ਪਾਕਿਸਤਾਨ ਵੱਲੋਂ ਭਾਰਤੀ ਹਾਈ ਕਮਿਸ਼ਨ ਦਾ ਮੁਲਾਜ਼ਮ ਬਰਖ਼ਾਸਤ

ਪਾਕਿਸਤਾਨ ਵੱਲੋਂ ਭਾਰਤੀ ਹਾਈ ਕਮਿਸ਼ਨ ਦਾ ਮੁਲਾਜ਼ਮ ਬਰਖ਼ਾਸਤ

ਇਸਲਾਮਾਬਾਦ :  ਪਾਕਿਸਤਾਨ ਦੀ ਸ਼ਾਹਬਾਜ਼ ਸਰਕਾਰ ਨੇ ਵਾਰੀ ਦਾ ਵੱਟਾ ਲਾਹੁੰਦਿਆਂ ਭਾਰਤੀ ਹਾਈ ਕਮਿਸ਼ਨ ਦੇ ਇਕ ਮੁਲਾਜ਼ਮ ਨੂੰ ਬਰਖਾਸਤ ਕਰ ਦਿੱਤਾ ਹੈ। ਕਾਬਿਲੇਗੌਰ ਹੈ ਕਿ ਲੰਘੇ ਦਿਨ ਭਾਰਤ ਨੇ ਪਾਕਿਸਤਾਨੀ ਹਾਈ ਕਮਿਸ਼ਨ ਵਿਚ ਕੰਮ ਕਰਦੇ ਇਕ ਪਾਕਿਸਤਾਨੀ ਅਧਿਕਾਰੀ ਨੂੰ ਜਾਸੂਸੀ ਦੇ ਦੋਸ਼ ਵਿਚ ਬਰਖਾਸਤ ਕੀਤਾ ਸੀ। ਭਾਰਤ ਵਿਚ ਪਿਛਲੇ ਇਕ ਹਫ਼ਤੇ ਵਿਚ ਬਰਖਾਸਤਗੀ ਦਾ ਇਹ ਦੂਜਾ ਮਾਮਲਾ ਹੈ।

ਵਿਦੇਸ਼ ਮੰਤਰਾਲੇ ਨੇ ਕਿਹਾ ਸੀ ਕਿ ਪਾਕਿਸਤਾਨੀ ਹਾਈ ਕਮਿਸ਼ਨ ਦੇ ਇਕ ਮੁਲਾਜ਼ਮ ਨੂੰ ਅਧਿਕਾਰਤ ਜ਼ਿੰਮੇਵਾਰੀਆਂ ਤੋਂ ਬਾਹਰੀ ਸਰਗਰਮੀਆਂ ਵਿਚ ਸ਼ਮੂਲੀਅਤ ਕਰਕੇ ‘ਬੇਲੋੜਾ ਵਿਅਕਤੀ’ ਐਲਾਨਿਆ ਗਿਆ ਹੈ ਤੇ ਉਸ ਨੂੰ 24 ਘੰਟਿਆਂ ਵਿਚ ਭਾਰਤ ਛੱਡਣ ਲਈ ਕਿਹਾ ਗਿਆ ਹੈ। ਭਾਰਤ ਨੇ 13 ਮਈ ਨੂੰ ਵੀ ਇਕ ਪਾਕਿਸਤਾਨੀ ਅਧਿਕਾਰੀ ਨੂੰ ਜਾਸੂਸੀ ਸਰਗਰਮੀਆਂ ਵਿਚ ਕਥਿਤ ਸ਼ਮੂਲੀਅਤ ਲਈ ਬਰਖਾਸਤ ਕਰ ਦਿੱਤਾ ਸੀ।

ਭਾਰਤ ਦੀ ਇਸ ਕਾਰਵਾਈ ਮਗਰੋਂ ਪਾਕਿਸਤਾਨ ਨੇ ਇਸਲਾਮਾਬਾਦ ਸਥਿਤ ਭਾਰਤੀ ਹਾਈ ਕਮਿਸ਼ਨ ਵਿਚ ਤਾਇਨਾਤ ਇਕ ਭਾਰਤੀ ਸਟਾਫਰ ਨੂੰ ਮੁਅੱਤਲ ਕਰ ਦਿੱਤਾ। ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਇਕ ਬਿਆਨ ਵਿਚ ਕਿਹਾ, ‘‘ਪਾਕਿਸਤਾਨ ਸਰਕਾਰ ਨੇ ਇਸਲਾਮਾਬਾਦ ਸਥਿਤ ਭਾਰਤੀ ਹਾਈ ਕਮਿਸ਼ਨ ਦੇ ਇਕ ਸਟਾਫਰ ਨੂੰ ਉਸ ਦੀ ਵਿਸ਼ੇਸ਼ ਅਧਿਕਾਰਾਂ ਤਹਿਤ ਮਿਲੀ ਸਥਿਤੀ ਦੇ ਉਲਟ ਸਰਗਰਮੀਆਂ ਵਿਚ ਸ਼ਮੂਲੀਅਤ ਕਰਕੇ ਬੇਲੋੜਾ ਵਿਅਕਤੀ ਐਲਾਨ ਦਿੱਤਾ ਹੈ। ਸਬੰਧਤ ਅਧਿਕਾਰੀ ਨੂੰ 24 ਘੰਟੇ ਅੰਦਰ ਪਾਕਿਸਤਾਨ ਛੱਡਣ ਲਈ ਕਿਹਾ ਗਿਆ ਹੈ।’’

ਇਸ ਫੈਸਲੇ ਦੀ ਜਾਣਕਾਰੀ ਦੇਣ ਲਈ ਇੰਚਾਰਜ ਭਾਰਤੀ ਹਾਈ ਕਮਿਸ਼ਨਰ ਨੂੰ ਵਿਦੇਸ਼ ਮੰਤਰਾਲੇ ਵਿੱਚ ਤਲਬ ਕੀਤਾ ਗਿਆ। ਬਿਆਨ ਮੁਤਾਬਕ ਇਸ ਗੱਲ ’ਤੇ ਜ਼ੋਰ ਦਿੱਤਾ ਗਿਆ ਕਿ ਭਾਰਤੀ ਹਾਈ ਕਮਿਸ਼ਨ ਦਾ ਕੋਈ ਵੀ ਡਿਪਲੋਮੈਟ ਜਾਂ ਕਰਮਚਾਰੀ ਆਪਣੇ ਵਿਸ਼ੇਸ਼ ਅਧਿਕਾਰਾਂ ਅਤੇ ਅਹੁਦੇ ਦੀ ਕਿਸੇ ਵੀ ਤਰੀਕੇ ਨਾਲ ਦੁਰਵਰਤੋਂ ਨਹੀਂ ਕਰੇਗਾ।

ਪਹਿਲਗਾਮ ਵਿੱਚ ਹੋਏ ਦਹਿਸ਼ਤੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਹੋਰ ਵਧ ਗਿਆ ਹੈ। ਇਸ ਹਮਲੇ ਵਿੱਚ 26 ਲੋਕਾਂ ਦੀ ਜਾਨ ਚਲੀ ਗਈ। ਪਹਿਲਗਾਮ ਹਮਲੇ ਦੇ ਜਵਾਬ ਵਿੱਚ, ਭਾਰਤ ਨੇ ਪਾਕਿਸਤਾਨ ਅਤੇ ਮਕਬੂਜ਼ਾ ਕਸ਼ਮੀਰ ਵਿੱਚ ਦਹਿਸ਼ਤੀ ਢਾਂਚਿਆਂ ’ਤੇ ਸਟੀਕ ਹਮਲੇ ਕੀਤੇ। ਇਸ ਤੋਂ ਬਾਅਦ ਪਾਕਿਸਤਾਨ ਨੇ 8, 9 ਅਤੇ 10 ਮਈ ਨੂੰ ਭਾਰਤੀ ਫੌਜੀ ਟਿਕਾਣਿਆਂ ’ਤੇ ਹਮਲੇ ਦੀ ਕੋਸ਼ਿਸ਼ ਕੀਤੀ। ਭਾਰਤ ਨੇ ਪਾਕਿਸਤਾਨ ਦੀ ਇਸ ਕਾਰਵਾਈ ਦਾ ਸਖ਼ਤ ਜਵਾਬ ਦਿੱਤਾ। 10 ਮਈ ਨੂੰ ਦੋਵਾਂ ਧਿਰਾਂ ਦੇ ਮਿਲਟਰੀ ਆਪ੍ਰੇਸ਼ਨਾਂ ਦੇ ਡਾਇਰੈਕਟਰ ਜਨਰਲਾਂ (DGMO’s) ਵਿਚਕਾਰ ਹੋਈ ਗੱਲਬਾਤ ਤੋਂ ਬਾਅਦ ਫੌਜੀ ਕਾਰਵਾਈਆਂ ਨੂੰ ਰੋਕਣ ਲਈ ਇੱਕ ਸਮਝੌਤਾ ਹੋਇਆ ਸੀ।

Share: