ਉਪ ਰਾਜਪਾਲ ਮਨੋਜ ਸਿਨਹਾ ਵੱਲੋਂ ਜੰਮੂ ਕਸ਼ਮੀਰ ਦੇ ਸੁਰੱਖਿਆ ਹਾਲਾਤ ਦੀ ਸਮੀਖਿਆ

ਉਪ ਰਾਜਪਾਲ ਮਨੋਜ ਸਿਨਹਾ ਵੱਲੋਂ ਜੰਮੂ ਕਸ਼ਮੀਰ ਦੇ ਸੁਰੱਖਿਆ ਹਾਲਾਤ ਦੀ ਸਮੀਖਿਆ

ਜੰਮੂ : ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਅੱਜ ਕੇਂਦਰ ਸ਼ਾਸਿਤ ਪ੍ਰਦੇਸ਼ ਵਿਚ ਮੌਜੂਦਾ ਸੁਰੱਖਿਆ ਹਾਲਾਤ ਦੀ ਸਮੀਖਿਆ ਨੂੰ ਲੈ ਕੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਬੈਠਕ ਦੌਰਾਨ ਉਨ੍ਹਾਂ ਪਾਕਿਸਤਾਨ ਦੇ ਹਵਾਲੇ ਨਾਲ ਸਰਹੱਦ ਪਾਰੋਂ ਸਿਰ ਚੁੱਕ ਰਹੇ ਅਤਿਵਾਦ ਦੇ ਖਾਤਮੇ ਨੂੰ ਦੇਸ਼ ਤੇ ਜੰਮੂ ਕਸ਼ਮੀਰ ਦੇ ਲੋਕਾਂ ਦਾ ਸਾਂਝਾ ਅਹਿਦ ਦੱਸਿਆ।

ਬੈਠਕ ਵਿੱਚ ਜੰਮੂ ਕਸ਼ਮੀਰ ਦੇ ਡੀਜੀਪੀ ਨਲਿਨ ਪ੍ਰਭਾਤ, ਪ੍ਰਮੁੱਖ ਸਕੱਤਰ (ਗ੍ਰਹਿ) ਚੰਦਰਾਕਰ ਭਾਰਤੀ, ਏਡੀਜੀਪੀ ਸੀਆਈਡੀ ਨਿਤੀਸ਼ ਕੁਮਾਰ, ਉਪ ਰਾਜਪਾਲ ਦੇ ਪ੍ਰਮੁੱਖ ਸਕੱਤਰ ਡਾ. ਮਨਦੀਪ ਕੇ. ਭੰਡਾਰੀ, ਆਈਜੀਪੀ ਭੀਮ ਸੇਨ ਟੂਟੀ ਅਤੇ ਡੀਆਈਜੀ ਜੰਮੂ-ਸਾਂਬਾ-ਕਠੂਆ ਰੇਂਜ ਸ਼ਿਵ ਕੁਮਾਰ ਸ਼ਰਮਾ ਸ਼ਾਮਲ ਸਨ।

ਉਪ ਰਾਜਪਾਲ ਨੇ ਜੰਮੂ ਕਸ਼ਮੀਰ ’ਚੋਂ ਅਤਿਵਾਦ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਮਜ਼ਬੂਤ ​​ਅਤੇ ਤਾਲਮੇਲ ਵਾਲੇ ਉਪਾਅ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ, ‘‘ਇਹ ਜੰਮੂ-ਕਸ਼ਮੀਰ ਦੇ ਲੋਕਾਂ ਅਤੇ ਦੇਸ਼ ਦਾ ਸਮੂਹਿਕ ਸੰਕਲਪ ਹੈ ਕਿ ਸਾਡੇ ਗੁਆਂਢ ਮੱਥੇ ਤੋਂ ਸਿਰ ਚੁੱਕ ਰਹੇ ਅਤਿਵਾਦ ਨੂੰ ਜੜ੍ਹੋਂ ਖ਼ਤਮ ਕੀਤਾ ਜਾਵੇ। ਸਾਨੂੰ ਇਸ ਮਿਸ਼ਨ ਨੂੰ ਪੂਰਾ ਕਰਨ ਲਈ ਦ੍ਰਿੜ ਹੋਣਾ ਚਾਹੀਦਾ ਹੈ।’’

ਉਨ੍ਹਾਂ ਕਿਹਾ ਕਿ ਆਮ ਆਦਮੀ ਵਿਚ ਸੁਰੱਖਿਆ ਦੀ ਭਾਵਨਾ ਯਕੀਨੀ ਬਣਾਉਣਾ ਸਾਡੀ ਤਰਜੀਹ ਹੋਣੀ ਚਾਹੀਦੀ ਹੈ। ਉਪ ਰਾਜਪਾਲ ਨੇ ਸੁਰੱਖਿਆ ਗਰਿੱਡ ਨੂੰ ਹੋਰ ਮਜ਼ਬੂਤ ​​ਕਰਨ ਦੇ ਨਿਰਦੇਸ਼ ਵੀ ਦਿੱਤੇ ਅਤੇ ਸੁਰੱਖਿਆ ਏਜੰਸੀਆਂ ਵਿੱਚ ਬਿਹਤਰ ਤਾਲਮੇਲ ਦੀ ਲੋੜ ’ਤੇ ਜ਼ੋਰ ਦਿੱਤਾ।

Share: