ਮੁਰਮੂ, ਮੋਦੀ ਤੇ ਰਾਜਨਾਥ ਵੱਲੋਂ ਧਨਖੜ ਨੂੰ ਜਨਮ ਦਿਨ ਦੀਆਂ ਵਧਾਈਆਂ

ਮੁਰਮੂ, ਮੋਦੀ ਤੇ ਰਾਜਨਾਥ ਵੱਲੋਂ ਧਨਖੜ ਨੂੰ ਜਨਮ ਦਿਨ ਦੀਆਂ ਵਧਾਈਆਂ

ਨਵੀਂ ਦਿੱਲੀ : ਰਾਸ਼ਟਰਪਤੀ ਦਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ। ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਧਨਖੜ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੰਦਿਆਂ ਕਈ ਸਾਲਾਂ ਤੱਕ ਦੇਸ਼ ਸੇਵਾ ਵਿੱਚ ਰਹਿਣ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। ਮੁਰਮੂ ਨੇ ‘ਐਕਸ’ ਉੱਤੇ ਪਾਈ ਇਕ ਪੋਸਟ ਵਿੱਚ ਕਿਹਾ, ‘‘ਭਾਰਤ ਦੇ ਉਪ ਰਾਸ਼ਟਰਪਤੀ ਸ੍ਰੀ ਜਗਦੀਪ ਧਨਖੜ ਜੀ ਨੂੰ ਦਿਲੀ ਮੁਬਾਰਕਬਾਦ ਅਤੇ ਸ਼ੁਭਕਾਮਨਾਵਾਂ। ਮੈਂ ਉਨ੍ਹਾਂ ਦੀ ਚੰਗੀ ਸਿਹਤ ਅਤੇ ਕਾਫੀ ਸਾਲਾਂ ਤੱਕ ਦੇਸ਼ ਦੀ ਸੇਵਾ ਕਰਦੇ ਰਹਿਣ ਦੀ ਕਾਮਨਾ ਕਰਦੀ ਹਾਂ।’’ ਉੱਧਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਉਪ ਰਾਸ਼ਟਰਪਤੀ ਨੂੰ ਅੱਜ ਉਨ੍ਹਾਂ ਦੇ ਜਨਮ ਦਿਨ ਮੌਕੇ ਮੁਬਾਰਕਬਾਦ ਦਿੱਤੀ। ਮੋਦੀ ਨੇ ‘ਐਕਸ’ ਉੱਤੇ ਪਾਈ ਇਕ ਪੋਸਟ ਵਿੱਚ ਕਿਹਾ ਕਿ ਰਾਜ ਸਭਾ ਨੂੰ ਵਧੇਰੇ ਸੁਚਾਰੂ ਢੰਗ ਨਾਲ ਚਲਾਉਣ ਲਈ ਉਪ ਰਾਸ਼ਟਰਪਤੀ ਧਨਖੜ ਨੇ ਸ਼ਲਾਘਾਯੋਗ ਕੋਸ਼ਿਸ਼ਾਂ ਕੀਤੀਆਂ ਹਨ।’’ ਪ੍ਰਧਾਨ ਮੰਤਰੀ ਨੇ ‘ਐਕਸ’ ਉੱਤੇ ਕਿਹਾ, ‘‘ਸਾਡੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਜੀ ਨੂੰ ਉਨ੍ਹਾਂ ਦੇ ਜਨਮ ਦਿਨ ’ਤੇ ਮੁਬਾਰਕਬਾਦ। ਉਨ੍ਹਾਂ ਨੂੰ ਸਾਡੇ ਸੰਵਿਧਾਨ ਦਾ ਸ਼ਾਨਦਾਰ ਗਿਆਨ ਹੈ, ਜੋ ਕਿ ਉਨ੍ਹਾਂ ਵੱਲੋਂ ਸਾਲਾਂ ਤੱਕ ਇਕ ਵਕੀਲ ਵਜੋਂ ਕੀਤੇ ਗਏ ਕੰਮ ਦੇ ਤਜਰਬੇ ਨੂੰ ਦਰਸਾਉਂਦਾ ਹੈ। ਸਮਾਜ ਸੇਵਾ ਵਿੱਚ ਵੀ ਉਨ੍ਹਾਂ ਦੀ ਬੇਅੰਤ ਦਿਲਚਸਪੀ ਹੈ। ਉਨ੍ਹਾਂ ਦੀ ਲੰਬੀ ਉਮਰ ਤੇ ਚੰਗੀ ਸਿਹਤ ਦੀ ਕਾਮਨਾ ਕਰਦਾ ਹਾਂ।’’ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀ ਅੱਜ ਉਪ ਰਾਸ਼ਟਰਪਤੀ ਜਗਦੀਪ ਧਨਖੜ ਦੀ ਰਿਹਾਇਸ਼ ਵਿਖੇ ਪਹੁੰਚ ਕੇ ਨਿੱਜੀ ਤੌਰ ’ਤੇ ਉਨ੍ਹਾਂ ਨੂੰ ਜਨਮ ਦਿਨ ਦੀਆਂ ਮੁਬਾਰਕਾਂ ਦਿੱਤੀਆਂ। ਇਸੇ ਦੌਰਾਨ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਵੀ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ।

Share: