ਇਸਲਾਮਾਬਾਦ: ਪਾਕਿਸਤਾਨ ਨੇ ਬੁੱਧਵਾਰ ਨੂੰ ਇਥੇ ਭਾਰਤੀ ਸਫ਼ਾਰਤਖਾਨੇ ਦੇ ਅਧਿਕਾਰੀ ਨੂੰ ਤਲਬ ਕਰਕੇ ਭਾਰਤ ਵੱਲੋਂ ਕੀਤੇ ਗਏ ਹਮਲਿਆਂ ਖ਼ਿਲਾਫ਼ ਸਖ਼ਤ ਵਿਰੋਧ ਦਰਜ ਕਰਵਾਇਆ। ਵਿਦੇਸ਼ ਦਫ਼ਤਰ ਨੇ ਬਿਆਨ ’ਚ ਕਿਹਾ, ‘‘ਪਾਕਿਸਤਾਨ ਅਤੇ ਮਕਬੂਜ਼ਾ ਕਸ਼ਮੀਰ ’ਚ ਕਈ ਥਾਵਾਂ ’ਤੇ ਬਿਨਾਂ ਕਿਸੇ ਭੜਕਾਹਟ ਦੇ ਭਾਰਤੀ ਹਮਲਿਆਂ ਦਾ ਸਖ਼ਤ ਵਿਰੋਧ ਦਰਜ ਕਰਾਉਣ ਲਈ ਭਾਰਤੀ ਸਫ਼ਾਰਤਖਾਨੇ ਦੇ ਇੰਚਾਰਜ ਨੂੰ ਅੱਜ ਵਿਦੇਸ਼ ਮੰਤਰਾਲੇ ’ਚ ਤਲਬ ਕੀਤਾ ਗਿਆ।’’ ਬਿਆਨ ’ਚ ਕਿਹਾ ਗਿਆ ਕਿ ਹਮਲਿਆਂ ਕਾਰਨ ਔਰਤਾਂ ਅਤੇ ਬੱਚਿਆਂ ਸਮੇਤ ਕਈ ਆਮ ਨਾਗਰਿਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਜ਼ਖ਼ਮੀ ਹੋਏ ਹਨ। ਵਿਦੇਸ਼ ਦਫ਼ਤਰ ਨੇ ਕਿਹਾ, ‘‘ਅਸੀਂ ਸੁਨੇਹਾ ਦਿੱਤਾ ਹੈ ਕਿ ਭਾਰਤ ਦੀ ਕਾਰਵਾਈ ਪਾਕਿਸਤਾਨ ਦੀ ਖੁਦਮੁਖਤਿਆਰੀ ਦੀ ਸਪੱਸ਼ਟ ਉਲੰਘਣਾ ਹੈ। ਅਜਿਹੀ ਕਾਰਵਾਈ ਸੰਯੁਕਤ ਰਾਸ਼ਟਰ ਚਾਰਟਰ, ਕੌਮਾਂਤਰੀ ਕਾਨੂੰਨ ਅਤੇ ਅੰਤਰ-ਰਾਜੀ ਸਬੰਧਾਂ ਬਾਰੇ ਤੈਅ ਮਾਪਦੰਡਾਂ ਦੀ ਉਲੰਘਣਾ ਹੈ।’’
Posted inNews