ਸਾਫ਼ ਪਾਣੀ ਲਈ ਦੋ ਯੋਜਨਾਵਾਂ ਸ਼ੁਰੂ ਹੋਣਗੀਆਂ: ਮੁੰਡੀਆਂ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ 315 ਕਰੋੜ ਰੁਪਏ ਦੀਆਂ ਦੋ ਅਹਿਮ ਯੋਜਨਾਵਾਂ ਨੂੰ ਸ਼ੁਰੂ ਕੀਤਾ ਜਾਵੇਗਾ। ਇਹ ਐਲਾਨ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਇੱਥੇ ਕਰਦਿਆਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਦਾ ਉਦੇਸ਼ ਪੇਂਡੂ ਖੇਤਰਾਂ ਵਿੱਚ ਪੀਣ ਵਾਲੇ ਪਾਣੀ ਦੇ ਬੁਨਿਆਦੀ ਢਾਂਚੇ ਨੂੰ ਹੋਰ ਵਧੀਆ, ਮਜ਼ਬੂਤ ਕਰਨਾ ਅਤੇ ਸਪਲਾਈ ਪ੍ਰਣਾਲੀਆਂ ਦੀ ਸਥਿਰਤਾ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ 22 ਜ਼ਿਲ੍ਹਿਆਂ ਵਿੱਚ 159.95 ਕਰੋੜ ਰੁਪਏ ਦੀ ਲਾਗਤ ਨਾਲ, 144 ਪੇਂਡੂ ਜਲ ਸਪਲਾਈ ਸਕੀਮਾਂ ਦੇ ਵਾਧੇ ਲਈ ਪ੍ਰਾਜੈਕਟ ਪਹਿਲਾਂ ਹੀ ਮਨਜ਼ੂਰ ਕੀਤਾ ਜਾ ਚੁੱਕਿਆ ਹੈ। ਇਸ ਪਹਿਲਕਦਮੀ ਨਾਲ 176 ਪਿੰਡਾਂ ਦੇ ਲੋਕਾਂ, ਜਿਨ੍ਹਾਂ ਦੀ ਮੌਜੂਦਾ ਆਬਾਦੀ ਲਗਪਗ 3.05 ਲੱਖ ਹੈ, ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਇਆ ਜਾਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਸਾਲ 2025-26 ਲਈ 153.22 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਦੇ 21 ਜ਼ਿਲ੍ਹਿਆਂ ਵਿੱਚ 125 ਪੇਂਡੂ ਜਲ ਸਪਲਾਈ ਸਕੀਮਾਂ ਦਾ ਵਾਧਾ ਵੀ ਯੋਜਨਾ ਅਧੀਨ ਹੈ। ਇਸ ਪ੍ਰਾਜੈਕਟ ਤੋਂ 175 ਪਿੰਡਾਂ ਦੇ ਲੋਕਾਂ ਨੂੰ ਲਾਭ ਹੋਣ ਦੀ ਉਮੀਦ ਹੈ, ਜਿਨ੍ਹਾਂ ਦੀ ਮੌਜੂਦਾ ਆਬਾਦੀ ਲਗਪਗ 3.20 ਲੱਖ ਹੈ। ਇਨ੍ਹਾਂ ਸਕੀਮਾਂ ਨੂੰ ਲਾਗੂ ਕਰਨ ਨਾਲ, ਨਾ ਸਿਰਫ਼ ਜਨਤਕ ਸਿਹਤ ਵਿੱਚ ਸੁਧਾਰ ਹੋਵੇਗਾ ਸਗੋਂ ਪੇਂਡੂ ਆਬਾਦੀ ਦੀ ਸਮਾਜਿਕ ਅਤੇ ਆਰਥਿਕ ਸਥਿਤੀ ਨੂੰ ਵੀ ਹੁਲਾਰਾ ਮਿਲੇਗਾ। ਸ੍ਰੀ ਮੁੰਡੀਆਂ ਨੇ ਕਿਹਾ ਕਿ ਪੇਂਡੂ ਵਸੋਂ ਵਿੱਚ ਜੀਵਨ ਪੱਧਰ ਵਿੱਚ ਸੁਧਾਰ ਕਰਨਾ ਰਾਜ ਸਰਕਾਰ ਦੀ ਮੁੱਖ ਤਰਜੀਹ ਹੈ।

Share: