ਫ਼ਿਰੋਜ਼ਪੁਰ : ਅੰਮ੍ਰਿਤਸਰ ਦੇ ਮਜੀਠਾ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੋਈਆਂ ਦਰਦਨਾਕ ਮੌਤਾਂ ਨੇ ਪੰਜਾਬ ਵਿਚ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਦੀ ਭਿਆਨਕ ਸੱਚਾਈ ਨੂੰ ਇਕ ਵਾਰ ਫਿਰ ਤੋਂ ਜੱਗ ਜ਼ਾਹਿਰ ਕਰ ਦਿੱਤਾ ਹੈ। ਇਸ ਦੁਖਦਾਈ ਘਟਨਾ ਤੋਂ ਬਾਅਦ ਸਰਹੱਦੀ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਸਤਲੁਜ ਦਰਿਆ ਦੇ ਕੰਢੇ ’ਤੇ ਚੱਲ ਰਹੇ ਨਾਜਾਇਜ਼ ਸ਼ਰਾਬ ਦੇ ਧੰਦੇ ਨੂੰ ਲੈ ਕੇ ਲੋਕਾਂ ਵਿਚ ਚਿੰਤਾ ਹੋਰ ਵੀ ਵੱਧ ਗਈ ਹੈ। ਜ਼ਿਕਰਯੋਗ ਹੈ ਕਿ ਦਰਿਆ ਦੇ ਨਾਲ ਲੱਗਦੇ ਦਰਜਨਾਂ ਪਿੰਡਾਂ ਵਿਚ ਇਹ ਕਾਰੋਬਾਰ ਸਾਲਾਂ ਤੋਂ ਬੇਰੋਕ ਚੱਲ ਰਿਹਾ ਹੈ। ਇਸ ਨਾਲ ਨਾ ਸਿਰਫ਼ ਪੰਜਾਬ ਸਰਕਾਰ ਅਤੇ ਠੇਕੇਦਾਰਾਂ ਨੂੰ ਵਿੱਤੀ ਨੁਕਸਾਨ ਹੋ ਰਿਹਾ ਹੈ, ਸਗੋਂ ਆਮ ਲੋਕਾਂ ਦੀ ਜਾਨ ਵੀ ਖ਼ਤਰੇ ਵਿਚ ਪੈ ਰਹੀ ਹੈ। ਇਸੇ ਸਬੰਧੀ ਅੱਜ ਤੜਕਸਾਰ ਪੁਲੀਸ ਅਤੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨੇ ਵੱਡੀ ਗਿਣਤੀ ਪੁਲੀਸ ਮੁਲਾਜ਼ਮਾਂ ਦੇ ਨਾਲ ਸਤਲੁਜ ਦਰਿਆ ਤੇ ਛਾਪੇਮਾਰੀ ਕੀਤੀ ਅਤੇ ਉੱਥੇ ਚੱਲ ਰਹੀਆਂ ਨਾਜਾਇਜ਼ ਸ਼ਰਾਬ ਦੀਆਂ ਭੱਠੀਆਂ ਨੂੰ ਢਾਹ ਦਿੱਤਾ ਗਿਆ। ਇਸ ਦੌਰਾਨ ਸਤਲੁਜ ਦਰਿਆ ਵਿੱਚੋਂ ਲੱਖਾਂ ਲੀਟਰ ਲਾਹਣ ਵੀ ਬਰਾਮਦ ਹੋਇਆ, ਜਿਸ ਨੂੰ ਮੌਕੇ ਤੇ ਹੀ ਨਸ਼ਟ ਕਰ ਦਿੱਤਾ ਗਿਆ। ਇਸ ਆਪਰੇਸ਼ਨ ਦੌਰਾਨ ਸ਼ਰਾਬ ਤਸਕਰਾਂ ਅਤੇ ਸਰਕਾਰੀ ਮੁਲਾਜ਼ਮਾਂ ਵਿਚਾਲੇ ਹੋਈ ਝੜਪ ਦੌਰਾਨ ਸ਼ਰਾਬ ਠੇਕੇਦਾਰਾਂ ਦਾ ਇਕ ਮੁਲਾਜ਼ਮ ਗੰਭੀਰ ਜ਼ਖ਼ਮੀਂ ਹੋ ਗਿਆ ਹੈ।
Posted inNews
ਨਾਜਾਇਜ਼ ਸ਼ਰਾਬ: ਫ਼ਿਰੋਜ਼ਪੁਰ ’ਚ ਸਤਲੁਜ ਕਿਨਾਰੇ ਚੱਲ ਰਿਹਾ ਮੌਤ ਦਾ ਕਾਰੋਬਾਰ
