ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਕੀਤੇ ਇਕ ਫ਼ੈਸਲੇ ਵਿਚ ਆਗਾਮੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੇ 2025-26 ਸੀਜ਼ਨ ਲਈ ਗੰਨੇ ਦੇ ਵਾਜਬ ਅਤੇ ਲਾਹੇਵੰਦ ਮੁੱਲ (Fair and Remunerative Price – FRP) ਵਿਚ 4.41 ਫ਼ੀਸਦੀ ਵਾਧਾ ਕਰ ਕੇ ਇਸ ਨੂੰ 355 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਫੈਸਲਾ ਕੀਤਾ ਹੈ।
ਇਸ ਸਬੰਧ ਵਿੱਚ ਫੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਦੀ ਪ੍ਰਧਾਨਗੀ ਹੇਠ ਹੋਈ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ (CCEA) ਦੀ ਮੀਟਿੰਗ ਵਿੱਚ ਗੰਨਾ ਕਾਸ਼ਤਕਾਰਾਂ ਦੇ ਹਿੱਤ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ।
ਗ਼ੌਰਤਲਬ ਹੈ ਕਿ ਮੌਜੂਦਾ 2024-25 ਸੀਜ਼ਨ ਲਈ ਗੰਨੇ ਦੀ ਐਫਆਰਪੀ 340 ਰੁਪਏ ਪ੍ਰਤੀ ਕੁਇੰਟਲ ਤੈਅ ਕੀਤੀ ਗਈ ਸੀ। ਐਫਆਰਪੀ ਭਾਰਤ ਸਰਕਾਰ ਵੱਲੋਂ ਤੈਅ ਉਹ ਘੱਟੋ-ਘੱਟ ਮੁੱਲ ਹੈ, ਜੋ ਖੰਡ ਮਿੱਲਾਂ ਗੰਨਾ ਕਾਸ਼ਤਕਾਰਾਂ ਨੂੰ ਉਨ੍ਹਾਂ ਦੀ ਪੈਦਾਵਾਰ ਲਈ ਅਦਾ ਕਰਨ ਵਾਸਤੇ ਕਾਨੂੰਨਨ ਪਾਬੰਦ ਹਨ। ਸੀਸੀਈਏ ਦੀ ਮੀਟਿੰਗ ਤੋਂ ਬਾਅਦ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ (I&B Minister Ashwini Vaishnaw) ਨੇ ਕਿਹਾ ਕਿ 10.25 ਫ਼ੀਸਦੀ ਦੀ ਮੂਲ ਰਿਕਵਰੀ ਦਰ ਲਈ 355 ਰੁਪਏ ਪ੍ਰਤੀ ਕੁਇੰਟਲ ਦੀ ਐਫਆਰਪੀ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।
ਸਰਕਾਰ ਨੇ ਇਹ ਵੀ ਫੈਸਲਾ ਕੀਤਾ ਹੈ ਕਿ ਉਨ੍ਹਾਂ ਖੰਡ ਮਿੱਲਾਂ ਦੇ ਮਾਮਲੇ ਵਿੱਚ ਕੋਈ ਕਟੌਤੀ ਨਹੀਂ ਕੀਤੀ ਜਾਵੇਗੀ ਜਿੱਥੇ ਰਿਕਵਰੀ 9.5 ਫ਼ੀਸਦੀ ਤੋਂ ਘੱਟ ਹੋਵੇਗੀ। ਉਨ੍ਹਾਂ ਕਿਹਾ ਕਿ ਅਜਿਹੇ ਕਿਸਾਨਾਂ ਨੂੰ ਆਉਣ ਵਾਲੇ 2025-26 ਸੀਜ਼ਨ ਵਿੱਚ ਗੰਨੇ ਲਈ 329.05 ਰੁਪਏ ਫ਼ੀ ਕੁਇੰਟਲ ਮਿਲਣਗੇ।