ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਵਿੱਚ ਵਧੀ ਗਰਮੀ ਕਾਰਨ ਜਨ-ਜੀਵਨ ਪ੍ਰਭਾਵਿਤ ਹੋਇਆ ਹੈ। ਗਰਮੀ ਵਧਣ ਕਾਰਨ ਚੱਲ ਰਹੀਆਂ ਗਰਮ ਹਵਾਵਾਂ ਨੇ ਲੋਕਾਂ ਦਾ ਘਰਾਂ ਵਿੱਚੋਂ ਬਾਹਰ ਨਿਕਲਣਾ ਮੁਸ਼ਕਲ ਕਰ ਦਿੱਤਾ ਹੈ। ਅੱਜ ਪੰਜਾਬ ਤੇ ਹਰਿਆਣਾ ਦਾ ਤਾਪਮਾਨ 45 ਡਿਗਰੀ ਸੈਲਸੀਅਸ ਤੋਂ ਪਾਰ ਪਹੁੰਚ ਗਿਆ ਹੈ। ਬਠਿੰਡਾ ਏਅਰਪੋਰਟ ਦਾ ਇਲਾਕਾ ਸਭ ਤੋਂ ਗਰਮ ਰਿਹਾ ਹੈ, ਜਿੱਥੇ ਵੱਧ ਤੋਂ ਵੱਧ ਤਾਪਮਾਨ 45.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ ਜਦੋਂਕਿ ਹਰਿਆਣਾ ਦਾ ਰੋਹਤਕ ਸ਼ਹਿਰ ਸਭ ਤੋਂ ਗਰਮ ਰਿਹਾ ਹੈ। ਉੱਥੇ ਵੀ ਵੱਧ ਤੋਂ ਵੱਧ ਤਾਪਮਾਨ 45.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਦੋਵਾਂ ਸੂਬਿਆਂ ਦੇ ਲੋਕਾਂ ਨੂੰ 19 ਮਈ ਤੋਂ ਬਾਅਦ ਦੁਪਹਿਰ ਤੋਂ ਗਰਮੀ ਤੋਂ ਮਾਮੂਲੀ ਰਾਹਤ ਮਿਲਣ ਦੀ ਸੰਭਾਵਨਾ ਹੈ। ਪੰਜਾਬ ਵਿੱਚ ਗਰਮੀ ਵਧਣ ਦੇ ਨਾਲ ਹੀ ਹਰ ਵਰਗ ਦੇ ਲੋਕਾਂ ਦੀਆਂ ਮੁਸ਼ਕਲਾਂ ਵਧ ਰਹੀਆਂ ਹਨ। ਕੰਮ-ਕਾਜੀ ਲੋਕਾਂ ਨੂੰ ਡਿਊਟੀ ’ਤੇ ਜਾਣ ਸਮੇਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਖੇਤਾਂ ਵਿੱਚ ਖੇਤੀ ਕਰਨ ਸਮੇਂ ਕਿਸਾਨਾਂ ਨੂੰ ਵੀ ਮੁਸ਼ਕਲ ਆ ਰਹੀ ਹੈ। ਗਰਮੀ ਵਧਣ ਕਰਕੇ ਹਸਪਤਾਲਾਂ ਵਿੱਚ ਵੀ ਮਰੀਜ਼ਾਂ ਦੀ ਗਿਣਤੀ ਆਮ ਦਿਨਾਂ ਦੇ ਮੁਕਾਬਲੇ ਵਧ ਗਈ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਦੋਵਾਂ ਸੂਬਿਆਂ ਵਿੱਚ 19 ਮਈ ਦੁਪਹਿਰ ਤੋਂ ਬਾਅਦ ਮੌਸਮ ਆਪਣਾ ਮਿਜ਼ਾਜ ਬਦਲ ਸਕਦਾ ਹੈ। ਇਸ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ ਅਤੇ ਬਿਜਲੀ ਲਿਸ਼ਕਣ ਦੇ ਨਾਲ ਹੀ ਕਈ ਥਾਵਾਂ ’ਤੇ ਹਲਕਾ ਤੇ ਦਰਮਿਆਨਾ ਮੀਂਹ ਪੈ ਸਕਦਾ ਹੈ। ਮੌਸਮ ਵਿਗਿਆਨੀਆਂ ਨੇ ਕਿਹਾ ਕਿ 19 ਮਈ ਤੋਂ ਲੈ ਕੇ 24 ਮਈ ਤੱਕ ਸਥਿਤੀ ਇਹੋ-ਜਿਹੀ ਹੀ ਰਹੇਗੀ। ਇਸ ਲਈ ਮੌਸਮ ਵਿਭਾਗ ਨੇ ਅਗਲੇ ਪੂਰੇ ਹਫ਼ਤੇ ਲਈ ਯੈਲੋ ਅਲਰਟ ਵੀ ਜਾਰੀ ਕਰ ਦਿੱਤਾ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਮੀਂਹ ਪੈਣ ਕਾਰਨ ਤਾਪਮਾਨ ਵਿੱਚ 4 ਤੋਂ 5 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਦਰਜ ਕੀਤੀ ਜਾਵੇਗੀ।
ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਚੰਡੀਗੜ੍ਹ ਦਾ ਤਾਪਮਾਨ 38.4 ਡਿਗਰੀ ਸੈਲਸੀਅਸ, ਅੰਮ੍ਰਿਤਸਰ ਦਾ 42.1 ਡਿਗਰੀ ਸੈਲਸੀਅਸ, ਲੁਧਿਆਣਾ ਦਾ 42.2 ਡਿਗਰੀ ਸੈਲਸੀਅਸ, ਪਟਿਆਲਾ ਦਾ 40 ਡਿਗਰੀ ਸੈਲਸੀਅਸ, ਪਠਾਨਕੋਟ ਦਾ 39.5 ਡਿਗਰੀ ਸੈਲਸੀਅਸ, ਬਠਿੰਡਾ ਸ਼ਹਿਰ ਦਾ 44 ਡਿਗਰੀ ਸੈਲਸੀਅਸ, ਫ਼ਰੀਦਕੋਟ ਦਾ 43.5 ਡਿਗਰੀ ਸੈਲਸੀਅਸ, ਗੁਰਦਾਸਪੁਰ ਦਾ 42 ਡਿਗਰੀ ਸੈਲਸੀਅਸ, ਨਵਾਂ ਸ਼ਹਿਰ ਦਾ 39.9 ਡਿਗਰੀ ਸੈਲਸੀਅਸ, ਫਿਰੋਜ਼ਪੁਰ ਦਾ 41.6 ਡਿਗਰੀ ਸੈਲਸੀਅਸ, ਹੁਸ਼ਿਆਰਪੁਰ ਦਾ 39 ਡਿਗਰੀ ਸੈਲਸੀਅਸ, ਜਲੰਧਰ ਦਾ 41.1 ਡਿਗਰੀ ਸੈਲਸੀਅਸ, ਮੋਗਾ ਦਾ 41.9 ਡਿਗਰੀ ਸੈਲਸੀਅਸ, ਮੁਹਾਲੀ ਦਾ 37.4 ਡਿਗਰੀ ਸੈਲਸੀਅਸ, ਰੋਪੜ ਦਾ 37.5 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਹੈ। ਇਹ ਆਮ ਨਾਲੋਂ 2 ਤੋਂ 3 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ ਹੈ।