ਲੁਧਿਆਣਾ : ਕਿਸਾਨ ਜਥੇਬੰਦੀਆਂ ਵੱਲੋਂ 27 ਅਪਰੈਲ ਤੋਂ ਲਾਡੋਵਾਲ ਟੌਲ ਪਲਾਜ਼ੇ ਨੂੰ ਅਣਮਿਥੇ ਸਮੇਂ ਲਈ ਪਰਚੀ ਮੁਕਤ ਕਰਨ ਦਾ ਫ਼ੈਸਲਾ ਡਿਪਟੀ ਕਮਿਸ਼ਨਰ ਨਾਲ ਮੀਟਿੰਗ ਕਰਨ ਤੋਂ ਬਾਅਦ ਮੁਲਤਵੀ ਕੀਤਾ ਗਿਆ ਹੈ।
ਇੱਥੇ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ, ਭਾਰਤੀ ਕਿਸਾਨ ਯੂਨੀਅਨ ਦੁਆਬਾ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਅਤੇ ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਵਫ਼ਦ ਨੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨਾਲ ਮੁਲਾਕਾਤ ਕੀਤੀ ਅਤੇ ਰਾਹੋਂ ਰੋਡ ਦੇ ਲਟਕ ਰਹੇ ਕੰਮ ਨੂੰ ਪੂਰਾ ਕਰਨ ਦਾ ਮੁੱਦਾ ਉਠਾਇਆ। ਕਿਸਾਨ ਜਥੇਬੰਦੀਆਂ ਵੱਲੋਂ ਇਸ ਸੜਕ ਦਾ ਕੰਮ ਸ਼ੁਰੂ ਕਰਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ 27 ਅਪਰੈਲ ਤੱਕ ਦਾ ਅਲਟੀਮੇਟਮ ਦਿੱਤਾ ਗਿਆ ਸੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਾਹੋਂ ਰੋਡ ਦਾ ਰੁਕਿਆ ਕੰਮ ਇੱਕ ਹਫ਼ਤੇ ਦੇ ਅੰਦਰ ਅੰਦਰ ਸ਼ੁਰੂ ਕਰਕੇ ਛੇ ਮਹੀਨੇ ਵਿੱਚ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਤਹਿਤ ਵਾਲੀਆ ਪੈਲੇਸ ਤੋਂ ਪਹਿਲੇ ਤਿੰਨ ਕਿਲੋਮੀਟਰ ਦੀ ਉਸਾਰੀ ਦਾ ਕੰਮ ਮਹੀਨੇ ਵਿੱਚ ਮੁਕੰਮਲ ਕੀਤਾ ਜਾਵੇਗਾ ਅਤੇ ਤਿੰਨ ਮਹੀਨੇ ਵਿੱਚ ਸੜਕ ਵਿੱਚ ਰੋਕ ਪਾਉਂਦੇ ਦਰਖ਼ਤ ਕੱਟੇ ਜਾਣਗੇ ਅਤੇ ਉਸ ਤੋਂ ਬਾਅਦ ਖੰਭੇ ਦੂਜੀ ਥਾਂ ਤਬਦੀਲ ਕੀਤੇ ਜਾਣਗੇ।
ਮੀਟਿੰਗ ਵਿੱਚ ਕੀਤੇ ਫ਼ੈਸਲਿਆਂ ਤੋਂ ਬਾਅਦ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਦੱਸਿਆ ਕਿ ਮੀਟਿੰਗ ਦੌਰਾਨ ਲੋਕ ਨਿਰਮਾਣ ਵਿਭਾਗ ਵੱਲੋਂ ਇੱਕ ਹਫ਼ਤੇ ਦੇ ਅੰਦਰ ਅੰਦਰ ਕੰਮ ਸ਼ੁਰੂ ਕਰਨ ਦਾ ਭਰੋਸਾ ਦਿੱਤਾ ਗਿਆ ਹੈ ਅਤੇ ਸਾਰੇ ਕੰਮ ਨੂੰ ਛੇ ਮਹੀਨੇ ਵਿੱਚ ਮੁਕੰਮਲ ਕੀਤਾ ਜਾਵੇਗਾ। ਵਫ਼ਦ ਵਿੱਚ ਇੰਦਰਵੀਰ ਸਿੰਘ ਕਾਦੀਆਂ ਅਤੇ ਮਨਜੀਤ ਸਿੰਘ ਅਰੋੜਾ ਮੌਜੂਦ ਸਨ।