ਫ਼ਿਰੋਜ਼ਪੁਰ : ਸਰਹੱਦੀ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਬੀਤੀ ਰਾਤ ਪਾਕਿਸਤਾਨ ਵੱਲੋਂ ਕਈ ਥਾਵਾਂ ’ਤੇ ਡਰੋਨਾਂ ਦੀ ਵਰਤੋਂ ਕਰਕੇ ਹਮਲੇ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ। ਭਾਰਤੀ ਸੁਰੱਖਿਆ ਬਲਾਂ ਵੱਲੋਂ ਚੌਕਸੀ ਅਤੇ ਤੁਰੰਤ ਕਾਰਵਾਈ ਸਦਕਾ ਵੱਡੇ ਨੁਕਸਾਨ ਤੋਂ ਬਚਾਅ ਰਿਹਾ। ਹਾਲਾਂਕਿ, ਇਨ੍ਹਾਂ ਡਰੋਨ ਹਮਲਿਆਂ ਕਾਰਨ ਰਿਹਾਇਸ਼ੀ ਖੇਤਰਾਂ ਅਤੇ ਫੌਜੀ ਟਿਕਾਣਿਆਂ ਨੇੜੇ ਤਣਾਅ ਦੀ ਸਥਿਤੀ ਬਣੀ ਹੋਈ ਹੈ। ਜ਼ਿਕਰਯੋਗ ਹੈ ਕਿ ਪਾਕਿਸਤਾਨੀ ਡਰੋਨਾਂ ਨੇ ਨਾ ਸਿਰਫ਼ ਆਮ ਨਾਗਰਿਕਾਂ ਦੇ ਘਰਾਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ, ਸਗੋਂ ਭਾਰਤੀ ਫੌਜ ਦੇ ਕੁਝ ਸੰਵੇਦਨਸ਼ੀਲ ਖੇਤਰਾਂ ਵਿੱਚ ਵੀ ਘੁਸਪੈਠ ਕਰਨ ਦਾ ਯਤਨ ਕੀਤਾ ਗਿਆ। ਭਾਰਤੀ ਫੌਜ ਵੱਲੋਂ ਇਨ੍ਹਾਂ ਹਮਲਿਆਂ ਦਾ ਤੁਰੰਤ ਅਤੇ ਮੂੰਹ ਤੋੜਵਾਂ ਜਵਾਬ ਦਿੱਤਾ ਜਾ ਰਿਹਾ ਹੈ।
ਅੱਜ ਸਵੇਰੇ ਜ਼ਿਲ੍ਹੇ ਦੇ ਵੱਖ-ਵੱਖ ਥਾਵਾਂ ਤੋਂ ਬੰਬਾਂ ਦੇ ਟੁਕੜੇ ਮਿਲੇ ਹਨ, ਜਿਨ੍ਹਾਂ ਦੀ ਜਾਂਚ ਸੁਰੱਖਿਆ ਏਜੰਸੀਆਂ ਵੱਲੋਂ ਕੀਤੀ ਜਾ ਰਹੀ ਹੈ। ਅੱਜ ਸਵੇਰੇ ਸਰਹੱਦ ’ਤੇ ਕੁਝ ਛੋਟੇ ਧਮਾਕਿਆਂ ਦੀ ਆਵਾਜ਼ ਵੀ ਸੁਣਾਈ ਦਿੱਤੀ, ਜਿਸ ਤੋਂ ਬਾਅਦ ਸ਼ਹਿਰ ਅਤੇ ਛਾਉਣੀ ਵਿੱਚ ਐਮਰਜੈਂਸੀ ਸਾਇਰਨ ਵੱਜਣੇ ਸ਼ੁਰੂ ਹੋ ਗਏ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਆ ਦੇ ਮੱਦੇਨਜ਼ਰ ਆਪਣੇ ਘਰਾਂ ਵਿੱਚ ਹੀ ਰਹਿਣ ਦੀ ਅਪੀਲ ਕੀਤੀ ਗਈ ਹੈ। ਪੁਲੀਸ ਨੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸ਼ਹਿਰ ਦੀਆਂ ਸਾਰੀਆਂ ਦੁਕਾਨਾਂ ਨੂੰ ਇਹਤਿਆਤ ਵਜੋਂ ਬੰਦ ਕਰਵਾ ਦਿੱਤਾ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਤੋਂ ਬਚਣ ਅਤੇ ਪ੍ਰਸ਼ਾਸਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ ਹੈ। ਸੁਰੱਖਿਆ ਏਜੰਸੀਆਂ ਸਥਿਤੀ ’ਤੇ ਪੂਰੀ ਤਰ੍ਹਾਂ ਨਜ਼ਰ ਰੱਖ ਰਹੀਆਂ ਹਨ ਅਤੇ ਜਵਾਬੀ ਕਾਰਵਾਈ ਜਾਰੀ ਹੈ।
ਦੱਸ ਦਈਏ ਕਿ ਬੀਤੀ ਰਾਤ ਨੇੜਲੇ ਪਿੰਡ ਖਾਈ ਫ਼ੇਮੇ ਕੀ ਵਿੱਚ ਇੱਕ ਘਰ ’ਤੇ ਡਰੋਨ ਹਮਲਾ ਹੋਣ ਕਾਰਨ ਅੱਗ ਲੱਗ ਗਈ। ਇਸ ਘਟਨਾ ਵਿੱਚ ਘਰ ਦੇ ਅੰਦਰ ਖੜ੍ਹੀ ਇੱਕ ਕਾਰ ਪੂਰੀ ਤਰ੍ਹਾਂ ਸੜ ਗਈ ਅਤੇ ਨੇੜੇ ਰੱਖਿਆ ਗੈਸ ਸਿਲੰਡਰ ਵੀ ਫਟ ਗਿਆ। ਇਸ ਮੰਦਭਾਗੀ ਘਟਨਾ ਵਿੱਚ ਘਰ ਦੇ ਤਿੰਨ ਮੈਂਬਰ ਗੰਭੀਰ ਰੂਪ ਵਿੱਚ ਝੁਲਸ ਗਏ ਹਨ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜ਼ਖ਼ਮੀਆਂ ਵਿੱਚ ਸ਼ਾਮਲ ਬਜ਼ੁਰਗ ਔਰਤ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।