ਰਾਜੌਰੀ/ਜੰਮੂ : ਪੀਡੀਪੀ ਦੀ ਮੁਖੀ ਮਹਿਬੂਬਾ ਮੁਫਤੀ ਨੇ ਅੱਜ ਨੈਸ਼ਨਲ ਕਾਨਫਰੰਸ ’ਤੇ ਨਿਸ਼ਾਨਾ ਸੇਧਦਿਆਂ ਦਾਅਵਾ ਕੀਤਾ ਕਿ ਸੱਤਾਧਾਰੀ ਪਾਰਟੀ ਧਾਰਾ 370 ਬਾਰੇ ਗੱਲ ਕਰਨ ਤੋਂ ਡਰਦੀ ਹੈ ਅਤੇ ਉਹ ਜੰਮੂ ਕਸ਼ਮੀਰ ਵਿੱਚ ਭਾਜਪਾ ਦਾ ਏਜੰਡਾ ਲਾਗੂ ਕਰ ਰਹੀ ਹੈ। ਉਨ੍ਹਾਂ ਲੋਕਾਂ ਨੂੰ ਪਾਰਟੀ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਨਾ ਸਿਰਫ ਜੰਮੂ-ਕਸ਼ਮੀਰ ਦੇ ਲੋਕਾਂ ਦੀ ਆਵਾਜ਼ ਬਣਨਾ ਚਾਹੁੰਦੀ ਹੈ, ਸਗੋਂ ਦੇਸ਼ ਦੇ ਦੱਬੇ-ਕੁਚਲੇ ਮੁਸਲਿਮ ਭਾਈਚਾਰੇ ਲਈ ਵੀ ਆਵਾਜ਼ ਉਠਾਉਣਾ ਚਾਹੁੰਦੀ ਹੈ। ਜੰਮੂ ਅਤੇ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਨੇ ਰਾਜੌਰੀ ਵਿੱਚ ਲੋਕਾਂ ਨੂੰ ਸੰਬੋਧਨ ਕਰਦਿਆਂ ਨੈਸ਼ਨਲ ਕਾਨਫਰੰਸ ਸਰਕਾਰ ਦੀ ਨਿਖੇਧੀ ਕੀਤੀ। ਦੱਸਣਾ ਬਣਦਾ ਹੈ ਕਿ ਪਿਛਲੇ ਸਾਲ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਵਿੱਚ ਪੀਡੀਪੀ ਦੇ ਮਾੜੀ ਕਾਰਗੁਜ਼ਾਰੀ ਤੋਂ ਬਾਅਦ ਖੇਤਰ ਦੀ ਆਪਣੀ ਪਹਿਲੀ ਫੇਰੀ ਦੌਰਾਨ ਮਹਿਬੂਬਾ ਨੇ ਪਾਰਟੀ ਵਰਕਰਾਂ ਨਾਲ ਕਈ ਮੀਟਿੰਗਾਂ ਕੀਤੀਆਂ।
ਪੀਡੀਪੀ ਮੁਖੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਐਨਸੀ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਵਿੱਚ ਅਸਫਲ ਰਹੀ ਹੈ। ਮਹਿਬੂਬਾ ਮੁਫਤੀ ਨੇ ਦੋਸ਼ ਲਗਾਇਆ ਕਿ ਸੂਬੇ ਵਿਚਲੀ ਨੈਸ਼ਨਲ ਕਾਨਫਰੰਸ ਦੀ ਸਰਕਾਰ ਭਾਜਪਾ ਦੇ ਮੁਸਲਿਮ ਵਿਰੋਧੀ ਏਜੰਡੇ ਅੱਗੇ ਝੁਕ ਰਹੀ ਹੈ। ਮੁੱਖ ਮੰਤਰੀ ਉਮਰ ਅਬਦੁੱਲਾ ’ਤੇ ਨਿਸ਼ਾਨਾ ਸੇਧਦਿਆਂ ਮਹਿਬੂਬਾ ਨੇ ਕਿਹਾ ਕਿ ਦੇਸ਼ ਦੇ ਮੁਸਲਮਾਨਾਂ ਨੂੰ ਆਸ ਸੀ ਕਿ ਮੁਸਲਿਮ ਬਹੁ-ਗਿਣਤੀ ਵਾਲੇ ਸੂਬੇ ਵਿੱਚ ਇਕ ਮੁਸਲਮਾਨ ਮੁੱਖ ਮੰਤਰੀ ਆਪਣੀ ਆਵਾਜ਼ ਉਠਾਏਗਾ ਜਾਂ ਘੱਟੋ-ਘੱਟ ਇਹ ਕਹੇਗਾ ਕਿ ਉਹ ਜੰਮੂ ਕਸ਼ਮੀਰ ਵਿੱਚ ਇਸ ਕਾਨੂੰਨ ਨੂੰ ਲਾਗੂ ਨਹੀਂ ਕਰਨਗੇ।