ਚੰਡੀਗੜ੍ਹ : ਕੇਂਦਰੀ ਗ੍ਰਹਿ ਮੰਤਰਾਲੇ ਨੇ ਬੀਬੀਐੱਮਬੀ ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਫ਼ੈਸਲੇ ਨੂੰ ਲੈ ਕੇ ਪੰਜਾਬ-ਹਰਿਆਣਾ ਦਰਮਿਆਨ ਟਕਰਾਅ ਅਤੇ ਭਾਖੜਾ ਡੈਮ ਤੋਂ ਅੱਜ ਪਾਣੀ ਨਾ ਛੱਡੇ ਜਾਣ ਦੇ ਮੱਦੇਨਜ਼ਰ ਭਲਕੇ ਦੋ ਮਈ ਨੂੰ ਨਵੀਂ ਦਿੱਲੀ ’ਚ ਐਮਰਜੈਂਸੀ ਮੀਟਿੰਗ ਸੱਦੀ ਹੈ। ਕੇਂਦਰੀ ਗ੍ਰਹਿ ਸਕੱਤਰ ਗੋਬਿੰਦ ਮੋਹਨ ਨੇ ਬੀਬੀਐੱਮਬੀ ਦੇ ਫ਼ੈਸਲੇ ’ਤੇ ਚਰਚਾ ਲਈ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਸਕੱਤਰਾਂ ਨੂੰ ਤਲਬ ਕੀਤਾ ਹੈ।
ਪੰਜਾਬ ਦੇ ਮੁੱਖ ਸਕੱਤਰ ਛੁੱਟੀ ’ਤੇ ਹੋਣ ਕਰਕੇ ਉਨ੍ਹਾਂ ਤਰਫ਼ੋਂ ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ (ਗ੍ਰਹਿ ਵਿਭਾਗ) ਆਲੋਕ ਸ਼ੇਖਰ ਅਤੇ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਸ਼ਾਮਲ ਹੋਣਗੇ। ਮੀਟਿੰਗ ’ਚ ਬੀਬੀਐੱਮਬੀ ਦੇ ਚੇਅਰਮੈਨ ਮਨੋਜ ਤ੍ਰਿਪਾਠੀ ਅਤੇ ਕੇਂਦਰੀ ਜਲ ਸ਼ਕਤੀ ਮੰਤਰਾਲੇ ਦੇ ਨੁਮਾਇੰਦੇ ਵੀ ਹਾਜ਼ਰ ਰਹਿਣਗੇ। ਜਾਣਕਾਰੀ ਮੁਤਾਬਕ ਕੇਂਦਰੀ ਮੰਤਰਾਲੇ ਦੇ ਸੀਨੀਅਰ ਅਫ਼ਸਰਾਂ ਨੇ ਭਾਖੜਾ ਡੈਮ ਤੋਂ ਹਰਿਆਣਾ ਨੂੰ ਵਾਧੂ ਪਾਣੀ ਛੱਡਣ ਦੇ ਰਾਹ ’ਚ ਬਣੇ ਅੜਿੱਕਿਆਂ ਨੂੰ ਲੈ ਕੇ ਅੱਜ ਪੂਰਾ ਦਿਨ ਹਰ ਗਤੀਵਿਧੀ ’ਤੇ ਨਜ਼ਰ ਰੱਖੀ। ਕੇਂਦਰੀ ਗ੍ਰਹਿ ਮੰਤਰਾਲੇ ਨੇ ਨੰਗਲ ਡੈਮ ਦੇ ਆਸ-ਪਾਸ ਪੁਲੀਸ ਦੀ ਤਾਇਨਾਤੀ ਦਾ ਅੰਦਰੋਂ ਅੰਦਰੀਂ ਸਖ਼ਤ ਨੋਟਿਸ ਲਿਆ ਹੈ। ਪੰਜਾਬ ਸਰਕਾਰ ਨੇ ਬੀਬੀਐੱਮਬੀ ਦੇ ਫ਼ੈਸਲੇ ਨੂੰ ਲੈ ਕੇ ਪੂਰਾ ਦਿਨ ਕਾਨੂੰਨੀ ਮਸ਼ਵਰੇ ਵੀ ਲਏ।
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨੰਗਲ ਡੈਮ ਦਾ ਦੌਰਾ ਕਰਕੇ ਭਾਜਪਾ ਖ਼ਿਲਾਫ਼ ਬਿਗਲ ਵਜਾ ਦਿੱਤਾ ਹੈ ਅਤੇ ‘ਆਪ’ ਨੇ ਸਮੁੱਚੇ ਪੰਜਾਬ ’ਚ ਭਾਜਪਾ ਖ਼ਿਲਾਫ਼ ਪ੍ਰਦਰਸ਼ਨ ਕੀਤੇ। ਬੀਬੀਐੱਮਬੀ ਵੱਲੋਂ ਹਰਿਆਣਾ ਨੂੰ 8500 ਕਿਊਸਿਕ ਪਾਣੀ ਛੱਡੇ ਜਾਣ ਦੇ ਫ਼ੈਸਲੇ ਦੇ ਬਾਵਜੂਦ ਅੱਜ ਇਹ ਫ਼ੈਸਲਾ ਅਮਲ ’ਚ ਨਾ ਆਉਣ ਤੋਂ ਵੀ ਕੇਂਦਰ ਤੇ ਹਰਿਆਣਾ ਦੇ ਫ਼ਿਕਰ ਵਧ ਗਏ ਹਨ। ਅੱਜ ਪੂਰਾ ਦਿਨ ਪੰਜਾਬ ਅਤੇ ਹਰਿਆਣਾ ਦੇ ਆਗੂਆਂ ਦਰਮਿਆਨ ਸ਼ਬਦੀ ਜੰਗ ਵੀ ਤੇਜ਼ ਰਹੀ।
ਬੀਬੀਐੱਮਬੀ ਵੱਲੋਂ ਲੰਘੀ ਰਾਤ ਪੰਜਾਬ ਦੇ ਡਾਇਰੈਕਟਰ (ਵਾਟਰ ਰੈਗੂਲੇਸ਼ਨ) ਦਾ ਤਬਾਦਲਾ ਕੀਤੇ ਜਾਣ ਨੇ ਬਲਦੀ ’ਤੇ ਤੇਲ ਪਾ ਦਿੱਤਾ ਜਿਸ ਕਾਰਨ ਪੰਜਾਬ ਦੇ ਆਮ ਲੋਕਾਂ ’ਚ ਵੀ ਭਾਜਪਾ ਖ਼ਿਲਾਫ਼ ਮੁੜ ਰੋਹ ਪੈਦਾ ਹੋਣ ਲੱਗ ਪਿਆ ਹੈ। ਕੇਂਦਰ ਸਰਕਾਰ ਨੇ ਸਰਹੱਦੀ ਸੂਬਾ ਹੋਣ ਕਰਕੇ ਵਧ ਰਹੇ ਰੋਹ ਦੇ ਮੱਦੇਨਜ਼ਰ ਕਦਮ ਚੁੱਕਣੇ ਸ਼ੁਰੂ ਕੀਤੇ ਹਨ।
ਬੀਬੀਐੱਮਬੀ ਹਰਿਆਣਾ ਨੂੰ ਪਾਣੀ ਛੱਡਣ ’ਚ ਰਿਹਾ ਨਾਕਾਮ
ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐੱਮਬੀ) ਦੀ ਹਰਿਆਣਾ ਨੂੰ ਅੱਜ ਵਾਧੂ ਪਾਣੀ ਛੱਡਣ ਦੀ ਕੋਸ਼ਿਸ਼ ਫ਼ੇਲ੍ਹ ਹੋ ਗਈ। ਉਹ ਵਾਧੂ ਪਾਣੀ ਦੇਣ ਬਾਰੇ 30 ਅਪਰੈਲ ਨੂੰ ਬੋਰਡ ਦੀ ਮੀਟਿੰਗ ਵਿੱਚ ਲਏ ਫ਼ੈਸਲੇ ਨੂੰ ਅੱਜ ਅਮਲ ਵਿੱਚ ਨਹੀਂ ਲਿਆ ਸਕਿਆ ਕਿਉਂਕਿ ਪੰਜਾਬ ਸਰਕਾਰ ਨੇ ਕਈ ਤਕਨੀਕੀ ਨੁਕਤੇ ਖੜ੍ਹੇ ਕਰ ਦਿੱਤੇ। ਤਕਨੀਕੀ ਅੜਚਣ ਉਸ ਵਕਤ ਖੜ੍ਹੀ ਹੋ ਗਈ ਜਦੋਂ ਬੀਬੀਐੱਮਬੀ ਵੱਲੋਂ ਭਾਖੜਾ ਡੈਮ ਦੇ ਨਵੇਂ ਤਾਇਨਾਤ ਕੀਤੇ ਸੰਜੀਵ ਕੁਮਾਰ ਨੇ ਬਤੌਰ ਡਾਇਰੈਕਟਰ (ਵਾਟਰ ਰੈਗੂਲੇਸ਼ਨ) ਜੁਆਇਨ ਕਰਨ ਵਾਸਤੇ ਢੁੱਕਵੀਂ ਪ੍ਰਕਿਰਿਆ ਅਖ਼ਤਿਆਰ ਨਾ ਕੀਤੀ। ਸੰਜੀਵ ਕੁਮਾਰ ਨੂੰ ਬੀਬੀਐੱਮਬੀ ਦੇ ਮੁੱਖ ਦਫ਼ਤਰ ਵਿੱਚ ਤਾਂ ਜੁਆਇਨ ਕਰਾ ਲਿਆ ਸੀ ਪ੍ਰੰਤੂ ਪੰਜਾਬ ਦੇ ਭਾਖੜਾ ਡੈਮ ’ਤੇ ਤਾਇਨਾਤ ਮੁੱਖ ਇੰਜੀਨੀਅਰ ਚਰਨਪ੍ਰੀਤ ਸਿੰਘ ਨੇ ਇਹ ਇਤਰਾਜ਼ ਲਗਾ ਦਿੱਤਾ ਕਿ ਉਨ੍ਹਾਂ ਕੋਲ ਇਸ ਨਵੇਂ ਡਾਇਰੈਕਟਰ ਨੇ ਜੁਆਇਨ ਨਹੀਂ ਕੀਤਾ ਜਿਸ ਕਰਕੇ ਉਸ ਵੱਲੋਂ ਭਾਖੜਾ ਡੈਮ ਦੇ ਗੇਟ ਖੋਲ੍ਹਣ ਦੇ ਹੁਕਮ ਮੰਨੇ ਨਹੀਂ ਜਾ ਸਕਦੇ ਹਨ। ਡਾਇਰੈਕਟਰ (ਵਾਟਰ ਰੈਗੂਲੇਸ਼ਨ) ਆਕਾਸ਼ਦੀਪ ਸਿੰਘ ਵੀ ਅੱਜ ਤਬਾਦਲੇ ਉਪਰੰਤ ਹਾਲੇ ਤੱਕ ਅਹੁਦੇ ਤੋਂ ਰਿਲੀਵ ਨਹੀਂ ਹੋਇਆ ਹੈ। ਬੀਬੀਐੱਮਬੀ ਨੇ ਦੂਜੀ ਕੋਸ਼ਿਸ਼ ਨਵੇਂ ਡਾਇਰੈਕਟਰ ਸੰਜੀਵ ਕੁਮਾਰ ਰਾਹੀਂ ਕੀਤੀ ਜਿਨ੍ਹਾਂ ਐਕਸੀਅਨ ਅਮਿਤ ਸਹੋਤਾ ਨੂੰ ਡੈਮ ਦੇ ਗੇਟ ਖੋਲ੍ਹਣ ਲਈ ਕਿਹਾ ਪ੍ਰੰਤੂ ਉਨ੍ਹਾਂ ਹੁਕਮ ਮੰਨਣ ਤੋਂ ਇਨਕਾਰ ਕਰ ਦਿੱਤਾ।
ਬੀਬੀਐੱਮਬੀ ਦਾ ਡਾਇਰੈਕਟਰ ਤੇ ਸਕੱਤਰ ਬਦਲੇ
ਬੀਬੀਐੱਮਬੀ ਨੇ ਹਰਿਆਣਾ ਨੂੰ ਵਾਧੂ ਪਾਣੀ ਦੇਣ ਸਬੰਧੀ ਲਏ ਫ਼ੈਸਲੇ ਨੂੰ ਲਾਗੂ ਕਰਾਉਣ ਲਈ ਲੰਘੀ ਰਾਤ ਭਾਖੜਾ ਡੈਮ ਦੇ ਡਾਇਰੈਕਟਰ (ਵਾਟਰ ਰੈਗੂਲੇਸ਼ਨ) ਆਕਾਸ਼ਦੀਪ ਸਿੰਘ ਨੂੰ ਟਰਾਂਸਫ਼ਰ ਕਰ ਦਿੱਤਾ ਅਤੇ ਉਸ ਦੀ ਥਾਂ ’ਤੇ ਹਰਿਆਣਾ ਦੇ ਸੰਜੀਵ ਕੁਮਾਰ ਨੂੰ ਡਾਇਰੈਕਟਰ (ਵਾਟਰ ਰੈਗੂਲੇਸ਼ਨ) ਲਗਾ ਦਿੱਤਾ ਹੈ ਤਾਂ ਜੋ ਵਾਧੂ ਪਾਣੀ ਛੱਡਣ ਦੇ ਰਸਤੇ ਵਿੱਚ ਕੋਈ ਰੁਕਾਵਟ ਨਾ ਆਵੇ। ਚੇਤੇ ਰਹੇ ਕਿ ਆਕਾਸ਼ਦੀਪ ਸਿੰਘ ਪੰਜਾਬ ਦੇ ਇਨਡੈਂਟ ਦੇ ਆਧਾਰ ’ਤੇ ਹੀ ਹਰਿਆਣਾ ਨੂੰ ਵਾਧੂ ਪਾਣੀ ਛੱਡਣ ਲਈ ਅੜ ਗਿਆ ਸੀ। ਸੰਜੀਵ ਕੁਮਾਰ ਇਸ ਤੋਂ ਪਹਿਲਾਂ ਡਾਇਰੈਕਟਰ (ਡੈਮ ਸੇਫ਼ਟੀ) ਵਜੋਂ ਤਾਇਨਾਤ ਸੀ। ਸੰਜੀਵ ਕੁਮਾਰ ਦੀ ਥਾਂ ’ਤੇ ਹੁਣ ਪੰਜਾਬ ਦੇ ਆਕਾਸ਼ਦੀਪ ਸਿੰਘ ਨੂੰ ਲਗਾ ਦਿੱਤਾ ਹੈ। ਬੀਬੀਐੱਮਬੀ ਨੇ ਜਾਰੀ ਹੁਕਮਾਂ ਵਿੱਚ ਕਿਹਾ ਕਿ ਆਕਾਸ਼ਦੀਪ ਸਿੰਘ ਦੀ ਬੇਨਤੀ ’ਤੇ ਇਹ ਤਬਾਦਲਾ ਕੀਤਾ ਗਿਆ ਹੈ ਜਦੋਂ ਕਿ ਆਕਾਸ਼ਦੀਪ ਸਿੰਘ ਨੇ ਲੰਘੀ ਰਾਤ ਕਰੀਬ ਪੌਣੇ ਬਾਰਾਂ ਵਜੇ ਬੀਬੀਐੱਮਬੀ ਨੂੰ ਈਮੇਲ ਜ਼ਰੀਏ ਕਿਹਾ ਕਿ ਉਸ ਨੇ ਤਾਂ ਅਜਿਹੀ ਕੋਈ ਬੇਨਤੀ ਕੀਤੀ ਹੀ ਨਹੀਂ ਹੈ। ਪੰਜਾਬ ਦੇ ਮੁੱਖ ਇੰਜਨੀਅਰ ਨੇ ਬੀਬੀਐੱਮਬੀ ਨੂੰ ਪੱਤਰ ਲਿਖਿਆ ਹੈ ਕਿ ਨਵੇਂ ਤਾਇਨਾਤ ਕੀਤੇ ਸੰਜੀਵ ਕੁਮਾਰ ਕੋਲ ਡੈਮ ਸੇਫ਼ਟੀ ਦਾ ਹੀ ਤਜਰਬਾ ਹੈ ਜਦੋਂ ਕਿ ਉਸ ਕੋਲ ਵਾਟਰ ਰੈਗੂਲੇਸ਼ਨ ਦਾ ਕੋਈ ਤਜਰਬਾ ਨਹੀਂ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਇਹ ਤਬਾਦਲਾ ਫ਼ੌਰੀ ਰੱਦ ਕੀਤਾ ਜਾਵੇ। ਇਸੇ ਦੌਰਾਨ ਬੀਬੀਐੱਮਬੀ ਦੇ ਸੈਕਟਰੀ ਸੁਰਿੰਦਰ ਸਿੰਘ ਮਿੱਤਲ ਦਾ ਤਬਾਦਲਾ ਕਰ ਦਿੱਤਾ ਗਿਆ ਹੈ ਜੋ ਹਰਿਆਣਾ ਦਾ ਰਹਿਣ ਵਾਲਾ ਹੈ ਅਤੇ ਉਸ ਦੀ ਹਰਿਆਣਾ ਨੂੰ ਵਾਧੂ ਪਾਣੀ ਦਿੱਤੇ ਜਾਣ ਦੇ ਮਾਮਲੇ ’ਚ ਅਹਿਮ ਭੂਮਿਕਾ ਰਹੀ ਹੈ। ਬੀਬੀਐੱਮਬੀ ਨੇ ਹੁਣ ਰਾਜਸਥਾਨ ਦੇ ਇੰਜਨੀਅਰ ਬਲਬੀਰ ਸਿੰਘ ਨੂੰ ਡਾਇਰੈਕਟਰ (ਸੁਰੱਖਿਆ) ਦੇ ਨਾਲ ਨਾਲ ਬੀਬੀਐੱਮਬੀ ਦੇ ਸਕੱਤਰ ਦਾ ਵਾਧੂ ਚਾਰਜ ਦੇ ਦਿੱਤਾ ਹੈ। ਇਸੇ ਤਰ੍ਹਾਂ ਪੰਜਾਬ ਦੇ ਇੰਜਨੀਅਰ ਰਾਜੀਵ ਸੈਣੀ ਨੂੰ ਬੀਬੀਐੱਮਬੀ ਦੇ ਚੇਅਰਮੈਨ ਦਾ ਓਐੱਸਡੀ (ਟੈਕਨੀਕਲ) ਲਗਾ ਦਿੱਤਾ ਹੈ।
ਭਗਵੰਤ ਮਾਨ ਵੱਲੋਂ ਨੰਗਲ ਡੈਮ ਦਾ ਦੌਰਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨੰਗਲ ਡੈਮ ਦਾ ਦੌਰਾ ਕੀਤਾ ਅਤੇ ਇਸ ਮੌਕੇ ਭਾਖੜਾ ਡੈਮ ਦੇ ਮੁੱਖ ਇੰਜਨੀਅਰ ਨੇ ਉਨ੍ਹਾਂ ਨੂੰ ਪਾਣੀ ਦੀ ਮੌਜੂਦਾ ਸਥਿਤੀ ਤੋਂ ਜਾਣੂ ਕਰਾਇਆ। ਇਸ ਤੋਂ ਪਹਿਲਾਂ ਪੰਜਾਬ ਪੁਲੀਸ ਨੇ ਡੈਮਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਅੱਜ ਹਾਲਾਤ ਦਾ ਜਾਇਜ਼ਾ ਲਿਆ। ਕੌਮਾਂਤਰੀ ਪੱਧਰ ’ਤੇ ਬਣੇ ਮੌਜੂਦਾ ਹਾਲਾਤ ਕਰਕੇ ਪੁਲੀਸ ਦਾ ਪਹਿਰਾ ਡੈਮਾਂ ਦੇ ਆਸ-ਪਾਸ ਦੇ ਖੇਤਰਾਂ ਵਿੱਚ ਲਾ ਦਿੱਤਾ ਗਿਆ ਹੈ। ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਦੌਰਾ ਕਰਕੇ ਸੁਰੱਖਿਆ ਦੀ ਸਮੀਖਿਆ ਕੀਤੀ। ਮੁੱਖ ਮੰਤਰੀ ਨੇ ਨੰਗਲ ਡੈਮ ਦੇ ਨਿਰੀਖਣ ਮੌਕੇ ਚਿਤਾਵਨੀ ਦਿੱਤੀ ਕਿ ਕੇਂਦਰ ਪੰਜਾਬ ਤੋਂ ਪਾਣੀ ਖੋਹਣ ਵਰਗੀਆਂ ਸਾਜ਼ਿਸ਼ਾਂ ਘੜਨ ਤੋਂ ਪਿੱਛੇ ਨਾ ਹਟਿਆ ਤਾਂ ਸੂਬੇ ਤੋਂ ਉਹ ਜਨਤਕ ਵੰਡ ਪ੍ਰਣਾਲੀ ਲਈ ਚੌਲ ਲੈਣ ਦੀ ਉਮੀਦ ਨਾ ਰੱਖੇ। ਮੁੱਖ ਮੰਤਰੀ ਨੇ ਕਿਹਾ ਕਿ ਬੀਬੀਐੱਮਬੀ ਤਾਨਾਸ਼ਾਹੀ ਢੰਗ ਨਾਲ ਪੰਜਾਬ ਨੂੰ ਹੁਕਮ ਚਾੜ੍ਹ ਕੇ ਹਰਿਆਣਾ ਨੂੰ ਪਾਣੀ ਨਹੀਂ ਛੱਡ ਸਕਦਾ ਹੈ ਜਦੋਂ ਕਿ ਹਰਿਆਣਾ ਅਲਾਟ ਪਾਣੀ ਨਾਲੋਂ 16 ਹਜ਼ਾਰ ਕਿਊਸਿਕ ਪਾਣੀ ਜ਼ਿਆਦਾ ਵਰਤ ਚੁੱਕਾ ਹੈ। ਉਨ੍ਹਾਂ ਕਿਹਾ ਕਿ ਬੋਰਡ ਦਾ ਇਹ ਫ਼ੈਸਲਾ ਆਪਹੁਦਰਾ, ਤਾਨਾਸ਼ਾਹੀ ਅਤੇ ਗੈਰ-ਜਮਹੂਰੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਹਿੱਤਾਂ ਨੂੰ ਦਰਕਿਨਾਰ ਕਰਕੇ ਬੀਬੀਐੱਮਬੀ ਨੂੰ ਪਾਣੀ ਹਰਿਆਣਾ ਨੂੰ ਦੇਣ ਦਾ ਕੋਈ ਹੱਕ ਨਹੀਂ ਹੈ ਅਤੇ ਕਿਸੇ ਵੀ ਸੂਰਤ ਵਿੱਚ ਅਜਿਹਾ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ, ‘‘ਪੰਜਾਬ ਦੇ ਪਾਣੀਆਂ ਦਾ ਰਖਵਾਲਾ ਹੋਣ ਦੇ ਨਾਤੇ ਅੱਜ ਮੈਂ ਨੰਗਲ ਡੈਮ ਦੇ ਪ੍ਰਬੰਧਾਂ ਦਾ ਨਿਰੀਖਣ ਕੀਤਾ ਹੈ। ਪੰਜਾਬ ਸਰਕਾਰ ਕਿਸੇ ਨੂੰ ਵੀ ਸੂਬੇ ਦੇ ਪਾਣੀਆਂ ਨੂੰ ਲੁੱਟਣ ਦੀ ਇਜਾਜ਼ਤ ਨਹੀਂ ਦੇਵੇਗੀ ਅਤੇ ਕਿਸੇ ਦੀਆਂ ਦਮਨਕਾਰੀ ਨੀਤੀਆਂ ਪੰਜਾਬ ਵਿੱਚ ਨਹੀਂ ਚੱਲਣ ਦੇਵਾਂਗੇ।’’ ਉਨ੍ਹਾਂ ਕਿਹਾ ਕਿ ਇਹ ਗੈਰ-ਕਾਨੂੰਨੀ ਚਾਲਾਂ ਖੇਡਣ ਦੀ ਬਜਾਏ ਕੇਂਦਰ ਸਰਕਾਰ ਨੂੰ ਪਾਕਿਸਤਾਨ ਨਾਲ ਹੋਈ ਸਿੰਧ ਜਲ ਸੰਧੀ ਰੱਦ ਕਰਨ ਤੋਂ ਬਾਅਦ ਚਨਾਬ, ਜੇਹਲਮ, ਉੱਝ ਅਤੇ ਹੋਰ ਦਰਿਆਵਾਂ ਦੇ ਪਾਣੀ ਨੂੰ ਸੂਬੇ ਵੱਲ ਮੋੜਨਾ ਚਾਹੀਦਾ ਹੈ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੀ ਮੌਜੂਦ ਸਨ।
ਸਰਬ ਪਾਰਟੀ ਦੀ ਹੰਗਾਮੀ ਮੀਟਿੰਗ ਸੱਦੀ ਜਾਵੇ: ਵੜਿੰਗ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਣੀਆਂ ਦੀ ਵੰਡ ਦੇ ਮੌਜੂਦਾ ਵਿਵਾਦ ’ਤੇ ਦੋ ਦਿਨਾਂ ਦੀ ਚੁੱਪੀ ਮਗਰੋਂ ਅੱਜ ਚਿਤਾਵਨੀ ਦਿੰਦਿਆਂ ਕਿਹਾ ਕਿ ਸੂਬੇ ਦੇ ਲੋਕ ਕਿਸੇ ਹੋਰ ਸੂਬੇ ਨੂੰ ਵਾਧੂ ਪਾਣੀ ਦੀ ਇੱਕ ਬੂੰਦ ਵੀ ਨਹੀਂ ਜਾਣ ਦੇਣਗੇ। ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਠੋਸ ਰਣਨੀਤੀ ਬਣਾਉਣ ਵਾਸਤੇ ਐਮਰਜੈਂਸੀ ਸਰਬ ਪਾਰਟੀ ਮੀਟਿੰਗ ਬੁਲਾਉਣ। ਸ੍ਰੀ ਵੜਿੰਗ ਨੇ ਪੰਜਬ ਸਰਕਾਰ ਨੂੰ ਸਥਿਤੀ ਨਾਲ ਨਜਿੱਠਣ ਲਈ ਪੂਰੀ ਸਹਾਇਤਾ ਦੇਣ ਦਾ ਭਰੋਸਾ ਦਿਵਾਇਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਵਿਰੁੱਧ ਹੈ। ਉਨ੍ਹਾਂ ਕਿਹਾ ਕਿ ਜੇ ਪੰਜਾਬ ਕੋਲ ਆਪਣੀ ਖਪਤ ਲਈ ਲੋੜੀਂਦਾ ਪਾਣੀ ਨਹੀਂ ਹੈ ਤਾਂ ਉਹ ਦੂਜਿਆਂ ਨੂੰ ਵਾਧੂ ਪਾਣੀ ਕਿਵੇਂ ਦੇ ਸਕਦਾ ਹੈ?
ਪੰਜਾਬ ਦੇ ਪਾਣੀ ਖੋਹਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ: ਸੁਖਬੀਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਦੋਸ਼ ਲਾਉਂਦਿਆਂ ਕਿਹਾ ਕਿ ਕੇਂਦਰ ਦੀ ਮਿਲੀਭੁਗਤ ਨਾਲ ਭਾਜਪਾ ਸ਼ਾਸਿਤ ਸੂਬਿਆਂ- ਹਰਿਆਣਾ, ਰਾਜਸਥਾਨ ਤੇ ਦਿੱਲੀ ਵੱਲੋਂ ਪੰਜਾਬ ਦੇ ਪਾਣੀਆਂ ਨੂੰ ਖੋਹਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਬੀਬੀਐੱਮਬੀ ਵੱਲੋਂ ਲਿਆ ਗਿਆ ਫ਼ੈਸਲਾ ਪੰਜਾਬ ਨਾਲ ਧੱਕੇਸ਼ਾਹੀ ਦਾ ਸਿੱਧਾ ਸਬੂਤ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੋਹਰੀ ਖੇਡ ਖੇਡ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਦੇ ਨੁਮਾਇੰਦੇ ਨੂੰ ਬੀਬੀਐੱਮਬੀ ਵਿੱਚ ਤੁਰੰਤ ਪਾਵਰ ਮੈਂਬਰ ਵਜੋਂ ਬਹਾਲ ਕੀਤਾ ਜਾਵੇ। ਉਨ੍ਹਾਂ ਮੰਗ ਕੀਤੀ ਕਿ ਹਰਿਆਣਾ ਨੂੰ ਦਿੱਤੇ ਵਾਧੂ ਪਾਣੀ ਦੇ ਫ਼ੈਸਲੇ ਨੂੰ ਰੱਦ ਕੀਤਾ ਜਾਵੇ ਅਤੇ ਪੰਜਾਬ ਦੀ ਪ੍ਰਵਾਨਗੀ ਬਿਨਾਂ ਕੋਈ ਪਾਣੀ ਨਾ ਦਿੱਤਾ ਜਾਵੇ। ਉਨ੍ਹਾਂ ਮੰਗ ਕੀਤੀ ਕਿ ਹਰਿਆਣਾ ਨੂੰ ਪਹਿਲਾਂ ਦਿੱਤੇ ਜਾ ਰਹੇ ਪਾਣੀ ਨੂੰ ਤੁਰੰਤ ਰੋਕਿਆ ਜਾਵੇ।
ਮਾਨ ਮਨੁੱਖਤਾ ਲਈ ਕੰਮ ਕਰਨ: ਨਾਇਬ ਸੈਣੀ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵਾਧੂ ਪਾਣੀ ਦੇ ਮੁੱਦੇ ’ਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿਆਸਤ ਤੋਂ ਉਪਰ ਉੱਠ ਕੇ ਮਨੁੱਖਤਾ ਲਈ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਅਤੇ ਹਰਿਆਣਾ ਵਿੱਚ ਵੰਡੀਆਂ ਖੜ੍ਹੀਆਂ ਕੀਤੀਆਂ ਜਾ ਰਹੀਆਂ ਹਨ ਪਰ ਸਾਨੂੰ ਭਾਈ ਘਨ੍ਹੱਈਆ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਕਦੇ ਭਵਿੱਖ ’ਚ ਪੰਜਾਬ ਨੂੰ ਲੋੜ ਹੋਵੇਗੀ ਤਾਂ ਹਰਿਆਣਾ ਵੱਲੋਂ ਪਾਣੀ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਪਰੈਲ ਤੋਂ ਜੂਨ ਤੱਕ ਦੇ ਮਹੀਨੇ ਦਰਮਿਆਨ ਹਮੇਸ਼ਾ ਹੀ ਹਰਿਆਣਾ ਨੂੰ 9,000 ਕਿਊਸਿਕ ਤੱਕ ਪਾਣੀ ਮਿਲਦਾ ਰਿਹਾ ਹੈ ਅਤੇ ਇਤਿਹਾਸ ਵਿੱਚ ਕਦੇ ਵੀ ਹਰਿਆਣਾ ਦਾ ਪਾਣੀ ਰੋਕਿਆ ਨਹੀਂ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ, ਹਰਿਆਣਾ ਦਾ ਵੱਡਾ ਭਰਾ ਹੈ ਅਤੇ ਇਨਸਾਨੀਅਤ ਦੇ ਨਾਤੇ ਇਸ ਮਾਮਲੇ ਨੂੰ ਦੇਖਣਾ ਚਾਹੀਦਾ ਹੈ ਅਤੇ ਇਸ ’ਤੇ ਕੋਈ ਸਿਆਸਤ ਨਹੀਂ ਕਰਨੀ ਚਾਹੀਦੀ।
ਮੁੱਖ ਮੰਤਰੀ ਸ੍ਰੀ ਸੈਣੀ ਨੇ ਕਿਹਾ ਕਿ ਅਸਲ ਗੱਲ ਇਹ ਹੈ ਕਿ ਆਮ ਆਦਮੀ ਪਾਰਟੀ ਤੋਂ ਦਿੱਲੀ ਵਿੱਚ ਹੋਈ ਹਾਰ ਬਰਦਾਸ਼ਤ ਨਹੀਂ ਹੋ ਰਹੀ ਅਤੇ ਹੁਣ ਪੰਜਾਬ ਜ਼ਰੀਏ ਅਰਵਿੰਦ ਕੇਜਰੀਵਾਲ ਇਹ ਵਿਵਾਦ ਖੜ੍ਹਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਸੇ ਦੇ ਪਿੱਛੇ ਲੱਗਣ ਦੀ ਥਾਂ ਆਪਣੇ ਵਿਵੇਕ ਤੋਂ ਕੰਮ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੰਡੀਆਂ ਪਾਉਣ ਤੋਂ ਗੁਰੇਜ਼ ਕਰੇ।
ਭਾਜਪਾ, ਪੰਜਾਬ ’ਤੇ ਹਰਿਆਣਾ ਨੂੰ ਪਾਣੀ ਦੇਣ ਲਈ ਦਬਾਅ ਬਣਾ ਰਹੀ ਹੈ: ਮਾਨ
ਨੰਗਲ : ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹਰਿਆਣਾ ਇਸ ਸਾਲ ਮਾਰਚ ਦੇ ਅਖੀਰ ਤੱਕ ਆਪਣੇ ਹਿੱਸੇ ਦਾ ਪਾਣੀ ਵਰਤ ਚੁੱਕਾ ਹੈ ਤੇ ਹੁਣ ਹੋਰ ਪਾਣੀ ਲੈਣ ਲਈ ਪੰਜਾਬ ਦੇ ਪਾਣੀਆਂ ’ਤੇ ਡਾਕਾ ਮਾਰਨ ਦੀਆਂ ਕੋਝੀਆਂ ਚਾਲਾਂ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਹਰਿਆਣਾ ਅਲਾਟ ਕੀਤੇ ਪਾਣੀ ਦਾ 103 ਫ਼ੀਸਦੀ ਹਿੱਸਾ ਵਰਤ ਚੁੱਕਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ, ਪੰਜਾਬ ਉੱਤੇ ਹਰਿਆਣਾ ਨੂੰ ਹੋਰ ਪਾਣੀ ਦੇਣ ਲਈ ਦਬਾਅ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਮਾਨਵਤਾ ਦੇ ਆਧਾਰ ’ਤੇ ਪੰਜਾਬ ਸਰਕਾਰ ਨੇ ਫਰਾਖ਼ਦਿਲੀ ਦਿਖਾਉਂਦਿਆਂ 6 ਅਪਰੈਲ, 2025 ਤੋਂ ਹਰਿਆਣਾ ਨੂੰ ਰੋਜ਼ਾਨਾ 4,000 ਕਿਊਸਿਕ ਪਾਣੀ ਦੇਣਾ ਸ਼ੁਰੂ ਕਰ ਦਿੱਤਾ ਸੀ।
ਬਾਜਵਾ ਨੇ ਪਾਣੀਆਂ ਦੀ ਰਾਖੀ ਲਈ ਤੁਰੰਤ ਕਾਰਵਾਈ ਮੰਗੀ
ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਭਾਜਪਾ ’ਤੇ ਸਿਆਸੀ ਲਾਭ ਲਈ ਪੰਜਾਬ ਦੀ ਬਲੀ ਦੇਣ ਦਾ ਦੋਸ਼ ਲਾਇਆ ਅਤੇ ਸੂਬੇ ਦੇ ਪਾਣੀ ਦੇ ਅਧਿਕਾਰਾਂ ਦੀ ਰਾਖੀ ਲਈ ਤੁਰੰਤ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵੱਲੋਂ ਹਰਿਆਣਾ ਦੇ ਪੀਣ ਵਾਲੇ ਪਾਣੀ ਲਈ 4,000 ਕਿਊਸਿਕ ਦੀ ਸਪਲਾਈ ਦੇ ਬਾਵਜੂਦ ਭਾਜਪਾ ਝੂਠਾ ਦਾਅਵਾ ਕਰਦੀ ਹੈ ਕਿ ਪੰਜਾਬ ਦੀ ਕਾਰਵਾਈ ਨਾ ਕਰਨ ਨਾਲ ਪਾਕਿਸਤਾਨ ਵਿੱਚ ਪਾਣੀ ਵਹਿਣ ਦਾ ਖ਼ਤਰਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਮੁੱਚੇ ਭਾਰਤ ਨੂੰ ਖੁਆਉਂਦਾ ਹੈ, ਫਿਰ ਵੀ ਭਾਜਪਾ ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਦੀ ਹੈ।
ਭਾਖੜਾ ਤੋਂ ਕਿਸੇ ਵੀ ਸੂਬੇ ਨੂੰ ਇੱਕ ਬੂੰਦ ਨਹੀਂ ਦਿਆਂਗੇ: ਬਿੱਟੂ
ਨਵੀਂ ਦਿੱਲੀ : ਕੇਂਦਰੀ ਰੇਲਵੇ ਅਤੇ ਫੂਡ ਪ੍ਰੋਸੈਸਿੰਗ ਬਾਰੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸਪੱਸ਼ਟ ਕਿਹਾ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਤੋਂ ਹਰਿਆਣਾ ਜਾਂ ਕਿਸੇ ਹੋਰ ਸੂਬੇ ਨੂੰ ਪੀਣ ਜਾਂ ਕਿਸੇ ਹੋਰ ਮਕਸਦ ਲਈ ਇੱਕ ਬੂੰਦ ਵੀ ਪਾਣੀ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਨਿਖੇਧੀ ਕਰਦਿਆਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਚੱਲ ਰਹੀ ਗੱਲਬਾਤ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਾਣੀ ਨਾਲ ਜੁੜੇ ਸਾਰੇ ਵਿਵਾਦ ਹਾਈ ਕੋਰਟ ਜਾਂ ਸੁਪਰੀਮ ਕੋਰਟ ਵਿੱਚ ਹਨ, ਇਸ ਲਈ ਇਨ੍ਹਾਂ ਦਾ ਫ਼ੈਸਲਾ ਅਦਾਲਤਾਂ ’ਤੇ ਛੱਡ ਦਿੱਤਾ ਜਾਣਾ ਚਾਹੀਦਾ ਹੈੈ।