ਡੇਰਾਬੱਸੀ : ਹਲਕਾ ਮਜੀਠਾ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੋਈਆਂ ਮੌਤਾਂ ਦੇ ਮਾਮਲੇ ਵਿੱਚ ਬਹੁਜਨ ਸਮਾਜ ਪਾਰਟੀ ਨੇ ਪੰਜਾਬ ਸਰਕਾਰ ਖ਼ਿਲਾਫ਼ ਸੂਬੇ ਵਿੱਚ ਰੋਸ ਮੁਜ਼ਾਹਰੇ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਡੇਰਾਬੱਸੀ ਵਿੱਚ ਮੀਟਿੰਗ ’ਚ ਸੂਬਾ ਜਨਰਲ ਸਕੱਤਰ ਜਗਜੀਤ ਸਿੰਘ ਛੜਬੜ ਨੇ ਦੱਸਿਆ ਕਿ ਇਹ ਰੋਸ ਪ੍ਰਦਰਸ਼ਨ ਪਾਰਟੀ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਦੀ ਅਗਵਾਈ ਹੇਠ ‘ਪੰਜਾਬ ਸੰਭਾਲੋ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰ ’ਤੇ 22 ਮਈ ਨੂੰ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਆਜ਼ਾਦ ਹੋਇਆਂ 78 ਸਾਲ ਹੋ ਗਏ ਹਨ। ਇਸ ਦੌਰਾਨ ਸੂਬੇ ਵਿੱਚ ਕਾਂਗਰਸ, ਅਕਾਲੀ-ਭਾਜਪਾ ਦੀਆਂ ਸਰਕਾਰਾਂ ਰਹੀਆਂ ਹਨ ਜਿਨ੍ਹਾਂ ਤੋਂ ਤੰਗ ਆ ਕੇ ਲੋਕਾਂ ਨੇ ਇਨ੍ਹਾਂ ਦੇ ਬਦਲ ਦੇ ਰੂਪ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਮੌਕਾ ਦਿੱਤਾ ਹੈ। ਇਸ ਦੇ ਬਾਵਜੂਦ ਸਥਿਤੀ ਸੁਧਰਨ ਦੀ ਥਾਂ ਹੋਰ ਵਿਗੜ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨਸ਼ਾ ਖ਼ਤਮ ਕਰਨ ਦਾ ਦਾਅਵਾ ਕਰ ਰਹੀ ਹੈ ਪਰ ਦੂਜੇ ਪਾਸੇ ਨਸ਼ੇ ਕਾਰਨ ਮੌਤਾਂ ਹੋ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵੇਲੇ ਵੀ ਨਸ਼ੇ ਨਾਲ ਮੌਤਾਂ ਦਾ ਸਿਲਸਿਲਾ ਜਾਰੀ ਰਿਹਾ ਸੀ। ਉਨ੍ਹਾਂ ਮੁਲਜ਼ਮਾਂ ਨੂੰ ਸਖ਼ਤ ਸਜ਼ਾ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ। ਇਸ ਮੌਕੇ ਜ਼ਿਲ੍ਹਾ ਇੰਚਾਰਜ ਮਾਸਟਰ ਸੁਰਿੰਦਰ ਸਿੰਘ, ਹਲਕਾ ਪ੍ਰਧਾਨ ਚਰਨਜੀਤ ਸਿੰਘ ਦੇਵੀਨਗਰ, ਹਰਪ੍ਰੀਤ ਸਿੰਘ ਸੁੰਡਰਾ, ਕੁਲਬੀਰ ਸਿੰਘ ਮੀਰਪੁਰ, ਰਣਬੀਰ ਸਿੰਘ ਅਤੇ ਰਾਜ ਕੁਮਾਰ ਝਰਮੜੀ ਸਣੇ ਹੋਰ ਹਾਜ਼ਰ ਸਨ।