ਅਕਾਲ ਤਖ਼ਤ ਵੱਲੋਂ ਢੱਡਰੀਆਂ ਵਾਲੇ ਨੂੰ ਮੁਆਫ਼ੀ, ਸਰਨਾ ਅਤੇ ਗੁਰਮੁਖ ਸਿੰਘ ਨੂੰ ਲਗਾਈ ਤਨਖਾਹ

ਅਕਾਲ ਤਖ਼ਤ ਵੱਲੋਂ ਢੱਡਰੀਆਂ ਵਾਲੇ ਨੂੰ ਮੁਆਫ਼ੀ, ਸਰਨਾ ਅਤੇ ਗੁਰਮੁਖ ਸਿੰਘ ਨੂੰ ਲਗਾਈ ਤਨਖਾਹ

ਅੰਮ੍ਰਿਤਸਰ : ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਅੱਜ ਇੱਥੇ ਅਕਾਲ ਤਖ਼ਤ ਸਾਹਿਬ ’ਤੇ ਖਿਮਾ ਯਾਚਨਾ ਕੀਤੀ ਜਿਸ ਮਗਰੋਂ ਪੰਜ ਸਿੰਘ ਸਾਹਿਬਾਨ ਨੇ ਉਸ ਨੂੰ ਪ੍ਰਵਾਨ ਕਰ ਲਿਆ। ਇਸ ਮਗਰੋਂ ਉਨ੍ਹਾਂ ਢੱਡਰੀਆਂ ਵਾਲੇ ਨੂੰ ਧਰਮ ਪ੍ਰਚਾਰ ਕਰਨ ਦੀ ਪ੍ਰਵਾਨਗੀ ਦੇ ਦਿੱਤੀ। ਇੱਥੇ ਅਕਾਲ ਤਖ਼ਤ ਵਿਖੇ ਅੱਜ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਦੌਰਾਨ ਤਖ਼ਤ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਨੂੰ ਦੋਸ਼ ਮੁਕਤ ਕਰਾਰ ਦਿੱਤਾ ਗਿਆ ਜਦਕਿ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਅਤੇ ਸਾਬਕਾ ਜਥੇਦਾਰ ਗਿਆਨੀ ਗੁਰਮੁਖ ਸਿੰਘ ਨੂੰ ਤਨਖਾਹ ਲਾਈ ਗਈ।

ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਹੋਈ ਮੀਟਿੰਗ ’ਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ, ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਰਾਜਦੀਪ ਸਿੰਘ, ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਬਖਸ਼ੀਸ਼ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਮੌਜੂਦ ਸਨ। ਮੀਟਿੰਗ ਦੌਰਾਨ ਲਗਭਗ ਸੱਤ ਅਜਿਹੇ ਮਾਮਲੇ ਵਿਚਾਰੇ ਗਏ ਜਿਨ੍ਹਾਂ ਵਿੱਚ ਖਿਮਾ ਯਾਚਨਾ ਦੀ ਅਪੀਲ ਨੂੰ ਸਵੀਕਾਰ ਕੀਤਾ ਗਿਆ ਅਤੇ ਕੁਝ ਮਾਮਲਿਆਂ ਵਿੱਚ ਵਿਅਕਤੀਆਂ ਨੂੰ ਤਲਬ ਕੀਤਾ ਗਿਆ ਹੈ। ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਦੱਸਿਆ ਕਿ ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਦਾ ਪੱਖ ਸੁਣਨ ਮਗਰੋਂ ਉਸ ਦੀ ਖਿਮਾ ਯਾਚਨਾ ਪ੍ਰਵਾਨ ਕਰਦਿਆਂ ਸਿੱਖੀ ਪ੍ਰਚਾਰ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਸ਼ਰਤਾਂ ਪ੍ਰਵਾਨ ਕੀਤੇ ਜਾਣ ਮਗਰੋਂ ਢੱਡਰੀਆਂ ਵਾਲੇ ਨੂੰ ਅਕਾਲ ਤਖ਼ਤ ਸਾਹਿਬ ਵਿਖੇ 501 ਰੁਪਏ ਦੀ ਦੇਗ ਕਰਵਾਉਣ ਦੇ ਆਦੇਸ਼ ਦਿੱਤੇ ਗਏ। ਜਥੇਦਾਰ ਗੜਗੱਜ ਨੇ ਦੱਸਿਆ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ’ਤੇ ਲੱਗੇ ਦੋਸ਼ ਸਾਬਤ ਨਾ ਹੋਣ ਕਾਰਨ ਉਨ੍ਹਾਂ ਨੂੰ ਦੋਸ਼ਾਂ ਤੋਂ ਮੁਕਤ ਕੀਤਾ ਗਿਆ ਹੈ ਅਤੇ ਉਨ੍ਹਾਂ ਦੀਆਂ ਸੇਵਾਵਾਂ ’ਤੇ ਲੱਗੀ ਰੋਕ ਖ਼ਤਮ ਕਰ ਦਿੱਤੀ ਗਈ ਹੈ। ਜਥੇਦਾਰ ਨੇ ਦੱਸਿਆ ਕਿ ਗਿਆਨੀ ਗੌਹਰ ’ਤੇ ਲੱਗੇ ਗੰਭੀਰ ਦੋਸ਼ਾਂ ਦੀ ਜਾਂਚ ਵਾਸਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਕੋਲੋਂ ਜਾਂਚ ਕਮੇਟੀ ਦੀ ਰਿਪੋਰਟ ਮੰਗੀ ਗਈ ਸੀ ਪਰ ਉਨ੍ਹਾਂ ਅਕਾਲ ਤਖ਼ਤ ਦੇ ਆਦੇਸ਼ਾਂ ਦੀ ਪਾਲਣਾ ਨਹੀਂ ਕੀਤੀ ਸੀ। ਉਨ੍ਹਾਂ ਦੱਸਿਆ ਕਿ 4 ਨਵੰਬਰ, 2024 ਨੂੰ ਗਿਆਨੀ ਗੌਹਰ ਨੇ ਜਾਂਚ ਕਮੇਟੀ ਦੀ ਰਿਪੋਰਟ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਸੌਂਪੀ ਸੀ ਜਿਸ ਨੂੰ ਹੁਣ ਸੰਜੀਦਗੀ ਨਾਲ ਵਿਚਾਰਨ ’ਤੇ ਉਨ੍ਹਾਂ ਉੱਤੇ ਲੱਗੇ ਦੋਸ਼ ਸਾਬਤ ਨਹੀਂ ਹੁੰਦੇ ਹਨ। ਇਸ ਦੌਰਾਨ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਨੂੰ ਆਦੇਸ਼ ਕੀਤਾ ਗਿਆ ਕਿ ਪ੍ਰਧਾਨ ਸਮੇਤ ਸਾਰੇ ਅਹੁਦੇਦਾਰ ਅਕਾਲ ਤਖ਼ਤ ਵਿਖੇ ਪੇਸ਼ ਹੋ ਕੇ ਆਪਣਾ ਪੱਖ ਸਪੱਸ਼ਟ ਕਰਨ। ਇਸੇ ਤਰ੍ਹਾਂ ਤਖ਼ਤ ਦੇ ਕਾਰਜਕਾਰੀ ਜਥੇਦਾਰ ਭਾਈ ਬਲਦੇਵ ਸਿੰਘ ਅਤੇ ਗ੍ਰੰਥੀ ਭਾਈ ਗੁਰਦਿਆਲ ਸਿੰਘ ਨੂੰ ਵੀ ਆਦੇਸ਼ ਕੀਤਾ ਹੈ ਕਿ ਉਹ ਹੁਕਮਾਂ ਨੂੰ ਅਣਦੇਖਿਆ ਕਰਨ ਦੇ ਮਾਮਲੇ ਵਿੱਚ ਅਕਾਲ ਤਖ਼ਤ ਵਿਖੇ ਪੇਸ਼ ਹੋ ਕੇ ਆਪਣਾ ਪੱਖ ਰੱਖਣ। ਦੱਸਣਯੋਗ ਹੈ ਕਿ ਦਸੰਬਰ 2022 ਵਿੱਚ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਉਸ ਵੇਲੇ ਦੇ ਵਧੀਕ ਹੈੱਡ ਗ੍ਰੰਥੀ ਭਾਈ ਬਲਦੇਵ ਸਿੰਘ ਕੋਲੋਂ ਪੰਜ ਬਾਣੀਆਂ ਦਾ ਪਾਠ ਜ਼ੁਬਾਨੀ ਸੁਣਨ ਅਤੇ ਇਸ ਦੀ ਵੀਡੀਓਗ੍ਰਾਫੀ ਕਰਕੇ ਅਕਾਲ ਤਖ਼ਤ ਵਿਖੇ ਭੇਜਣ ਦੇ ਆਦੇਸ਼ ਦਿੱਤੇ ਗਏ ਸਨ। ਉਧਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ, ਜਿਨ੍ਹਾਂ ਸਿੰਘ ਸਾਹਿਬਾਨ ਅਤੇ ਹੋਰ ਸਿੱਖ ਵਿਦਵਾਨਾਂ ਬਾਰੇ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਸਨ, ਵੱਲੋਂ ਖਿਮਾ ਯਾਚਨਾ ਕੀਤੀ ਗਈ। ਪੰਜ ਸਿੰਘ ਸਾਹਿਬਾਨ ਵੱਲੋਂ ਉਸ ਨੂੰ 11 ਦਿਨ ਦੋ ਜਪੁਜੀ ਸਾਹਿਬ ਦੇ ਪਾਠ ਕਰਨ, ਚੌਪਈ ਸਾਹਿਬ ਦੇ ਦੋ ਪਾਠ ਕਰਨ ਦੀ ਤਨਖਾਹ ਲਾਈ ਗਈ ਹੈ। ਉਸ ਦੀ ਸਰੀਰਕ ਹਾਲਤ ਦੇ ਮੱਦੇਨਜ਼ਰ ਉਸ ਨੂੰ 11 ਦਿਨ ਬਾਅਦ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦਿੱਲੀ ਵਿਖੇ 501 ਰੁਪਏ ਦੀ ਦੇਗ ਕਰਵਾ ਕੇ ਖਿਮਾ ਯਾਚਨਾ ਦੀ ਅਰਦਾਸ ਕਰਵਾਉਣ ਦੇ ਆਦੇਸ਼ ਦਿੱਤੇ ਗਏ ਹਨ। ਤਖ਼ਤ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਮੁਖ ਸਿੰਘ ਨੂੰ 11 ਦਿਨ ਗੁਰੂ ਰਾਮਦਾਸ ਲੰਗਰ ਘਰ ਵਿਖੇ ਰੋਜ਼ ਇੱਕ ਘੰਟਾ ਸੰਗਤ ਦੇ ਜੂਠੇ ਬਰਤਨ ਮਾਂਜਣ, ਇੱਕ ਘੰਟਾ ਜੋੜਿਆਂ ਦੀ ਸੇਵਾ ਕਰਨ ਅਤੇ 11 ਦਿਨ ਜਪੁਜੀ ਸਾਹਿਬ ਦੇ ਦੋ ਪਾਠ, ਇੱਕ ਵਾਰ ਆਸਾ ਦੀ ਵਾਰ ਦਾ ਪਾਠ ਕਰਨ ਅਤੇ ਦੋ ਵਾਰ ਸਵੱਈਏ ਦਾ ਪਾਠ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਉਪਰੰਤ 1100 ਰੁਪਏ ਦੀ ਕੜਾਹ ਪ੍ਰਸ਼ਾਦ ਦੀ ਦੇਗ ਅਕਾਲ ਤਖ਼ਤ ਵਿਖੇ ਕਰਵਾ ਕੇ ਖਿਮਾ ਯਾਚਨਾ ਦੀ ਅਰਦਾਸ ਕਰਵਾਉਣ ਦੇ ਆਦੇਸ਼ ਦਿੱਤੇ ਹਨ। ਕੈਨੇਡਾ ਦੇ ਹੈਮਿਲਟਨ ਸਥਿਤ ਗੁਰਦੁਆਰਾ ਸਾਹਿਬ ਬਾਬਾ ਬੁੱਢਾ ਜੀ ਦੀ ਪ੍ਰਬੰਧਕੀ ਕਮੇਟੀ ਵੱਲੋਂ ਸ਼ਹੀਦ ਡਾਕਟਰ ਹਰਪ੍ਰੀਤ ਸਿੰਘ ਦੀ ਪਤਨੀ ਬੀਬੀ ਪਰਮਿੰਦਰ ਪਾਲ ਕੌਰ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਤੰਗ-ਪਰੇਸ਼ਾਨ ਕਰਨ ਦੀ ਮਿਲੀ ਸ਼ਿਕਾਇਤ ’ਤੇ ਵੀ ਕਾਰਵਾਈ ਕੀਤੀ ਗਈ ਹੈ। ਜਥੇਦਾਰ ਗੜਗੱਜ ਨੇ ਦੱਸਿਆ ਕਿ ਗੁਰਦੁਆਰੇ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੰਤ ਸਿੰਘ ਨੂੰ ਅਕਾਲ ਤਖ਼ਤ ਵਿਖੇ ਪੇਸ਼ ਹੋ ਕੇ ਪੱਖ ਰੱਖਣ, ਪ੍ਰਬੰਧਕ ਕਮੇਟੀ ਦੇ ਪਤਿਤ ਮੈਂਬਰਾਂ ਖਜ਼ਾਨਚੀ ਕੁਲਵਿੰਦਰ ਸਿੰਘ ਮੁਲਤਾਨੀ ਤੇ ਸਕੱਤਰ ਜਸ ਸੋਹਲ ਨੂੰ ਪੱਖ ਲਿਖਤੀ ਰੂਪ ਵਿੱਚ ਅਕਾਲ ਤਖ਼ਤ ਵਿਖੇ ਭੇਜਣ ਦੇ ਹੁਕਮ ਦਿੱਤੇ ਗਏ ਹਨ। ਪੰਜ ਸਿੰਘ ਸਾਹਿਬਾਨ ਨੇ ਪ੍ਰਬੰਧਕ ਕਮੇਟੀ ਨੂੰ ਬੀਬੀ ਪਰਮਿੰਦਰ ਪਾਲ ਕੌਰ ਨੂੰ ਗੁਰਦੁਆਰੇ ’ਚ ਸੇਵਾ ਦੇ ਕੇ ਯੋਗ ਸੇਵਾਫਲ ਦੇਣ, ਰਿਹਾਇਸ਼ ਦਾ ਪ੍ਰਬੰਧ ਯਕੀਨੀ ਬਣਾਉਣ ਅਤੇ ਪਰਿਵਾਰ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਵਾਸਤੇ ਆਦੇਸ਼ ਕੀਤੇ ਗਏ ਹਨ। ਦਿੱਲੀ ਦੇ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਦੇ ਇੱਕ ਮੁਲਾਜ਼ਮ ਬਲਵੀਰ ਸਿੰਘ ਦੇ ਮਾਮਲੇ ਬਾਰੇ ਦਿੱਲੀ ਕਮੇਟੀ ਨੂੰ ਆਦੇਸ਼ ਕੀਤਾ ਗਿਆ ਹੈ ਕਿ ਉਹ ਉਸ ਖ਼ਿਲਾਫ਼ ਹੁਣ ਤੱਕ ਕੀਤੀ ਕਾਰਵਾਈ ਦੀ ਸਮੁੱਚੀ ਰਿਪੋਰਟ ਅਕਾਲ ਤਖ਼ਤ ਵਿਖੇ ਤੁਰੰਤ ਭੇਜੀ ਜਿਸ ’ਤੇ ਗੁਰੂਘਰ ਅੰਦਰ ਇੱਕ ਮਹਿਲਾ ਕਰਮਚਾਰੀ ਨਾਲ ਦੁਰਵਿਹਾਰ ਕਰਨ ਦੇ ਦੋਸ਼ ਲੱਗੇ ਹਨ। ਉਸ ਦੀਆਂ ਸੇਵਾਵਾਂ ’ਤੇ ਤੁਰੰਤ ਰੋਕ ਲਗਾ ਦਿੱਤੀ ਗਈ ਹੈ।

ਅਕਾਲ ਤਖ਼ਤ ਅਤੇ ਤਖ਼ਤ ਪਟਨਾ ਸਾਹਿਬ ਵਿਚਾਲੇ ਟਕਰਾਅ

ਅੰਮ੍ਰਿਤਸਰ  : ਅਕਾਲ ਤਖ਼ਤ ਦੇ ਜਥੇਦਾਰ ਅਤੇ ਤਖ਼ਤ ਪਟਨਾ ਸਾਹਿਬ ਦੇ ਜਥੇਦਾਰਾਂ ਵਿਚਾਲੇ ਨਵਾਂ ਵਿਵਾਦ ਪੈਦਾ ਹੋ ਗਿਆ ਹੈ। ਅਕਾਲ ਤਖ਼ਤ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਕੀਤੇ ਆਦੇਸ਼ ਦੇ ਮੋੜਵੇਂ ਜਵਾਬ ’ਚ ਤਖ਼ਤ ਪਟਨਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਨੇ ਪੰਜ ਪਿਆਰਿਆਂ ਨਾਲ ਮੀਟਿੰਗ ਕਰਕੇ ਅਕਾਲ ਤਖ਼ਤ ਦੇ ਹੁਕਮ ਨੂੰ ਰੱਦ ਕਰ ਦਿੱਤਾ। ਉਨ੍ਹਾਂ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਨੂੰ ਤਨਖਾਹੀਆ ਵੀ ਐਲਾਨ ਦਿੱਤਾ ਹੈ। ਇਸੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸਾਜ਼ਿਸ਼ਕਾਰ ਆਖਦਿਆਂ ਤਖ਼ਤ ਪਟਨਾ ਸਾਹਿਬ ਵਿਖੇ ਤਲਬ ਕੀਤਾ ਗਿਆ ਹੈ। ਤਖ਼ਤ ਪਟਨਾ ਸਾਹਿਬ ਵਿਖੇ ਜਥੇਦਾਰ ਭਾਈ ਬਲਦੇਵ ਸਿੰਘ ਦੀ ਅਗਵਾਈ ਹੇਠ ਮੀਟਿੰਗ ਹੋਈ, ਜਿਸ ਵਿੱਚ ਤਖ਼ਤ ਦੇ ਵਧੀਕ ਹੈੱਡ ਗ੍ਰੰਥੀ ਭਾਈ ਦਲੀਪ ਸਿੰਘ ਤੇ ਭਾਈ ਗੁਰਦਿਆਲ ਸਿੰਘ, ਸੀਨੀਅਰ ਮੀਤ ਗ੍ਰੰਥੀ ਭਾਈ ਪਰਸ਼ੂਰਾਮ ਸਿੰਘ ਅਤੇ ਮੀਤ ਗ੍ਰੰਥੀ ਭਾਈ ਅਮਰਜੀਤ ਸਿੰਘ ਸ਼ਾਮਲ ਹੋਏ। ਮੀਟਿੰਗ ਤੋਂ ਬਾਅਦ ਉਨ੍ਹਾਂ ਹੁਕਮਨਾਮਾ ਜਾਰੀ ਕੀਤਾ ਜਿਸ ਨੂੰ ਤਖ਼ਤ ਪਟਨਾ ਸਾਹਿਬ ਦੀ ਸੋਸ਼ਲ ਮੀਡੀਆ ਸਾਈਟ ’ਤੇ ਵੀ ਅਪਲੋਡ ਕੀਤਾ ਗਿਆ ਹੈ। ਹੁਕਮਨਾਮੇ ਵਿੱਚ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਨੂੰ ਕਥਿਤ ਅਤੇ ਆਪੂੰ ਥਾਪੇ ਜਥੇਦਾਰ ਦੱਸਿਆ ਹੈ। ਉਨ੍ਹਾਂ ਅਕਾਲ ਤਖ਼ਤ ਤੋਂ ਅੱਜ ਜਾਰੀ ਕੀਤੇ ਗਏ ਆਦੇਸ਼ ਨੂੰ ਰਾਜਨੀਤੀ ਤੋਂ ਪ੍ਰੇਰਿਤ ਕਰਾਰ ਦਿੰਦਿਆਂ ਇਸ ਨੂੰ ਰੱਦ ਕਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਅੱਜ ਤੋਂ ਅਕਾਲ ਤਖ਼ਤ ਜਾਂ ਬਾਹਰੀ ਕਿਸੇ ਵੀ ਤਖ਼ਤ ਦੇ ਪੰਜ ਪਿਆਰਿਆਂ ਜਾਂ ਸਿੰਘ ਸਾਹਿਬਾਨ ਵੱਲੋਂ ਕਿਸੇ ਤਰ੍ਹਾਂ ਦਾ ਕੋਈ ਵੀ ਆਦੇਸ਼ ਤਖ਼ਤ ਪਟਨਾ ਸਾਹਿਬ ਵਿਖੇ ਨਾ ਲਾਗੂ ਕੀਤਾ ਜਾਵੇਗਾ ਅਤੇ ਨਾ ਹੀ ਮੰਨਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਪੰਜ ਸਿੰਘ ਸਾਹਿਬਾਨ ਦੀ ਕਾਰਵਾਈ ਪਟਨਾ ਸਾਹਿਬ ਦੇ ਸੰਵਿਧਾਨ ਅਤੇ ਉਪ ਨਿਯਮ ਨੂੰ ਚੁਣੌਤੀ ਦੇਣ ਅਤੇ ਪ੍ਰਬੰਧਕੀ ਕਮੇਟੀ ਦੇ ਅਧਿਕਾਰ ਤੇ ਸ਼ਕਤੀ ਵਿੱਚ ਦਖ਼ਲਅੰਦਾਜ਼ੀ ਹੈ। ਪੰਜ ਪਿਆਰਿਆਂ ਵੱਲੋਂ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਬਾਬਾ ਟੇਕ ਸਿੰਘ ਨੂੰ ਤਖ਼ਤ ਪਟਨਾ ਸਾਹਿਬ ਦੀ ਮਾਣ-ਮਰਿਆਦਾ, ਪਰੰਪਰਾ ਅਤੇ ਪ੍ਰਭੂਸੱਤਾ ਨੂੰ ਠੇਸ ਪਹੁੰਚਾਉਣ ਦਾ ਗੰਭੀਰ ਦੋਸ਼ੀ ਮੰਨਦੇ ਹੋਏ ਤਨਖਾਹੀਆ ਘੋਸ਼ਿਤ ਕੀਤਾ ਗਿਆ ਹੈ। ਉਨ੍ਹਾਂ ਆਖਿਆ ਕਿ ਇਸ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਦਖ਼ਲਅੰਦਾਜ਼ੀ ਕਰਨ ਅਤੇ ਸਾਜ਼ਿਸ਼ਕਰਤਾ ਵਜੋਂ ਸ਼ਾਮਲ ਹੋਣ ਦੀ ਜਾਣਕਾਰੀ ਵੀ ਮਿਲੀ ਹੈ। ਇਸ ਲਈ ਉਸ ਨੂੰ 10 ਦਿਨਾਂ ਦੇ ਅੰਦਰ ਅੰਦਰ ਤਖ਼ਤ ਪਟਨਾ ਸਾਹਿਬ ਵਿਖੇ ਹਾਜ਼ਰ ਹੋ ਕੇ ਪੱਖ ਰੱਖਣ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਤਖ਼ਤ ਪਟਨਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਸਾਰੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਅਕਾਲ ਤਖ਼ਤ ’ਤੇ ਤਲਬ ਕੀਤੇ ਗਏ ਹੁਕਮਾਂ ’ਤੇ ਰੋਕ ਲਗਾ ਦਿੱਤੀ ਹੈ। ਤਖ਼ਤ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਨੂੰ ਦੋਸ਼ ਮੁਕਤ ਕਰਾਰ ਦੇਣ ਦੇ ਫ਼ੈਸਲੇ ਨੂੰ ਵੀ ਮੰਨਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਇਸ ਦੌਰਾਨ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਨੇ ਦੋਸ਼ ਲਾਇਆ ਕਿ ਅਕਾਲ ਤਖ਼ਤ ਵੱਲੋਂ ਜਦੋਂ ਜਥੇਦਾਰ ਗੌਹਰ ਨੂੰ ਦੋਸ਼ ਮੁਕਤ ਕਰਾਰ ਦਿੱਤਾ ਗਿਆ ਤਾਂ ਉਨ੍ਹਾਂ ਆਪਣੇ ਸਮਰਥਕਾਂ ਸਮੇਤ ਤਖ਼ਤ ਪਟਨਾ ਸਾਹਿਬ ਵਿਖੇ ਆ ਕੇ ਜਬਰੀ ਡਿਊਟੀ ਸਾਂਭਣ ਦਾ ਯਤਨ ਕੀਤਾ ਜਿਸ ਨਾਲ ਦੋਵੇਂ ਪਾਸੇ ਸਥਿਤੀ ਤਣਾਅਪੂਰਨ ਬਣ ਗਈ ਅਤੇ ਪੁਲੀਸ ਨੇ ਦਖ਼ਲਅੰਦਾਜ਼ੀ ਕਰਕੇ ਸਥਿਤੀ ਨੂੰ ਸੰਭਾਲਿਆ। ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਕੀਤੇ ਗਏ ਇੱਕ ਫ਼ੈਸਲੇ ਤਹਿਤ ਤਖ਼ਤ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਨੂੰ ਦੋਸ਼ ਮੁਕਤ ਕਰਾਰ ਦਿੱਤਾ ਗਿਆ ਸੀ। ਤਖ਼ਤ ਪਟਨਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਬਲਦੇਵ ਸਿੰਘ ਅਤੇ ਗ੍ਰੰਥੀ ਭਾਈ ਗੁਰਦਿਆਲ ਸਿੰਘ ਦੀਆਂ ਸੇਵਾਵਾਂ ’ਤੇ ਰੋਕ ਲਾਈ ਗਈ ਸੀ। ਉਨ੍ਹਾਂ ਸਬੰਧੀ ਮਾਮਲੇ ਵਿੱਚ ਅਕਾਲ ਤਖ਼ਤ ਦੇ ਆਦੇਸ਼ਾਂ ਦੀ ਪਾਲਣਾ ਨਾ ਕਰਨ ਦੇ ਦੋਸ਼ ਹੇਠ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਅਤੇ ਸਮੂਹ ਅਹੁਦੇਦਾਰਾਂ ਨੂੰ ਪੇਸ਼ ਹੋ ਕੇ ਆਪਣਾ ਪੱਖ ਸਪੱਸ਼ਟ ਕਰਨ ਦੇ ਆਦੇਸ਼ ਦਿੱਤੇ ਗਏ ਸਨ।

Share: