ਨਵੀਂ ਦਿੱਲੀ : ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਬੁੱਧਵਾਰ ਨੂੰ ਕਿਹਾ ਕਿ ਆਪ੍ਰੇਸ਼ਨ ਸਿੰਦੂਰ ਤਹਿਤ ਨਿਰਧਾਰਿਤ ਟੀਚਿਆਂ ਨੂੰ ਯੋਜਨਾ ਮੁਤਾਬਕ ਪੂਰੀ ਸਟੀਕਤਾ ਨਾਲ ਤਬਾਹ ਕੀਤਾ ਗਿਆ ਤੇ ਇਸ ਦੌਰਾਨ ਸਿਰਫ਼ ਉਨ੍ਹਾਂ ਲੋਕਾਂ ਨੂੰ ਨਿਸ਼ਾਨਾ ਬਣਾਇਆ ਗਿਆ ਜਿਨ੍ਹਾਂ ਬੇਕਸੂਰਾਂ ਨੂੰ ਮੌਤ ਦੇ ਘਾਟ ਉਤਾਰਿਆ ਸੀ।
ਭਾਰਤੀ ਫੌਜ ਵੱਲੋਂ ਪਾਕਿਸਤਾਨ ਅਤੇ ਮਕਬੂਜ਼ਾ ਕਸ਼ਮੀਰ ਵਿੱਚ ਨੌਂ ਅਤਿਵਾਦੀ ਟਿਕਾਣਿਆਂ ’ਤੇ ਕੀਤੇ ਗਏ ਹਮਲੇ ਤੋਂ ਕੁਝ ਘੰਟਿਆਂ ਬਾਅਦ ਸਿੰਘ ਨੇ ਹਥਿਆਰਬੰਦ ਬਲਾਂ ਦੀ ਜਵਾਬੀ ਕਾਰਵਾਈ ਦੀ ਸ਼ਲਾਘਾ ਕਰਦਿਆਂ ਕਿਹਾ, ‘‘ਭਾਰਤ ਨੇ ਆਪਣੀ ਸਰਜ਼ਮੀਨ ’ਤੇ ਹੋਏ ਹਮਲੇ ਦਾ ‘ਜਵਾਬ ਦੇਣ ਦੇ ਅਧਿਕਾਰ’ ਦੀ ਵਰਤੋਂ ਕੀਤੀ ਹੈ। ਸਾਡੀ ਕਾਰਵਾਈ ਬਹੁਤ ਗਿਣੀ ਮਿੱਥੀ ਤੇ ਸੰਤੁਲਤ ਸੀ।’’ ਸਿੰਘ ਨੇ ਛੇ ਰਾਜਾਂ ਅਤੇ ਦੋ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਬਾਰਡਰ ਰੋਡਜ਼ ਆਰਗੇਨਾਈਜ਼ੇਸ਼ਨ ਦੇ 50 ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੇ ਉਦਘਾਟਨ ਮੌਕੇ ਕਿਹਾ, ‘‘ਅਸੀਂ ਸਿਰਫ਼ ਉਨ੍ਹਾਂ ਨੂੰ ਹੀ ਮਾਰਿਆ ਜਿਨ੍ਹਾਂ ਨੇ ਸਾਡੇ ਬੇਕਸੂਰਾਂ ਨੂੰ ਮਾਰਿਆ।’’ ਉਨ੍ਹਾਂ ਕਿਹਾ, ‘‘ਦਹਿਸ਼ਤਗਰਦਾਂ ਦਾ ਮਨੋਬਲ ਤੋੜਨ ਦੇ ਉਦੇਸ਼ ਨਾਲ, ਇਹ ਕਾਰਵਾਈ ਸਿਰਫ਼ ਉਨ੍ਹਾਂ ਦੇ ਕੈਂਪਾਂ ਅਤੇ ਹੋਰ ਬੁਨਿਆਦੀ ਢਾਂਚੇ ਤੱਕ ਸੀਮਤ ਕੀਤੀ ਗਈ ਹੈ।’’
ਸਿੰਘ ਨੇ ਕਿਹਾ ਕਿ ਭਾਰਤੀ ਫੌਜ ਨੇ ਸਟੀਕਤਾ, ਚੌਕਸੀ ਅਤੇ ਸੰਵੇਦਨਸ਼ੀਲਤਾ ਨਾਲ ਕੰਮ ਕੀਤਾ ਹੈ। ਉਨ੍ਹਾਂ ਅੱਗੇ ਕਿਹਾ, ‘‘ਅਸੀਂ ਕਿਸੇ ਵੀ ਗੈਰ-ਫੌਜੀ ਆਬਾਦੀ ਨੂੰ ਬਿਲਕੁਲ ਵੀ ਪ੍ਰਭਾਵਿਤ ਨਾ ਹੋਣ ਦੇ ਕੇ ਸੰਵੇਦਨਸ਼ੀਲਤਾ ਦਿਖਾਈ ਹੈ।’’ ਰੱਖਿਆ ਮੰਤਰੀ ਨੇ ਕਿਹਾ, ‘‘’ਆਪ੍ਰੇਸ਼ਨ ਸਿੰਦੂਰ’ ਨਾਲ, ਸਾਡੀਆਂ ਫੌਜਾਂ ਨੇ ਅਤਿਵਾਦੀ ਸਿਖਲਾਈ ਕੈਂਪਾਂ ਨੂੰ ਤਬਾਹ ਕਰਕੇ ਢੁਕਵਾਂ ਜਵਾਬ ਦਿੱਤਾ ਹੈ…ਮੈਂ ਆਪਣੇ ਹਥਿਆਰਬੰਦ ਬਲਾਂ ਦੀ ਬਹਾਦਰੀ ਨੂੰ ਸਲਾਮ ਕਰਦਾ ਹਾਂ।’’