ਨਵੀਂ ਦਿੱਲੀ : ਕੇਂਦਰੀ ਗ੍ਰਹਿ ਸਕੱਤਰ ਗੋਵਿੰਦ ਮੋਹਨ ਨੇ ਅੱਜ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਵਿੱਚ ਤਿੰਨ ਨੀਮ ਫ਼ੌਜੀ ਬਲਾਂ ਦੇ ਮੁਖੀਆਂ ਅਤੇ ਦੋ ਹੋਰ ਸੁਰੱਖਿਆ ਸੰਗਠਨਾਂ ਦੇ ਸੀਨੀਅਰ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਇਹ ਮੀਟਿੰਗ ਪਹਿਲਗਾਮ ਦਹਿਸ਼ਤੀ ਹਮਲੇ ਤੋਂ ਬਾਅਦ ਬਣੇ ਤਣਾਅਪੂਰਨ ਮਾਹੌਲ ਦੇ ਮੱਦੇਨਜ਼ਰ ਕੀਤੀ ਗਈ ਹੈ। ਇਸ ਹਮਲੇ ਵਿੱਚ 26 ਲੋਕ ਮਾਰੇ ਗਏ, ਜਿਨ੍ਹਾਂ ’ਚੋਂ ਜ਼ਿਆਦਾਤਰ ਸੈਲਾਨੀ ਸਨ। ਸੂਤਰਾਂ ਨੇ ਦੱਸਿਆ ਕਿ ਮੀਟਿੰਗ ਵਿੱਚ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੇ ਡਾਇਰੈਕਟਰ ਜਨਰਲ (ਡੀਜੀ) ਦਲਜੀਤ ਸਿੰਘ ਚੌਧਰੀ, ਰਾਸ਼ਟਰੀ ਸੁਰੱਖਿਆ ਗਾਰਡ (ਐੱਨਐੱਸਜੀ) ਦੇ ਡਾਇਰੈਕਟਰ ਜਨਰਲ ਬ੍ਰਿਘੂ ਸ੍ਰੀਨਿਵਾਸਨ ਅਤੇ ਅਸਾਮ ਰਾਈਫਲਜ਼ ਦੇ ਡੀਜੀ ਲੈਫਟੀਨੈਂਟ ਜਨਰਲ ਵਿਕਾਸ ਲਖੇੜਾ ਸ਼ਾਮਲ ਹੋਏ। ਮੀਟਿੰਗ ਵਿੱਚ ਸਸ਼ਤਰ ਸੀਮਾ ਬਲ (ਐੱਸਐੱਸਬੀ) ਦੀ ਵਧੀਕ ਡਾਇਰੈਕਟਰ ਜਨਰਲ ਅਨੁਪਮਾ ਨੀਲੇਕਰ ਚੰਦਰ ਵੀ ਮੌਜੂਦ ਸੀ। ਮੀਟਿੰਗ ਵਿੱਚ ਕੀ ਚਰਚਾ ਹੋਈ, ਇਸ ਬਾਰੇ ਵੇਰਵੇ ਸਾਂਝੇ ਨਹੀਂ ਕੀਤੇ ਗਏ।
ਬੀਐੱਸਐੱਫ ਵੱਲੋਂ ਪਾਕਿਸਤਾਨ ਅਤੇ ਬੰਗਲਾਦੇਸ਼ ਨਾਲ ਲੱਗਦੀਆਂ ਭਾਰਤ ਦੀਆਂ ਕੌਮਾਂਤਰੀ ਸਰਹੱਦਾਂ ਦੀ ਰਾਖੀ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਐੱਸਐੱਸਬੀ ਨੇਪਾਲ ਅਤੇ ਭੂਟਾਨ ਨਾਲ ਲੱਗਦੀਆਂ ਸਰਹੱਦ ਦੀ ਰਾਖੀ ਕਰਦੀ ਹੈ। ਅਸਾਮ ਰਾਈਫਲਜ਼ ਮਿਆਂਮਾਰ ਨਾਲ ਲੱਗਦੀ ਸਰਹੱਦ ਦੀ ਰਾਖੀ ਕਰਦੀ ਹੈ। ਐੱਨਐੱਸਜੀ ਕਮਾਂਡੋ ਫੋਰਸ ਹੈ, ਜੋ ਅਤਿਵਾਦ ਵਿਰੋਧੀ ਕਾਰਵਾਈਆਂ ਵਿੱਚ ਮਾਹਿਰ ਹੈ। ਪਹਿਲਗਾਮ ਹਮਲੇ ਤੋਂ ਬਾਅਦ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਨੇ 1960 ਦੇ ਸਿੰਧੂ ਜਲ ਸਮਝੌਤੇ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦਾ ਫੈਸਲਾ ਕੀਤਾ ਹੈ।