੀਰ ਦੇ ਪਹਿਲਗਾਮ ਵਿੱਚ ਹਮਲਾ, ਇਸ ਸਾਲ ਜੰਮੂ-ਕਸ਼ਮੀਰ ਵਿੱਚ ਪਹਿਲੀ ਵੱਡੀ ਅੱਤਵਾਦੀ ਘਟਨਾ ਹੈ, ਜੋ ਫਰਵਰੀ 2019 ਵਿੱਚ ਪੁਲਵਾਮਾ ਵਿੱਚ 40 ਸੈਨਿਕਾਂ ਦੇ ਮਾਰੇ ਜਾਣ ਤੋਂ ਬਾਅਦ ਸੰਭਵ ਤੌਰ ‘ਤੇ ਸਭ ਤੋਂ ਭਿਆਨਕ ਦਹਿਸ਼ਤੀ ਕਾਰਾ ਹੈ।
ਇੱਕ ਅਧਿਕਾਰਤ ਬਿਆਨ ਵਿੱਚ ਵਿਦੇਸ਼ ਮੰਤਰਾਲੇ (MEA) ਨੇ ਕਿਹਾ, “ਭਾਰਤੀ ਨਾਗਰਿਕਾਂ ਨੂੰ ਪਾਕਿਸਤਾਨ ਦੀ ਯਾਤਰਾ ਕਰਨ ਤੋਂ ਬਚਣ ਦੀ ਸਖ਼ਤ ਸਲਾਹ ਦਿੱਤੀ ਜਾਂਦੀ ਹੈ। ਜਿਹੜੇ ਭਾਰਤੀ ਨਾਗਰਿਕ ਇਸ ਸਮੇਂ ਪਾਕਿਸਤਾਨ ਵਿੱਚ ਹਨ, ਉਨ੍ਹਾਂ ਨੂੰ ਵੀ ਜਲਦੀ ਤੋਂ ਜਲਦੀ ਭਾਰਤ ਪਰਤ ਆਉਣ ਦੀ ਸਲਾਹ ਦਿੱਤੀ ਜਾਂਦੀ ਹੈ।”
ਇਸ ਦੌਰਾਨ, ਵਿਦੇਸ਼ ਮੰਤਰਾਲੇ ਦੇ ਬਿਆਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਭਾਰਤ ਨੇ ਪਾਕਿਸਤਾਨੀ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਨੂੰ ਫ਼ੌਰੀ ਤੌਰ ’ਤੇ ਮੁਅੱਤਲ ਕਰਨ ਦਾ ਫੈਸਲਾ ਕੀਤਾ ਹੈ। ਬਿਆਨ ਵਿਚ ਕਿਹਾ ਗਿਆ ਹੈ, “ਭਾਰਤ ਵੱਲੋਂ ਪਾਕਿਸਤਾਨੀ ਨਾਗਰਿਕਾਂ ਨੂੰ ਜਾਰੀ ਕੀਤੇ ਗਏ ਸਾਰੇ ਮੌਜੂਦਾ ਵਾਜਬ ਵੀਜ਼ੇ 27 ਅਪਰੈਲ, 2025 ਤੋਂ ਰੱਦ ਕਰ ਦਿੱਤੇ ਗਏ ਹਨ।”
ਬਿਆਨ ਵਿਚ ਇਹ ਵੀ ਕਿਹਾ ਗਿਆ ਹੈ ਕਿ ਪਾਕਿਸਤਾਨੀ ਨਾਗਰਿਕਾਂ ਨੂੰ ਜਾਰੀ ਕੀਤੇ ਗਏ ਮੈਡੀਕਲ ਵੀਜ਼ੇ ਵੀ ਸਿਰਫ 29 ਅਪਰੈਲ, 2025 ਤੱਕ ਹੀ ਵਾਜਬ ਹੋਣਗੇ। ਬਿਆਨ ਮੁਤਾਬਕ, “ਭਾਰਤ ਵਿੱਚ ਮੌਜੂਦ ਸਾਰੇ ਪਾਕਿਸਤਾਨੀ ਨਾਗਰਿਕਾਂ ਨੂੰ ਤਾਜ਼ਾ ਸੋਧੇ ਗਏ ਹੁਕਮਾਂ ਮੁਤਾਬਕ ਵੀਜ਼ੇ ਦੀ ਮਿਆਦ ਪੁੱਗਣ ਤੋਂ ਪਹਿਲਾਂ ਭਾਰਤ ਛੱਡ ਜਾਣਾ ਚਾਹੀਦਾ ਹੈ।”